Friday, November 6Malwa News
Shadow

ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਕਿਸਾਨ ਵਾਤਾਵਰਨ ਦੀ ਸੰਭਾਲ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 06 ਨਵੰਬਰ:      ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਲਈ ਲਾਹੇਵੰਦ ਕਈ ਜ਼ਰੂਰੀ ਤੱਤ ਵੀ ਨਸ਼ਟ ਹੋ ਜਾਂਦੇ ਹਨ। ਇਸ ਨਾਲ ਜ਼ਮੀਨ ਦੀ ਸਿਹਤ ਪ੍ਰਭਾਵਿਤ ਹੁੰਦੀ ਹੈ ਅਤੇ ਕਿਸਾਨਾਂ ਨੂੰ ਫ਼ਸਲ ਲਈ ਵਧੇਰੇ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ, ਜਿਸ ਕਾਰਨ ਉਨ੍ਹਾਂ ਉੱਤੇ ਆਰਥਿਕ ਬੋਝ ਵੀ ਵਧਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਅਤੇ ਉਪਲਬਧ ਤਕਨੀਕਾਂ ਦੀ ਵਰਤੋਂ ਕਰਕੇ ਕਿਸਾਨ ਵਾਤਾਵਰਨ ਦੀ ਸੰਭਾਲ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਇਸ ਨੂੰ ਕੁਦਰਤੀ ਖਾਦ ਵਜੋਂ ਵਰਤਿਆ ਜਾਵੇ। ਇਸ ਨਾਲ ਮਿੱਟੀ ਵਿੱਚ ਜੈਵਿਕ ਤੱਤਾਂ ਦੀ ਮਾਤਰਾ ਵਧਦੀ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ ਅਤੇ ਲੰਬੇ ਸਮੇਂ ਵਿੱਚ ਫ਼ਸਲਾਂ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ। ਇਸ ਤੋਂ ਇਲਾਵਾ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਘਟਾਉਣ ਵਿੱਚ ਵੀ ਮਦਦ ਮਿਲਦੀ ਹੈ, ਜਿਸ ਨਾਲ ਕਿਸਾਨਾਂ ਦੀ ਲਾਗਤ ਘਟ ਸਕਦੀ ਹੈ।

          ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਸਰਕਾਰ ਵੱਲੋਂ ਨਿਰਧਾਰਤ ਕੀਤੀ ਨਮੀਂ ਵਾਲੀ ਫ਼ਸਲ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।