Monday, November 23Malwa News
Shadow

ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

ਚੰਡੀਗੜ੍ਹ, 23 ਨਵੰਬਰ:

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 307ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 525 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ—‘ਗੈਂਗਸਟਰਾਂ ’ਤੇ ਵਾਰ’—ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

307ਵੇਂ ਦਿਨ, ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਇੱਕ ਹਥਿਆਰ ਬਰਾਮਦ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 86,259 ਹੋ ਗਈ ਹੈ।

ਇਸ ਤੋਂ ਇਲਾਵਾ 238 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 632ਵੇਂ ਦਿਨ ਵੀ ਜਾਰੀ ਰੱਖਿਆ। ਅੱਜ 169 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 18.8 ਕਿਲੋ ਹੈਰੋਇਨ, 1.8 ਕਿਲੋ ਅਫੀਮ, 562 ਨਸ਼ੀਲੀਆਂ ਗੋਲੀਆਂ ਅਤੇ 200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿਰਫ਼ 632 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 94,746 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 38 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ  ਲਈ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਹੈ।