Wednesday, November 25Malwa News
Shadow

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਦਾ ਕੀਤਾ ਸਨਮਾਨ

ਬਰਨਾਲਾ, 25 ਨਵੰਬਰ-      ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਲਾਗੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਬਰਨਾਲਾ ਦੇ ਸ਼ਿਵ ਸ਼ਕਤੀ ਕਲਾ ਮੰਦਿਰ ਵਿਖੇ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੌਰਾਨ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਯੋਗ ਲਾਭਪਾਤਰੀਆਂ ਤੱਕ ਇਸ ਦਾ ਲਾਭ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

  ਇਸ ਮੌਕੇ ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਂਗਣਵਾੜੀ ਵਰਕਰਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਸਮਾਜ ਦੇ ਹਰ ਯੋਗ ਵਰਗ ਤੱਕ ਪਹੁੰਚਾਉਣ ਵਿੱਚ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਸਮਾਰੋਹ ਕਰਮਚਾਰੀਆਂ ਦਾ ਮਨੋਬਲ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਹੋਰ ਉਤਸ਼ਾਹ ਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦੇ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਸੀ.ਡੀ.ਪੀ.ਓ. ਸ਼੍ਰੀ ਅਰਵਿੰਦ ਸਿੰਘ ਭੱਟੀ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਸਨਮਾਨ ਨੂੰ ਯਕੀਨੀ ਬਣਾਉਣ ਵੱਲ ਸਰਕਾਰ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਅਤੇ ਆਂਗਣਵਾੜੀ ਵਰਕਰਾਂ ਦੇ ਸਾਂਝੇ ਯਤਨਾਂ ਸਦਕਾ ਹੀ ਇਸ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਸਫ਼ਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਵਰਕਰਾਂ ਨੂੰ ਭਵਿੱਖ ਵਿੱਚ ਵੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ।

ਸਮਾਰੋਹ ਦੇ ਅੰਤ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਦਾ ਸਨਮਾਨ ਕੀਤਾ ਗਿਆ।

  ਇਸ ਮੌਕੇ ਸੁਪਰਵਾਈਜ਼ਰ ਰਜਿੰਦਰ ਕੌਰ, ਬਬਲੀ, ਰਾਣੀ ਕੌਰ, ਕਲਰਕ ਬੂਟਾ ਸਿੰਘ ਅਤੇ ਕੇਤਨ ਸਿੰਗਲਾ ਸਮੇਤ ਹੋਰ ਪਤਵੰਤੇ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।