Monday, November 16Malwa News
Shadow

ਜਨਗਣਨਾ 2027 ਸਬੰਧੀ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ: ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨੂੰ ਜਨਗਣਨਾ ਦੀ ਮਹੱਤਤਾ ਅਤੇ ਇਸ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸੇ ਲੜੀ ਤਹਿਤ ਅੱਜ ਜਾਗਰੂਕਤਾ ਵੈਨ ਰਾਹੀਂ ਸੰਗਰਾਣਾ, ਚੌਂਤਰਾ, ਚੜੇਵਾਨ, ਝਬੇਲਵਾਲੀ, ਡੋਡਾਂਵਾਲੀ, ਉਦੇਕਰਨ, ਸਰਾਏਨਾਗਾ, ਜਮੂਆਣਾ, ਮੋਤਲੇ ਵਾਲਾ, ਚੱਕ ਬਾਜਾ ਮਰਾੜ, ਤਖ਼ਤ ਮਲਾਣਾ, ਵੜਿੰਗ, ਖਾਰਾ, ਸਮਾਘ, ਹਰੀ ਕੇ ਕਲਾਂ ਅਤੇ ਖੋਖਰ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਲੋਕਾਂ ਨੂੰ ਦੱਸਿਆ ਗਿਆ ਕਿ ਜਨਗਣਨਾ-2027 ਤਹਿਤ ਸਵੈ-ਗਣਨਾ (ਸੈਲਫ਼ ਐਨਿਊਮੀਰੇਸ਼ਨ) ਦੀ ਸਹੂਲਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਉਪਲਬਧ ਰਹੇਗੀ। ਇਸ ਦੌਰਾਨ ਜ਼ਿਲ੍ਹਾ ਵਾਸੀ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਣਗੇ। ਆਨਲਾਈਨ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਇੱਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐੱਸ.ਈ. ਆਈ.ਡੀ.) ਜਾਰੀ ਕੀਤਾ ਜਾਵੇਗਾ, ਜਿਸ ਨੂੰ ਬਾਅਦ ਵਿੱਚ ਘਰ-ਘਰ ਜਾ ਕੇ ਜਨਗਣਨਾ ਕਰਨ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ।

ਇਸ ਤੋਂ ਇਲਾਵਾ 17 ਨਵੰਬਰ ਨੂੰ ਜਾਗਰੂਕਤਾ ਵੈਨ ਰਾਹੀਂ ਚੱਕ ਖੋਖਰ, ਹਰਾਜ, ਕੋਟਲੀ ਸੰਘਰ, ਭੁੱਟੀਵਾਲਾ, ਥਾਂਦੇਵਾਲਾ, ਲੰਬੀ ਢਾਬ, ਚੱਕ ਲੰਬੀ ਢਾਬ, ਸਦਰਵਾਲਾ, ਚੱਕ ਅਟਾਰੀ ਸਦਰਵਾਲਾ, ਗੁਲਾਬੇਵਾਲਾ, ਖੱਪਿਆਂਵਾਲੀ, ਰਣਜੀਤਗੜ੍ਹ, ਜਵਾਰੇਵਾਲਾ, ਰੋੜਾਂਵਾਲੀ, ਅਟਾਰੀ, ਫੱਤਣਵਾਲਾ, ਰੂਹੜੀਆਂਵਾਲੀ ਅਤੇ ਮਹਾਂਬੱਧਰ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਜਾਵੇਗਾ।

ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 16 ਤੋਂ 30 ਨਵੰਬਰ ਤੱਕ ਉਪਲਬਧ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਜਨਗਣਨਾ 2027 ਦੀ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਭਾਗ ਲੈਣ। ਉਨ੍ਹਾਂ ਕਿਹਾ ਕਿ ਸਹੀ ਤੇ ਮੁਕੰਮਲ ਜਾਣਕਾਰੀ ਮੁਹੱਈਆ ਕਰਵਾ ਕੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ।