
ਕੋਟਕਪੂਰਾ, 11 ਨਵੰਬਰ- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ 2022 ਵਿੱਚ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਗਏ ਹਨ ਅਤੇ ਪਿੰਡ ਪੱਕਾ ਵਿੱਚ ਹੁਣ ਤੱਕ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ।
ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਤੇ ਜੋ ਭਰੋਸਾ ਜਤਾਇਆ ਹੈ, ਉਸ ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨਾ ਸਭ ਤੋਂ ਮਹੱਤਵਪੂਰਨ ਹੈ। ਖ਼ਾਸ ਕਰਕੇ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣਾ ਬਹੁਤ ਵੱਡਾ ਪੁੰਨ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਹੂਲਤਾਂ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕ ਆਪਣੇ ਪਿੰਡ ਦੀਆਂ ਰਹਿੰਦੀਆਂ ਸਮੱਸਿਆਵਾਂ ਅਤੇ ਲੋੜਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਂਦੇ ਰਹਿਣ, ਤਾਂ ਜੋ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਯਤਨ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਕੰਮਾਂ ਵਿੱਚ ਕਈ ਵਾਰ ਪ੍ਰਕਿਰਿਆ ਕਾਰਨ ਸਮਾਂ ਲੱਗ ਜਾਂਦਾ ਹੈ, ਪਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ।
ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦਾ ਅਸਲ ਮਕਸਦ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਅਤੇ ਉਨ੍ਹਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।