Sunday, November 22Malwa News
Shadow

ਛੋਟੀ ਝੱਖੀਆਂ ਵਿਖੇ ਪਹਿਲੇ ਕਬੱਡੀ ਕੱਪ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ

ਕੀਰਤਪੁਰ ਸਾਹਿਬ ਸਾਹਿਬ 22 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਛੋਟੀ ਝੱਖੀਆਂ ਵਿਖੇ ਨੌਜਵਾਨਾਂ ਵੱਲੋਂ ਕਰਵਾਏ ਗਏ ਪਹਿਲੇ ਕਬੱਡੀ ਕੱਪ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਅਜਿਹੇ ਖੇਡ ਮੁਕਾਬਲੇ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਕਬੱਡੀ ਪੰਜਾਬ ਦੀ ਮਾਣਮੱਤੀ ਵਿਰਾਸਤ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ ਹੈ। ਪਿੰਡ ਪੱਧਰ ‘ਤੇ ਅਜਿਹੇ ਟੂਰਨਾਮੈਂਟ ਕਰਵਾਉਣ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦੇ ਮੌਕੇ ਮਿਲਦੇ ਹਨ ਅਤੇ ਖੇਡਾਂ ਪ੍ਰਤੀ ਉਨ੍ਹਾਂ ਦੀ ਰੁਚੀ ਵੀ ਵਧਦੀ ਹੈ।

    ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਜਦੋਂ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ, ਤਾਂ ਇਹ ਦੇਖ ਕੇ ਬਹੁਤ ਤਸੱਲੀ ਹੁੰਦੀ ਹੈ ਕਿ ਸਾਡੇ ਨੌਜਵਾਨ ਵੀ ਮੁੜ ਆਪਣੇ ਖੇਡ ਮੈਦਾਨਾਂ ਅਤੇ ਆਪਣੀ ਮਿੱਟੀ ਵੱਲ ਪਰਤ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ ਹਨ, ਸਗੋਂ ਇਹ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਮਿਹਨਤ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਖੇਡਾਂ ਨਾਲ ਜੁੜਿਆ ਨੌਜਵਾਨ ਆਪਣੇ ਜੀਵਨ ਵਿੱਚ ਨਵੀਆਂ ਮੰਜ਼ਿਲਾਂ ਹਾਸਲ ਕਰਨ ਦੇ ਨਾਲ-ਨਾਲ ਸਮਾਜ ਅਤੇ ਸੂਬੇ ਦੀ ਤਰੱਕੀ ਵਿੱਚ ਵੀ ਅਹਿਮ ਯੋਗਦਾਨ ਪਾ ਸਕਦਾ ਹੈ।

    ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਵਿੱਚ ਅਥਾਹ ਸਮਰੱਥਾ ਹੈ ਅਤੇ ਲੋੜ ਸਿਰਫ਼ ਉਨ੍ਹਾਂ ਨੂੰ ਸਹੀ ਮੌਕੇ ਅਤੇ ਢੁਕਵਾਂ ਮੰਚ ਪ੍ਰਦਾਨ ਕਰਨ ਦੀ ਹੈ। ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ, ਖੇਡ ਮੈਦਾਨਾਂ ਨੂੰ ਬਿਹਤਰ ਬਣਾਉਣ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਨੌਜਵਾਨਾਂ ਵੱਲੋਂ ਆਪਣੇ ਪੱਧਰ ‘ਤੇ ਅਜਿਹੇ ਖੇਡ ਮੁਕਾਬਲੇ ਕਰਵਾਉਣਾ ਸਰਕਾਰ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਦਿੰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹਲਕੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਾਉਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ।

     ਸ੍ਰ. ਬੈਂਸ ਨੇ ਪਹਿਲਾ ਕਬੱਡੀ ਕੱਪ ਕਰਵਾਉਣ ਲਈ ਪਿੰਡ ਦੇ ਨੌਜਵਾਨਾਂ ਅਤੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਆਪਣੀ ਮਿਹਨਤ ਤੇ ਲਗਨ ਨਾਲ ਪਿੰਡ, ਇਲਾਕੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸਲ ਤਾਕਤ ਇਸ ਦੀ ਨੌਜਵਾਨੀ ਹੈ ਅਤੇ ਜਦੋਂ ਨੌਜਵਾਨ ਮੈਦਾਨਾਂ ਵਿੱਚ ਆਪਣੀ ਤਾਕਤ ਦਿਖਾਉਣਗੇ ਤਾਂ ਪੰਜਾਬ ਮੁੜ ਖੇਡਾਂ ਦੇ ਖੇਤਰ ਵਿੱਚ ਆਪਣੀ ਪੁਰਾਣੀ ਸ਼ਾਨ ਹਾਸਲ ਕਰੇਗਾ।