Monday, November 23Malwa News
Shadow

ਐਸ.ਡੀ.ਐਮ ਵੱਲੋਂ ਨੌਜਵਾਨਾਂ ਦੀ ਵੱਧ ਤੋਂ ਵੱਧ ਵੋਟ ਰਜਿਸਟ੍ਰੇਸ਼ਨ ਸਬੰਧੀ ਸੁਪਰਵਾਈਜ਼ਰਾਂ ਨਾਲ ਮੀਟਿੰਗ

ਤਰਨ ਤਾਰਨ, 23 ਨਵੰਬਰ :         ਐਸ.ਡੀ.ਐਮ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਤਰਨ ਤਾਰਨ ਅਮਨਪ੍ਰੀਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ-21 ਤਰਨ ਤਾਰਨ ਅਧੀਨ ਆਉਂਦੇ ਸੁਪਰਵਾਈਜ਼ਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਹਿੰਮ ਤਹਿਤ 18-19 ਸਾਲ ਉਮਰ ਵਰਗ ਦੇ ਨੌਜਵਾਨਾਂ ਦੀ ਵੱਧ ਤੋਂ ਵੱਧ ਵੋਟ ਬਣਾਉਣ ਅਤੇ ਦਿਵਿਆਂਗ ਵੋਟਰਾਂ ਦੀ ਵੋਟਰ ਸੂਚੀ ਵਿੱਚ ਸਹੀ ਨਿਸ਼ਾਨਦੇਹੀ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਈ.ਆਰ.ਓ ਵੱਲੋਂ ਸਮੂਹ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਅਧੀਨ ਆਉਂਦੇ ਬੂਥ ਲੈਵਲ ਅਫ਼ਸਰਾਂ ਰਾਹੀਂ 18 ਤੋਂ 19 ਸਾਲ ਉਮਰ ਵਰਗ ਦੇ ਨੌਜਵਾਨਾਂ ਦੀ ਪਛਾਣ ਕਰਵਾਉਣ ਅਤੇ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਅਤੇ ਹੋਰ ਸੰਭਾਵਿਤ ਥਾਵਾਂ ‘ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾ ਕੇ ਯੋਗ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣੀਆਂ ਯਕੀਨੀ ਬਣਾਈਆਂ ਜਾਣ। ਯੋਗ ਬਿਨੈਕਾਰਾਂ ਦੇ ਫਾਰਮ ਨਿਰਧਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਾਪਤ ਕਰਕੇ ਉਨ੍ਹਾਂ ਦੀ ਜਾਂਚ ਅਤੇ ਤਸਦੀਕ ਕੀਤੀ ਜਾਵੇ।

ਇਸ ਤੋਂ ਇਲਾਵਾ, ਸਮੂਹ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਬੂਥਾਂ ਅਧੀਨ ਆਉਂਦੇ ਸਾਰੇ ਦਿਵਿਆਂਗ ਵੋਟਰਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਵੋਟਰ ਸੂਚੀ ਵਿੱਚ ਨਿਰਧਾਰਤ ਨਿਯਮਾਂ ਅਨੁਸਾਰ ਮਾਰਕਿੰਗ ਕਰਵਾਉਣ। ਇਸ ਕੰਮ ਵਿੱਚ ਕਿਸੇ ਵੀ ਯੋਗ ਦਿਵਿਆਂਗ ਵੋਟਰ ਦੀ ਨਿਸ਼ਾਨਦੇਹੀ ਬਾਕੀ ਨਹੀਂ ਰਹਿਣੀ ਚਾਹੀਦੀ ਅਤੇ ਸਬੰਧਤ ਰਿਕਾਰਡ ਨੂੰ ਵੀ ਅਪਡੇਟ ਕੀਤਾ ਜਾਵੇ।

ਈ.ਆਰ.ਓ. ਵੱਲੋਂ ਸਪੱਸ਼ਟ ਕੀਤਾ ਗਿਆ ਕਿ ਵੋਟਰ ਸੂਚੀ ਨੂੰ ਸਹੀ, ਪਾਰਦਰਸ਼ੀ ਅਤੇ ਮੁਕੰਮਲ ਬਣਾਉਣਾ ਚੋਣ ਅਮਲੇ ਦੀ ਅਹਿਮ ਜ਼ਿੰਮੇਵਾਰੀ ਹੈ। ਇਸ ਲਈ ਸਾਰੇ ਸੁਪਰਵਾਈਜ਼ਰ ਨਿੱਜੀ ਤੌਰ ‘ਤੇ ਕੰਮ ਦੀ ਨਿਗਰਾਨੀ ਕਰਨ ਅਤੇ ਰੋਜ਼ਾਨਾ ਪ੍ਰਗਤੀ ਰਿਪੋਰਟ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ।

ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਕਤ ਕੰਮ ਨੂੰ ਪਹਿਲ ਦੇ ਆਧਾਰ ‘ਤੇ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਨੌਜਵਾਨ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ ਅਤੇ ਦਿਵਿਆਂਗ ਵੋਟਰਾਂ ਦੀ ਸਹੀ ਨਿਸ਼ਾਨਦੇਹੀ ਯਕੀਨੀ ਬਣਾਈ ਜਾ ਸਕੇ।