Friday, August 21Malwa News
Shadow

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

ਹੁਸ਼ਿਆਰਪੁਰ, 21 ਅਗਸਤ: ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੇ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਦੇ ਕੰਮ ਦੀ ਰਫ਼ਤਾਰ ਹੋਰ ਤੇਜ ਕਰਨ ਅਤੇ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਹਰ ਲਾਭਪਾਤਰੀ ਤੱਕ ਪੁੱਜਦਾ ਕਰਨ ਦੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸਿੱਖਿਆ ਖੇਤਰ, ਪੇਂਡੂ ਵਿਕਾਸ ਅਤੇ ਸਮਾਜਿਕ ਸੁਰੱਖਿਆ ਨਾਲ ਸਬੰਧਤ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਮਨਜ਼ੂਰ ਹੋ ਚੁੱਕੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੇ ਵਿਧਾਇਕ ਨੂੰ ਦੱਸਿਆ ਕਿ  ਪੰਜ ਸਿੱਖਿਆ ਬਲਾਕਾਂ ਦੇ ਕੁੱਲ 19,772 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਇਸ ਉਪਰਾਲੇ ਤਹਿਤ ਕੁੱਲ 1.18 ਕਰੋੜ ਰੁਪਏ ਦੀ ਰਾਸ਼ੀ ਖ਼ਰਚੀ ਗਈ ਹੈ। ਡਾ. ਇਸ਼ਾਂਕ ਕੁਮਾਰ ਨੂੰ  ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸਕੂਲ ਆਫ਼ ਹੈਪੀਨੈੱਸ ਪਹਿਲਕਦਮੀ ਤਹਿਤ ਮੋਨਾ ਕਲਾਂ, ਪੱਟੀ, ਮਹਿਣਾ ਅਤੇ ਚੱਬੇਵਾਲ ਦੇ ਚਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਚੋਣ ਕੀਤੀ ਗਈ ਹੈ। ਹਰੇਕ ਸਕੂਲ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ, ਜਿਸ ਨਾਲ ਕੁੱਲ 40 ਲੱਖ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 2025-26 ਦੇ ਰਿਪੇਅਰ ਅਤੇ ਮੇਨਟੀਨੈਂਸ ਪ੍ਰੋਗਰਾਮ ਤਹਿਤ 10 ਸਰਕਾਰੀ ਪ੍ਰਾਇਮਰੀ ਸਕੂਲਾਂ ਲਈ ਲਗਭਗ 18.73 ਲੱਖ ਰੁਪਏ ਦੇ ਸਿਵਲ ਕੰਮ ਮਨਜ਼ੂਰ ਕੀਤੇ ਗਏ ਹਨ।

ਇਸ ਤੋਂ ਇਲਾਵਾ 25 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਨਵੀਆਂ ਚਾਰਦੀਵਾਰੀਆਂ ਬਣਾਉਣ ਲਈ ਵੀ ਚੋਣ ਕੀਤੀ ਗਈ ਹੈ, ਜਿਸ ਲਈ 87.45 ਲੱਖ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ। ਵਿਧਾਇਕ ਨੇ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਦੀ  ਗੁਣਵੱਤਾ ਦਾ ਖਾਸ ਖਿਆਲ ਰੱਖਣ ਅਤੇ ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਡਾ. ਇਸ਼ਾਂਕ ਕੁਮਾਰ ਨੇ ਵਿਧਾਨ ਸਭਾ ਹਲਕੇ ਵਿੱਚ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਗੂ ਕਰਨ ਦੀ ਵੀ ਸਮੀਖਿਆ ਕੀਤੀ। ਸੰਬੰਧਤ ਅਧਿਕਾਰੀਆਂ ਨੇ ਦੱਸਿਆ ਕਿ ਵੱਖ-ਵੱਖ ਸਕੀਮਾਂ ਤਹਿਤ 28,083 ਲਾਭਪਾਤਰੀਆਂ ਨੂੰ ਲਾਭ ਮਿਲ ਰਿਹਾ ਹੈ ਜਿਨ੍ਹਾਂ ਵਿਚ 17,425 ਲਾਭਪਾਤਰੀ ਬੁਢਾਪਾ ਪੈਨਸ਼ਨ, 6,656 ਲਾਭਪਾਤਰੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵਿੱਤੀ ਸਹਾਇਤਾ, 1,434 ਲਾਭਪਾਤਰੀ ਆਸ਼ਰਿਤ ਬੱਚਿਆਂ ਲਈ ਵਿੱਤੀ ਸਹਾਇਤਾ ਅਤੇ 2,568 ਲਾਭਪਾਤਰੀ ਦਿਵਿਆਂਗ ਵਿਅਕਤੀਆਂ ਲਈ ਵਿੱਤੀ ਸਹਾਇਤਾ ਤਹਿਤ ਲਾਭ ਪ੍ਰਾਪਤ ਕਰ ਰਹੇ ਹਨ। ਵਿਧਾਇਕ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਲਾਭ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇ।

ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਸਮੀਖਿਆ ਦਾ ਮੁੱਖ ਉਦੇਸ਼ ਵਿਕਾਸ ਪ੍ਰਾਜੈਕਟਾਂ ਅਤੇ ਭਲਾਈ ਸਕੀਮਾਂ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਨੂੰ ਯਕੀਨੀ ਬਣਾਉਣਾ ਅਤੇ ਉਨ੍ਹਾਂ ਦੀ ਪ੍ਰਗਤੀ ਵਿੱਚ ਆ ਰਹੀਆਂ ਰੁਕਾਵਟਾਂ ਦੀ ਸ਼ਨਾਖਤ ਕਰਕੇ ਢੁੱਕਵਾਂ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਗੁਣਵੱਤਾ, ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕਰਵਾਏ ਜਾਣੇ ਚਾਹੀਦੇ ਹਨ ਅਤੇ ਹਰ ਯੋਗ ਵਸਨੀਕ ਤੱਕ ਸਰਕਾਰੀ ਸਕੀਮਾਂ ਦਾ ਲਾਭ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਪਹੁੰਚਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਨਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।