Thursday, June 25Malwa News
Shadow

ਮੁੱਖ ਮੰਤਰੀ ਪੰਜਾਬ ਵਲੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ, ਸ਼ਲਾਘਯੋਗ ਫੈਸਲਾ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 25 ਜੂਨ  (    ) ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਪੰਚਾਇਤਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਵੱਡਾ ਐਲਾਨ ਕੀਤਾ ਹੈ ਅਤੇ 15 ਅਗਸਤ ਤੋਂ ਪੰਜਾਬ ਦੇ ਸਾਰੇ ਸਰਪੰਚਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਸ ਵਿਸ਼ੇਸ਼ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੌਜੂਦਾ ਸਮੇਂ ਮਿਲ ਰਹੇ 2,000 ਰੁਪਏ ਮਾਣਭੱਤੇ ਵਿਚ ਪੰਜ ਗੁਣਾ ਵਾਧਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਰਪੰਚ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਨ-ਰਾਤ ਕੰਮ ਕਰਦੇ ਹਨ, ਇਸ ਲਈ ਉਹ ਅਣਮੁੱਲੇ ਮਾਣ-ਸਤਿਕਾਰ ਦੇ ਹੱਕਦਾਰ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸਰਪੰਚਾਂ ਨੂੰ ਅਗਸਤ ਮਹੀਨੇ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆਂ ਜਾਂਦਾ ਹੈ, ਕਿਉਂਕਿ ਉਨ੍ਹਾਂ ਕੋਲ ਅਥਾਹ ਤਾਕਤ ਹੁੰਦੀ ਹੈ, ਉਨ੍ਹਾਂ ਦੇ ਫ਼ੈਸਲਿਆਂ ਦਾ ਪੂਰੇ ਪਿੰਡ ਵਲੋਂ ਪਾਲਣ ਕੀਤਾ ਜਾਂਦਾ ਹੈ। ਇਸ ਕਰਕੇ ਪਿੰਡ ਵਾਸੀਆਂ ਦੇ ਹਿਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਾ ਸਰਪੰਚਾਂ ਦਾ ਮੁਢਲਾ ਫ਼ਰਜ਼ ਹੈ।

ਉਨ੍ਹਾਂ ਹਲਕੇ ਦੇ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਿੰਡਾਂ ਵਿੱਚ ਚਹੁਮੁਖੀ ਵਿਕਾਸ ਕਾਰਜਾਂ ਲਈ ਹੋਰ ਮਿਹਨਤ ਕਰਨ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਫ਼ੰਡਾਂ ਦੀ ਵਰਤੋਂ ਪੂਰੀ ਪਾਰਦਰਸ਼ਤਾ ਨਾਲ ਕਰਨ ਤਾਂ ਜੋ ਟੈਕਸ ਦਾਤਾਵਾਂ ਦੇ ਇਕ-ਇਕ ਪੈਸੇ ਦੀ ਸਹੀ ਵਰਤੋਂ ਹੋ ਸਕੇ।

ਵਿਧਾਇਕ ਸ਼ੈਰੀ ਕਲਸੀ ਨੇ ਸਰਪੰਚਾਂ ਨੂੰ ਨਸ਼ਾ ਮੁਕਤੀ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਪਿੰਡ ਪੱਧਰ ‘ਤੇ ਹੋਰਯਤਨ ਤੇਜ਼ ਕਰਨ ਦੀ ਲੋੜ ਹੈ। ਇਸ ਲਈ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਮਾਜਿਕ ਬੁਰਾਈ ਨਸ਼ੇ ਨੂੰ ਖਤਮ ਕਰਨ ਲਈ ਰਲ ਕੇ ਹੰਭਲੇ ਮਾਰੇ ਜਾਣ।