Saturday, September 26Malwa News
Shadow

ਵਿਰਾਸਤ ਏ ਖਾਲਸਾ ਦੇਖਣ ਆਏ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨਾਲ ਸਿੱਖਿਆ ਮੰਤਰੀ ਨੇ ਕੀਤੀ ਮੁਲਾਕਾਤ

ਸ੍ਰੀ ਅਨੰਦਪੁਰ ਸਾਹਿਬ 26 ਸਤੰਬਰ: ਵਿਰਾਸਤ-ਏ-ਖਾਲਸਾ ਵਿਖੇ ਪਹੁੰਚੇ ਪੀ.ਐੱਮ. ਸ਼੍ਰੀ ਸਰਕਾਰੀ ਹਾਈ ਸਕੂਲ, ਚਚੋਕੀ, ਫਗਵਾੜਾ ਦੇ ਵਿਦਿਆਰਥੀਆਂ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਅੱਜ ਅਚਾਨਕ ਮੁਲਾਕਾਤ ਕੀਤੀ। ਸਿੱਖਿਆ ਮੰਤਰੀ ਆਪਣੇ ਜ਼ਰੂਰੀ ਰੁਝੇਵਿਆਂ ਕਾਰਨ ਵਿਰਾਸਤ-ਏ-ਖਾਲਸਾ ਤੋਂ ਬਾਹਰ ਆ ਰਹੇ ਸਨ ਤਾਂ ਉਨ੍ਹਾਂ ਦੀ ਨਜ਼ਰ ਵਿਰਾਸਤ-ਏ-ਖਾਲਸਾ ਦੇਖਣ ਲਈ ਪਹੁੰਚੇ ਲਗਭਗ 400 ਸਕੂਲੀ ਵਿਦਿਆਰਥੀਆਂ ’ਤੇ ਪਈ। ਵਿਦਿਆਰਥੀਆਂ ਨੂੰ ਦੇਖਦਿਆਂ ਸ੍ਰ.ਬੈਂਸ ਤੁਰੰਤ ਉਨ੍ਹਾਂ ਕੋਲ ਪਹੁੰਚੇ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਪੜ੍ਹਾਈ ਅਤੇ ਸਕੂਲ ਸਬੰਧੀ ਜਾਣਕਾਰੀ ਹਾਸਲ ਕੀਤੀ।

           ਇਸ ਮੌਕੇ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਤੋਂ ਉਨ੍ਹਾਂ ਦੇ ਸਕੂਲ ਵਿੱਚ ਉਪਲਬਧ ਸਹੂਲਤਾਂ, ਪੜ੍ਹਾਈ ਦੇ ਮਾਹੌਲ ਅਤੇ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਹੋਏ ਬਦਲਾਅ ਬਾਰੇ ਜਾਣਕਾਰੀ ਲਈ। ਵਿਦਿਆਰਥੀਆਂ ਨੇ ਦੱਸਿਆ ਕਿ ਉਹ ਆਪਣੇ ਸਿੱਖਿਆ ਮੰਤਰੀ ਨੂੰ ਪਹਿਚਾਣਦੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਸੁਧਾਰਾਂ ਦਾ ਉਨ੍ਹਾਂ ਨੂੰ ਆਪਣੇ ਸਕੂਲ ਵਿੱਚ ਵੀ ਲਾਭ ਮਿਲ ਰਿਹਾ ਹੈ। ਵਿਦਿਆਰਥੀਆਂ ਨੇ ਦੱਸਿਆ ਕਿ ਸਕੂਲ ਵਿੱਚ ਸਹੂਲਤਾਂ ਵਧਣ ਅਤੇ ਸਿੱਖਿਆ ਦਾ ਮਾਹੌਲ ਬਿਹਤਰ ਹੋਣ ਨਾਲ ਉਨ੍ਹਾਂ ਨੂੰ ਪੜ੍ਹਾਈ ਲਈ ਹੋਰ ਉਤਸ਼ਾਹ ਮਿਲ ਰਿਹਾ ਹੈ।

      ਸ੍ਰ.ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੀ ਪੜ੍ਹਾਈ ’ਤੇ ਪੂਰਾ ਧਿਆਨ ਦੇਣ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਦਾ ਅਸਲ ਮਕਸਦ ਵਿਦਿਆਰਥੀਆਂ ਨੂੰ ਵਧੀਆ ਅਤੇ ਮਿਆਰੀ ਸਿੱਖਿਆ ਲਈ ਬਿਹਤਰ ਮਾਹੌਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

         ਸਿੱਖਿਆ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਿੱਖਿਆ ਸੁਧਾਰ ਦੀ ਸਫਲਤਾ ਦਾ ਅਸਲ ਪਤਾ ਜ਼ਮੀਨੀ ਪੱਧਰ ’ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਮਿਲਣ ਵਾਲੀ ਜਾਣਕਾਰੀ ਤੋਂ ਲੱਗਦਾ ਹੈ। ਇਸ ਲਈ ਉਹ ਸਮੇਂ-ਸਮੇਂ ’ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਲੋੜਾਂ ਅਤੇ ਸੁਝਾਅ ਜਾਣਨ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਸਕੂਲ ਦੇ ਮਾਹੌਲ ਵਿੱਚ ਆਏ ਸੁਧਾਰ ਬਾਰੇ ਦਿੱਤੀ ਜਾਣਕਾਰੀ ਇਹ ਦਰਸਾਉਂਦੀ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਨੂੰ ਸਕੂਲਾਂ ਵਿੱਚ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ।

         ਵਿਰਾਸਤ-ਏ-ਖਾਲਸਾ ਦੇ ਦੌਰੇ ’ਤੇ ਆਏ ਵਿਦਿਆਰਥੀਆਂ ਨੇ ਵੀ ਸਿੱਖਿਆ ਮੰਤਰੀ ਨਾਲ ਮੁਲਾਕਾਤ ਨੂੰ ਆਪਣੇ ਲਈ ਖਾਸ ਅਨੁਭਵ ਦੱਸਿਆ। ਵਿਦਿਆਰਥੀਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਖੁਦ ਉਨ੍ਹਾਂ ਕੋਲ ਆ ਕੇ ਗੱਲਬਾਤ ਕਰਨਾ ਅਤੇ ਉਨ੍ਹਾਂ ਦੇ ਸਕੂਲ ਬਾਰੇ ਜਾਣਕਾਰੀ ਲੈਣਾ ਉਨ੍ਹਾਂ ਲਈ ਉਤਸ਼ਾਹਜਨਕ ਪਲ ਸੀ। ਸ੍ਰ. ਬੈਂਸ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਵਿਰਾਸਤ-ਏ-ਖਾਲਸਾ ਦੇ ਇਤਿਹਾਸ ਅਤੇ ਵਿਰਾਸਤ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਆਪਣੇ ਜੀਵਨ ਵਿੱਚ ਮਿਹਨਤ, ਅਨੁਸ਼ਾਸਨ ਅਤੇ ਚੰਗੇ ਗੁਣਾਂ ਨੂੰ ਅਪਣਾਉਣ।