Saturday, November 21Malwa News
Shadow

ਵਿਧਾਇਕ ਜਿੰਪਾ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਸੇਵਾ ਹਾਲ ਦੀ ਸੀਵਰੇਜ ਲਾਈਨ ਨੂੰ ਮੇਨ ਸੀਵਰੇਜ ਲਾਈਨ ਨਾਲ ਜੋੜਨ ਦੇ ਕੰਮ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 21 ਨਵੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਨੀਵਾਰ ਨੂੰ ਪੁਰਹੀਰਾਂ ਸਥਿਤ ਸ੍ਰੀ ਗੁਰੂ ਰਾਮਦਾਸ ਲੰਗਰ ਸੇਵਾ ਹਾਲ ਦੀ ਸੀਵਰੇਜ ਲਾਈਨ ਨੂੰ ਮੇਨ ਸੀਵਰੇਜ ਲਾਈਨ ਨਾਲ ਜੋੜਨ ਦੇ ਕੰਮ ਦੀ ਸ਼ੁਰੂਆਤ ਕਰਵਾਈ। ਕਰੀਬ 39.50 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲਾ ਇਹ ਪ੍ਰੋਜੈਕਟ ਸੀਵਰੇਜ ਬੋਰਡ ਵੱਲੋਂ ਕਰਵਾਇਆ ਜਾਵੇਗਾ। ਇਸ ਕੰਮ ਦੇ ਮੁਕੰਮਲ ਹੋਣ ਨਾਲ ਲੰਗਰ ਸੇਵਾ ਹਾਲ ਦੀ ਸੀਵਰੇਜ ਵਿਵਸਥਾ ਵਿੱਚ ਸੁਧਾਰ ਹੋਵੇਗਾ ਅਤੇ ਸੰਸਥਾ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ।

      ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਸੇਵਾ ਸੰਸਥਾ ਮਨੁੱਖਤਾ ਦੀ ਸੇਵਾ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ। ਸੰਸਥਾ ਵੱਲੋਂ 40 ਤੋਂ ਵੱਧ ਵਾਹਨਾਂ ਰਾਹੀਂ ਪੰਜਾਬ ਦੇ ਵੱਖ–ਵੱਖ ਸਥਾਨਾਂ ’ਤੇ ਲੰਗਰ ਸੇਵਾ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੇਵਾ ਸੰਸਥਾਵਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੇ ਕੰਮਾਂ ਵਿੱਚ ਸਹਿਯੋਗ ਦੇਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ।

          ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਵਿੱਚ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ’ਤੇ ਸਟਰੀਟ ਲਾਈਟਾਂ ਲਗਵਾਉਣ ਤੋਂ ਇਲਾਵਾ ਸੜਕਾਂ ਦੇ ਨਿਰਮਾਣ, ਸੀਵਰੇਜ, ਸਾਫ਼–ਸਫ਼ਾਈ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ।

       ਵਿਧਾਇਕ ਜਿੰਪਾ ਨੇ ਕਿਹਾ ਕਿ ਵਿਧਾਨ ਸਭਾ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਉਣਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਲੋਕ ਹਿੱਤ ਵਿੱਚ ਵਿਕਾਸ ਕਾਰਜ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ।

        ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਸੰਦੀਪ ਚੇਚੀ, ਹਰਪਾਲ ਸਿੰਘ, ਸਰਪੰਚ ਸੁਰਜੀਤ ਪਾਲ, ਅਮਨ, ਕੌਂਸਲਰ ਅਜੈ ਵਰਮਾ, ਵਰਿੰਦਰ ਵੈਦ, ਨਵੀਨ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।