Saturday, November 14Malwa News
Shadow

ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਕਣਕ ਦੀ ਸਿੱਧੀ ਬਿਜਾਈ ਸਬੰਧੀ ਪ੍ਰਦਰਸ਼ਨੀ ਪਲਾਟ ਲਗਾਏ ਗਏ

ਅੰਮ੍ਰਿਤਸਰ, 14 ਨਵੰਬਰ: ਮਾਣਯੋਗ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਸ. ਅਮਰਜੀਤ ਸਿੰਘ ਦੁਸਾਂਝ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਖੇਤਾਂ ਵਿੱਚ ਹੀ ਸੁਚੱਜਾ ਪ੍ਰਬੰਧਨ (ਇਨ-ਸੀਟੂ ਮੈਨੇਜਮੈਂਟ) ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਕਣਕ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਦੇ ਖੇਤਾਂ ਵਿੱਚ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ। ਇਨ੍ਹਾਂ ਪਲਾਟਾਂ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਅਤੇ ਖੇਤੀ ਦੀ ਉਤਪਾਦਕਤਾ ਵਧਾਉਣ ਲਈ ਪ੍ਰੇਰਿਤ ਕਰਨਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ. ਅਮਰਜੀਤ ਸਿੰਘ ਦੁਸਾਂਝ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸੀ.ਆਰ.ਐਮ. ਸਕੀਮ ਅਧੀਨ ਸੁਪਰ ਸੀਡਰ, ਹੈਪੀ ਸੀਡਰ ਆਦਿ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਗਈਆਂ ਹਨ, ਜੋ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਿੱਚ ਬਹੁਤ ਲਾਹੇਵੰਦ ਸਾਬਤ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੁਪਰ ਸੀਡਰ ਦੀ ਵਰਤੋਂ ਨਾਲ ਝੋਨੇ ਦੀ ਪਰਾਲੀ ਵਾਲੇ ਖੇਤਾਂ ਵਿੱਚ ਬਿਨਾਂ ਪਰਾਲੀ ਸਾੜੇ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਮਸ਼ੀਨ ਨਾਲ ਪਰਾਲੀ ਦੀ ਰਹਿੰਦ-ਖੂੰਹਦ ਖੇਤ ਵਿੱਚ ਹੀ ਮਿੱਟੀ ਵਿੱਚ ਮਿਲ ਜਾਂਦੀ ਹੈ, ਜੋ ਗਲਣ-ਸੜਨ ਉਪਰੰਤ ਮਿੱਟੀ ਵਿੱਚ ਜੈਵਿਕ ਮਾਦੇ ਅਤੇ ਪੌਸ਼ਟਿਕ ਤੱਤਾਂ ਦਾ ਵਾਧਾ ਕਰਨ ਵਿੱਚ ਸਹਾਇਕ ਹੁੰਦੀ ਹੈ। ਇਸ ਨਾਲ ਮਿੱਟੀ ਦੀ ਬਣਤਰ, ਨਮੀ ਸੰਭਾਲਣ ਦੀ ਸਮਰੱਥਾ ਅਤੇ ਉਪਜਾਊ ਸ਼ਕਤੀ ਵਿੱਚ ਵੀ ਸੁਧਾਰ ਹੁੰਦਾ ਹੈ।

ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਮਜੀਠਾ ਸ. ਹਰਭਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ, ਕਿਉਂਕਿ ਇਸ ਨਾਲ ਵਾਤਾਵਰਣ ਵਿੱਚ ਹਾਨੀਕਾਰਕ ਗੈਸਾਂ ਅਤੇ ਧੂੰਆਂ ਫੈਲਦਾ ਹੈ। ਇਸ ਕਾਰਨ ਹਵਾ ਪ੍ਰਦੂਸ਼ਣ ਵਧਣ ਦੇ ਨਾਲ-ਨਾਲ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਵਿੱਚ ਮੌਜੂਦ ਜ਼ਰੂਰੀ ਪੌਸ਼ਟਿਕ ਤੱਤਾਂ ਦੇ ਨਾਲ-ਨਾਲ ਲਾਹੇਵੰਦ ਸੂਖਮ ਜੀਵ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਖੇਤੀਬਾੜੀ ਅਧਿਕਾਰੀ ਸ. ਹਰਜਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਸ. ਸ਼ਰਨਜੀਤ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਸ. ਕਰਮਜੀਤ ਸਿੰਘ ਅਤੇ ਸ. ਤਿਲਕ ਰਾਜ, ਖੇਤੀਬਾੜੀ ਸਬ-ਇੰਸਪੈਕਟਰ ਸ. ਨਿਰਮਲ ਸਿੰਘ, ਸ. ਬਖ਼ਸ਼ਦੇਵ ਸਿੰਘ ਕੋਟਲਾ ਖੁਰਦ ਸਮੇਤ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ।