Tuesday, November 10Malwa News
Shadow

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਛੇ ਹੌਟਸਪੌਟ ਖੇਤਰਾਂ ‘ਚ ਚੱਲ ਰਹੇ ਕੰਮਾਂ ਦੀ ਕੀਤੀ ਸਮੀਖਿਆ

ਹੁਸ਼ਿਆਰਪੁਰ, 10 ਨਵੰਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹੇ ਵਿੱਚ ਸ਼ਨਾਖਤ ਕੀਤੇ ਗਏ ਛੇ ਹੌਟਸਪੌਟ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਪ੍ਰਧਾਨਗੀ ਓ.ਐਸ.ਡੀ. ਟੂ ਅਰਬਨ ਅਫੇਅਰਜ਼ ਓਏਸ਼ੀ ਮੰਡਲ ਅਤੇ ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਗੁਰਕੰਵਲ ਸਿੰਘ ਨੇ ਕੀਤੀ। ਮੀਟਿੰਗ ਵਿੱਚ ਮੁਹਿੰਮ ਨਾਲ ਜੁੜੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਦੌਰਾਨ ਹਰਦੋਖਾਨਪੁਰ, ਬਜਵਾੜਾ, ਬਲਬੀਰ ਕਲੋਨੀ, ਸੁੰਦਰ ਨਗਰ, ਬਹਾਦਰਪੁਰ ਅਤੇ ਰਵਿਦਾਸ ਨਗਰ ਵਿੱਚ ਨਸ਼ਿਆਂ ਦੀ ਰੋਕਥਾਮ, ਜਾਗਰੂਕਤਾ ਗਤੀਵਿਧੀਆਂ, ਨਸ਼ਿਆਂ ਦੀ ਲਪੇਟ ਵਿੱਚ ਆਏ ਵਿਅਕਤੀਆਂ ਦੀ ਪਛਾਣ, ਇਲਾਜ ਅਤੇ ਮੁੜ ਵਸੇਬੇ ਸਮੇਤ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਅਧਿਕਾਰੀਆਂ ਨੇ ਸਬੰਧਤ ਵਿਭਾਗਾਂ ਵੱਲੋਂ ਇਨ੍ਹਾਂ ਖੇਤਰਾਂ ਵਿੱਚ ਹੁਣ ਤੱਕ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ ਅਤੇ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਨਿਰਦੇਸ਼ ਦਿੱਤੇ ਗਏ ਕਿ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਆਪਣੀਆਂ ਨਿਰਧਾਰਤ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣ ਅਤੇ ਸ਼ਨਾਖ਼ਤੀ ਹੌਟਸਪੌਟ ਖੇਤਰਾਂ ਵਿੱਚ ਨਿਯਮਿਤ ਤੌਰ ’ਤੇ ਜਾਗਰੂਕਤਾ ਗਤੀਵਿਧੀਆਂ ਕਰਵਾਉਣ। ਇਸ ਦੇ ਨਾਲ ਹੀ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਨੂੰ ਇਲਾਜ ਅਤੇ ਮੁੜ ਵਸੇਬੇ ਦੀਆਂ ਸੇਵਾਵਾਂ ਨਾਲ ਜੋੜਨ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ’ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ।

ਮੀਟਿੰਗ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕਾਂ ਦੀ ਭਾਗੀਦਾਰੀ ਅਤੇ ਵਿਭਾਗੀ ਤਾਲਮੇਲ ਰਾਹੀਂ ਜ਼ਮੀਨੀ ਪੱਧਰ ’ਤੇ ਹੋਰ ਵਧੇਰੇ ਪ੍ਰਭਾਵਸ਼ਾਲੀ ਬਣਾਇਆ ਜਾਵੇ, ਤਾਂ ਜੋ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ ਵਿੱਚ ਠੋਸ ਨਤੀਜੇ ਪ੍ਰਾਪਤ ਕੀਤੇ ਜਾ ਸਕਣ।