Sunday, October 11Malwa News
Shadow

ਹਾੜੀ ਫ਼ਸਲਾਂ ਬਾਰੇ ਭਲਕੇ ਰਾਏਕੋਟ ’ਚ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

ਲੁਧਿਆਣਾ, 08 ਅਕਤੂਬਰ (0000) – ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਲਕੇ 09 ਅਕਤੂਬਰ (ਸ਼ੁਕਰਵਾਰ) ਨੂੰ ਕਤਿਆਲ ਪੈਲੇਸ, ਰਾਏਕੋਟ-ਲੁਧਿਆਣਾ ਰੋਡ, ਰਾਏਕੋਟ ਵਿਖੇ ਹਾੜੀ ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ  ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਕੈਂਪ ਵਿੱਚ ਕਰੀਬ 2000 ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਜਾਣੀ ਹੈ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਵੱਖ-ਵੱਖ ਸਕੀਮਾਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਹਨ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਿੱਟੀ ਪਰਖ ਕਰਵਾਏ ਬਗੈਰ ਖਾਦਾਂ ਦੀ ਵਰਤੋਂ ਨਾ ਕਰਨ ਤਾਂ ਜੋ ਖੇਤੀ ਖਰਚੇ ਘਟਾਏ ਜਾ ਸਕਣ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਮਿਆਰੀ ਕਿਸਮਾਂ ਦੇ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣਾ ਵਿਭਾਗ ਦਾ ਮੁੱਖ ਨਿਸ਼ਾਨਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਲਈ ਵਿਸ਼ੇਸ਼ ਤੌਰ ’ਤੇ ਪਿੰਡ ਅਤੇ ਬਲਾਕ ਪੱਧਰੀ ਕੈਂਪ ਲਗਾ ਕੇ ਹਾੜ੍ਹੀ ਅਤੇ ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਲਈ ਵਿਭਾਗ ਵਚਨਬੱਧ ਹੈ।

ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਜ਼ਮੀਨ ਵਿੱਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ ਦੀ ਸਲਾਹ ਵੀ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਧੁਨਿਕ ਤਕਨੀਕ ਅਤੇ ਸਰਕਾਰ ਵੱਲੋਂ ਸਬਸਿਡੀ ਉੱਤੇ ਦਿੱਤੇ ਆਧੁਨਿਕ ਉਪਕਰਨਾਂ ਦੀ ਵਰਤੋਂ ਕਰਨ।

ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਵੱਲੋਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਵਿੱਚ ਵੱਧ ਚੜ੍ਹਕੇ ਸ਼ਮੂਲੀਅਤ ਕਰਦਿਆਂ ਕੈਂਪ ਦਾ ਲਾਹਾ ਲਿਆ ਜਾਵੇ।