Friday, July 17Malwa News
Shadow

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਚੰਡੀਗੜ੍ਹ, 17 ਜੁਲਾਈ : ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, ਸੂਬੇ  ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 19 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰਾਂ ਨੂੰ ਆਪਣੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਮਿਲੇਗੀ।

ਸੂਬੇ ਦੇ ਵੋਟਰਾਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ, ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ ਨੇ ਵੋਟਰਾਂ ਨੂੰ ਅਪੀਲ ਕੀਤੀ, “ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ  ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਜਾਓ। ਹਰੇਕ ਯੋਗ ਵੋਟਰ ਦਾ ਨਾਮ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।”

ਉਨ੍ਹਾਂ ਅੱਗੇ ਕਿਹਾ ਕਿ ਬੂਥ ਲੈਵਲ ਅਫ਼ਸਰ (ਬੀਐਲਓ) ਵੋਟਰਾਂ ਦੀ ਇਸ ਪ੍ਰਕਿਰਿਆ ਵਿੱਚ ਸਹਾਇਤਾ ਲਈ ਸਾਰੇ ਨਿਰਧਾਰਤ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ।