Monday, November 9Malwa News
Shadow

ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਚੁੱਕੇ ਗਏ ਹਨ ਸਖਤ ਕਦਮ—— ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 08 ਨਵੰਬਰ: ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾ ਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਸਖਤ ਕਦਮ ਚੁੱਕੇ ਗਏ ਹਨ, ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕੀਤਾ।
                               ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ  ਜਿ਼ਲ੍ਹਾ ਪ੍ਰਸ਼ਾਸਨ ਵਲੋਂ ਪਾਬੰਦੀਆਂ ਦੇ ਹੁਕਮ ਵੀ ਜਾਰੀ ਕੀਤੇ ਹੋਏ ਹਨ।  ਉਹਨਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਇਸ ਨੂੰ ਕੁਦਰਤੀ ਖਾਦ ਦੇ ਤੌਰ ਤੇ ਵਰਤਿਆ ਜਾਵੇ। ਇਸ ਨਾਲ ਮਿੱਟੀ ਵਿੱਚ ਜੈਵਿਕ ਤੱਤਾਂ ਦੀ ਮਾਤਰਾ ਵਧਦੀ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ ਅਤੇ ਲੰਬੇ ਸਮੇਂ ਵਿੱਚ ਫ਼ਸਲਾਂ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ। ਇਸ ਤੋਂ ਇਲਾਵਾ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਘਟਾਉਣ ਵਿੱਚ ਵੀ ਮਦਦ ਮਿਲਦੀ ਹੈ, ਜਿਸ ਨਾਲ ਕਿਸਾਨਾਂ ਦੀ ਲਾਗਤ ਘਟ ਸਕਦੀ ਹੈ।
   ਡਿਪਟੀ ਕਮਿਸ਼ਨਰ ਨੇ ਿਜ਼ਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ—ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਲਈ ਲਾਹੇਵੰਦ ਕਈ ਜ਼ਰੂਰੀ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਅਤੇ ਉਪਲਬਧ ਤਕਨੀਕਾਂ ਦੀ ਵਰਤੋਂ ਕਰਕੇ ਕਿਸਾਨ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਅਹਿਮ ਰੋਲ ਅਦਾ ਕਰ ਸਕਦੇ ਹਨ।