
ਫਾਜ਼ਿਲਕਾ, 19 ਅਗਸਤ:- ਪੰਜਾਬ ਮੰਡੀ ਬੋਰਡ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਮਾਰਕਿਟ ਕਮੇਟੀ ਫਾਜ਼ਿਲਕਾ ਦੇ ਨੋਟੀਫਾਈਡ ਏਰੀਏ ਅੰਦਰ ਖੇਤੀਬਾੜੀ ਦਾ ਕੰਮ ਕਰਦੇ ਹੋਏ ਖੇਤੀਬਾੜੀ ਮਸ਼ੀਨਰੀ ਨਾਲ ਹਾਦਸਾਗ੍ਰਸਤ ਹੋਏ ਪੀੜਤਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 4 ਲੱਖ 20 ਹਜ਼ਾਰ ਰੁਪਏ ਦੇ ਚੈੱਕ ਵੰਡੇ ਗਏ।ਇਹ ਚੈੱਕ ਚੇਅਰਮੈਨ ਮਾਰਕਿਟ ਕਮੇਟੀ ਫਾਜ਼ਿਲਕਾ ਸ਼੍ਰੀ ਪਰਮਜੀਤ ਸਿੰਘ ਨੂਰਸ਼ਾਹ ਵੱਲੋਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪੇ ਗਏ।
ਇਸ ਮੌਕੇ ਉਨ੍ਹਾਂ ਦੇ ਨਾਲ ਸਕੱਤਰ ਮਾਰਕਿਟ ਕਮੇਟੀ ਫਾਜ਼ਿਲਕਾ ਸ਼੍ਰੀ ਮਨਦੀਪ ਕਾਮਰਾ, ਸ਼੍ਰੀ ਸੰਦੀਪ ਕੁਮਾਰ, ਲੇਖਾਕਾਰ ਅਤੇ ਸ਼੍ਰੀ ਅਰਵਿੰਦ ਕੁਮਾਰ, ਕਲਰਕ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ ਨੇ ਕਿਹਾ ਕਿ ਖੇਤਾਂ ਵਿੱਚ ਕੰਮ ਕਰਦੇ ਸਮੇਂ ਹਾਦਸਾਗ੍ਰਸਤ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਦੇਣਾ ਸਾਡਾ ਫ਼ਰਜ਼ ਹੈ। ਪੰਜਾਬ ਸਰਕਾਰ ਅਤੇ ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਅਜਿਹੇ ਪੀੜਤਾਂ ਨੂੰ ਜਲਦੀ ਤੋਂ ਜਲਦੀ ਰਾਹਤ ਦੇਣ ਲਈ ਕਮੇਟੀ ਵਚਨਬੱਧ ਹੈ।ਉਨ੍ਹਾਂ ਅਪੀਲ ਕੀਤੀ ਕਿ ਖੇਤੀਬਾੜੀ ਮਸ਼ੀਨਰੀ ਚਲਾਉਂਦੇ ਸਮੇਂ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।