Sunday, October 18Malwa News
Shadow

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 18 ਅਕਤੂਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 271ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 539 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ  ‘ਗੈਂਗਸਟਰਾਂ ’ਤੇ ਵਾਰ’ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

271ਵੇਂ ਦਿਨ, ਪੁਲਿਸ ਟੀਮਾਂ ਨੇ 215 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਅੱਠ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79,233 ਹੋ ਗਈ ਹੈ।

ਇਸ ਤੋਂ ਇਲਾਵਾ 145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ  ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

 ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 596ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 189 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 263 ਗ੍ਰਾਮ ਹੈਰੋਇਨ, 150 ਗ੍ਰਾਮ ਅਫੀਮ, 30 ਕਿਲੋ ਭੁੱਕੀ, 5294 ਨਸ਼ੀਲੀਆਂ ਗੋਲੀਆਂ ਅਤੇ 41,529 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਹੀ, ਸਿਰਫ਼ 596 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 86,518 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 18 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।