Friday, November 6Malwa News
Shadow

ਗੈਂਗਸਟਰਾਂ ‘ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

ਚੰਡੀਗੜ੍ਹ, 6 ਨਵੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 290ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 545 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

290ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 202ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 82,889 ਹੋ ਗਈ ਹੈ।

ਇਸ ਤੋਂ ਇਲਾਵਾ 168 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 615ਵੇਂ ਦਿਨ ਵੀ ਜਾਰੀ ਰੱਖਦਿਆਂ 131 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 36.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 121 ਕਿਲੋ ਭੁੱਕੀ, 4206 ਨਸ਼ੀਲੀਆਂ ਗੋਲੀਆਂ ਅਤੇ 17,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਸਿਰਫ਼ 615 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 91,432 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 33 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।