
ਜੈਤੋ 29 ਸਤੰਬਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਖੇਡ ਸਟੇਡੀਅਮ ਜੈਤੋ ਵਿਖੇ ਡਰੋਨ ਸ਼ੋਅ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।
ਇਸ ਦੌਰਾਨ 500 ਡਰੋਨਾਂ ਨੇ ਅਸਮਾਨ ਵਿੱਚ ਰੌਸ਼ਨੀਆਂ ਦੀ ਮਨਮੋਹਕ ਪੇਸ਼ਕਾਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਭਾਰੀ ਗਿਣਤੀ ਵਿੱਚ ਮੌਜੂਦ ਸੰਗਤ ਨੇ ਇਸ ਵਿਲੱਖਣ ਪੇਸ਼ਕਾਰੀ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ।
ਇਸ ਮੌਕੇ ਸੁਰਿੰਦਰ ਸਿੰਘ ਪਾਰਸ ਦੇ ਢਾਡੀ ਜੱਥੇ ਵੱਲੋਂ ਢਾਡੀ ਵਾਰਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬਰਾਬਰੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਢਾਡੀ ਵਾਰਾਂ ਦੀ ਗੂੰਜ ਅਤੇ ਆਕਾਸ਼ ਵਿੱਚ ਚਮਕਦੀਆਂ ਰੌਸ਼ਨ ਆਕ੍ਰਿਤੀਆਂ ਨੇ ਸਮਾਗਮ ਨੂੰ ਰੂਹਾਨੀ ਮਾਹੌਲ ਪ੍ਰਦਾਨ ਕੀਤਾ।
ਇਸ ਮੌਕੇ ਵਿਧਾਇਕ ਜੈਤੋ ਸ.ਅਮੋਲਕ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਵਿੱਚ ਡਰੋਨ ਸ਼ੋਅ, ਡਾਕੂਮੈਂਟਰੀ ਆਦਿ ਸਮਾਗਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ 500 ਡਰੋਨਾਂ ਰਾਹੀਂ ਕੀਤੀ ਗਈ ਇਹ ਪੇਸ਼ਕਾਰੀ ਸ੍ਰੀ ਗੁਰੂ ਰਵਿਦਾਸ ਜੀ ਨੂੰ ਢੁਕਵੀਂ ਸ਼ਰਧਾਂਜਲੀ ਹੈ। ਇਸ ਰਾਹੀਂ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਨੌਜਵਾਨਾਂ ਨੂੰ ਗੁਰੂ ਜੀ ਦੇ ਮਹਾਨ ਫਲਸਫ਼ੇ ਅਤੇ ਸਿੱਖਿਆਵਾਂ ਨਾਲ ਜੋੜਨਾ ਹੈ।ਉਨ੍ਹਾਂ ਦੱਸਿਆ ਕਿ ਮਿਤੀ 30 ਸਤੰਬਰ ਨੂੰ ਡਾ.ਹਰੀ ਸਿੰਘ ਸੇਵਕ ਸਕੂਲ ਆਫ ਐਮੀਨਾਸ ਕੋਟਕਪੂਰਾ ਵਿਖੇ ਅਤੇ ਮਿਤੀ 01 ਅਕਤੂਬਰ ਨੂੰ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਡਰੋਨ ਸ਼ੋਅ ਦਾ ਆਯੋਜਨ ਕੀਤਾ ਜਾਵੇਗਾ।
ਇਸ ਮੌਕੇ ਮਨਪ੍ਰੀਤ ਕੌਰ ਧਰਮ ਪਤਨੀ ਐਮਐਲਏ ਸ.ਅਮੋਲਕ ਸਿੰਘ,ਸ. ਲਛਮਣ ਸਿੰਘ ਭਗਤੂਆਣਾ,ਚੇਅਰਮੈਨ ਮਾਰਕੀਟ ਕਮੇਟੀ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਵੀਰਪਾਲ ਕੌਰ, ਨਿਰਮਲਾ ਦੇਵੀ ਪ੍ਰਧਾਨ ਨਗਰ ਕੌਂਸਲ,ਐਸ.ਡੀ.ਐਮ ਜੈਤੋ ਸ੍ਰੀ ਵਰਿੰਦਰ ਸਿੰਘ, ਨਾਇਬ ਤਹਿਸੀਲਦਾਰ ਅਮਨਦੀਪ ਸਿੰਘ, ਹਰਸਿਮਰਨ ਮਲਹੋਤਰਾ ਪ੍ਰਧਾਨ ਟਰੱਕ ਯੂਨੀਅਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।