
ਸ੍ਰੀ ਚਮਕੌਰ ਸਾਹਿਬ, 5 ਸਤੰਬਰ: ਪੀ.ਐੱਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ, ਸ੍ਰੀ ਚਮਕੌਰ ਸਾਹਿਬ (ਰੂਪਨਗਰ) ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਅਤੇ ਮਹਾਨ ਸਿੱਖਿਆ-ਸ਼ਾਸਤਰੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਜੈਅੰਤੀ ਨੂੰ ਸਮਰਪਿਤ ਅਧਿਆਪਕ ਦਿਵਸ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ।
ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਤਨਪਾਲ ਗੁਪਤਾ ਵੱਲੋਂ ਦੀਵਾ ਜਗਾ ਕੇ ਅਤੇ ਡਾ. ਰਾਧਾਕ੍ਰਿਸ਼ਨਨ ਦੇ ਚਿੱਤਰ ’ਤੇ ਫੁੱਲ ਭੇਟ ਕਰਕੇ ਕੀਤੀ ਗਈ।
ਇਸ ਮੌਕੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਰਸਮੀ ਪਹਿਰਾਵਾ ਧਾਰਨ ਕਰਕੇ ਇੱਕ ਦਿਨ ਲਈ ਅਧਿਆਪਕਾਂ ਦੀ ਭੂਮਿਕਾ ਨਿਭਾਈ। ਵਿਦਿਆਰਥੀ-ਅਧਿਆਪਕਾਂ ਨੇ ਹੇਠਲੀਆਂ ਜਮਾਤਾਂ ਵਿੱਚ ਜਾ ਕੇ ਪੜ੍ਹਾਉਣ ਦੇ ਨਾਲ-ਨਾਲ ਪੂਰੇ ਦਿਨ ਸਕੂਲ ਦੀ ਪ੍ਰਬੰਧਕੀ ਵਿਵਸਥਾ ਅਤੇ ਅਨੁਸ਼ਾਸਨ ਨੂੰ ਵੀ ਸੁਚੱਜੇ ਢੰਗ ਨਾਲ ਸੰਭਾਲਿਆ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਅਧਿਆਪਕਾਂ ਦੀ ਮਿਹਨਤ, ਜ਼ਿੰਮੇਵਾਰੀ ਅਤੇ ਸਮਰਪਣ ਨੂੰ ਨੇੜਿਓਂ ਸਮਝਣ ਦਾ ਮੌਕਾ ਮਿਲਿਆ।
ਸ਼ਾਮ ਨੂੰ ਅਧਿਆਪਕਾਂ ਦੇ ਸਨਮਾਨ ਵਿੱਚ ਰੰਗਾਰੰਗ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਵਿਦਿਆਰਥੀਆਂ ਨੇ ਅਧਿਆਪਕਾਂ ਦੀ ਮਹੱਤਤਾ ਅਤੇ ਗੁਰੂ ਦੀ ਮਹਿਮਾ ਨਾਲ ਸਬੰਧਤ ਭਾਸ਼ਣ, ਗੀਤ ਅਤੇ ਸਮੂਹਿਕ ਨਾਚ ਪੇਸ਼ ਕਰਕੇ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ।
ਸੱਭਿਆਚਾਰਕ ਪ੍ਰੋਗਰਾਮ ਤੋਂ ਬਾਅਦ ਅਧਿਆਪਕਾਂ ਲਈ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ, ਜਿਸ ਵਿੱਚ ਸਮੂਹ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਪ੍ਰਬੰਧਨ ਅਤੇ ਵਿਦਿਆਰਥੀ ਕੌਂਸਲ ਵੱਲੋਂ ਸਮੂਹ ਅਧਿਆਪਕਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਸ੍ਰੀ ਰਤਨਪਾਲ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਅਧਿਆਪਕਾਂ ਵੱਲੋਂ ਦਿਖਾਏ ਸਹੀ ਮਾਰਗ ’ਤੇ ਚੱਲਣ ਅਤੇ ਆਪਣੇ ਜੀਵਨ ਵਿੱਚ ਉੱਚੇ ਆਦਰਸ਼ ਅਪਣਾਉਣ ਲਈ ਪ੍ਰੇਰਿਤ ਕੀਤਾ।
ਉਪ-ਪ੍ਰਿੰਸੀਪਲ ਸ੍ਰੀ ਕੇ. ਕੇ. ਸੂਦ ਨੇ ਵੀ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸੱਭਿਆਚਾਰਕ ਸਮਾਗਮ ਦੇ ਅੰਤ ਵਿੱਚ ਸਕੂਲ ਦੇ ਸੀਨੀਅਰਤਮ ਅਧਿਆਪਕ ਸ੍ਰੀ ਦਿਨੇਸ਼ ਸਿੰਘ ਰਾਠੌੜ ਨੇ ਸਭ ਦਾ ਧੰਨਵਾਦ ਕੀਤਾ।