Wednesday, November 25Malwa News
Shadow

ਗੁਰਦਾਸਪੁਰ ਸ਼ਹਿਰ ‘ਚ 30 ਲੱਖ ਦੀ ਲਾਗਤ ਨਾਲ 5 ਚੌਕਾਂ ਵਿੱਚ ਲੱਗੀਆਂ ਟ੍ਰੈਫਿਕ ਲਾਈਟਾਂ

ਗੁਰਦਾਸਪੁਰ, 25 ਨਵੰਬਰ -ਗੁਰਦਾਸਪੁਰ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਤੇ ਆਮ ਲੋਕਾਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵੱਲੋਂ ਸ਼ਹਿਰ ‘ਚ 20 ਟ੍ਰੈਫਿਕ ਲਾਈਟਾਂ ਲਗਾਈਆਂ ਗਈਆਂ ਹਨ। ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਪ੍ਰੋਜੈਕਟ ਦਾ ਉਦਘਾਟਨ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਅਤੇ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ  ਜਹਾਜ਼ ਚੌਂਕ ਵਿਖੇ ਕੀਤਾ ਗਿਆ। ਇਸ ਮੌਕੇ ਐੱਸ.ਐੱਸ.ਪੀ ਗੁਰਦਾਸਪੁਰ ਸ਼੍ਰੀ ਆਦਿੱਤਿਆ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ, ਐੱਸ.ਪੀ ਮਨੋਜ ਠਾਕੁਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਹਨਾ ਦੱਸਿਆ ਕਿ ਸ਼ਹਿਰ ‘ਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ 5 ਚੌਕਾਂ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਇਹ ਟ੍ਰੈਫਿਕ ਲਾਈਟਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੁੱਖ ਚੌਂਕਾਂ ‘ਤੇ ਟ੍ਰੈਫਿਕ ਲਾਈਟਾਂ ਲੱਗਣ ਨਾਲ ਰੋਜ਼ਾਨਾ ਲੱਗਣ ਵਾਲੇ ਜਾਮ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਉਹਨਾਂ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਅੰਦਰ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵੱਲੋ ਲੋਕਾਂ ਦੇ ਸਹਿਯੋਗ ਨਾਲ ਪਿਛਲੇ ਕਰੀਬ 3 ਸਾਲਾਂ ਵਿੱਚ ਵੱਖ ਵੱਖ ਵਿਕਾਸ ਕੰਮ ਕਰਵਾਏ ਗਏ ਹਨ, ਜੋ ਵਿਰੋਧੀ ਪਾਰਟੀਆਂ ਨਹੀ ਕਰਵਾ ਸਕੀਆਂ।

ਇਸ ਮੌਕੇ ਐੱਸ.ਐੱਸ.ਪੀ ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਟ੍ਰੈਫਿਕ ਲਾਈਟਾਂ ਲਗਾਉਣ ਨਾਲ ਸ਼ਹਿਰ ਦੀ ਸੁਰੱਖਿਆ ਵਿੱਚ ਵਾਧਾ ਹੋਵੇਗਾ ਅਤੇ ਵਾਹਨਾਂ ਦੀ ਆਵਾਜਾਈ ਨੂੰ ਕੰਟਰੋਲ ਕਰਨ ‘ਚ ਮਦਦ ਮਿਲੇਗੀ ਤੇ ਕਈ ਥਾਵਾਂ ‘ਤੇ ਰੋਜ਼ਾਨਾ ਲੱਗਣ ਵਾਲੇ ਜਾਮ ਤੋਂ ਵੀ ਲੋਕਾਂ ਨੂੰ ਰਾਹਤ ਮਿਲ ਸਕੇਗੀ। ਇਸ ਤੋਂ ਇਲਾਵਾ ਉਹਨਾ ਗੁਰਦਾਸਪੁਰ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਸਮੱਸਿਆਂ ਤੋਂ ਛੁਟਕਾਰਾ ਪਾਇਆ ਜਾ ਸਕੇ।

ਇਸ ਮੌਕੇ ਗੱਲਬਾਤ ਕਰਦਿਆਂ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਟ੍ਰੈਫਿਕ ਲਾਈਟਾਂ ਲਗਾਉਣ ਦਾ ਕੰਮ ਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ‘ਚ ਰੱਖਦਿਆਂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਚੌਕਾਂ ਤੇ ਟ੍ਰੈਫਿਕ ਵਾਲੀਆਂ ਜਗ੍ਹਾਂ ਤੇ ਲਗਾਈਆਂ ਗਈਆਂ ਇਨ੍ਹਾਂ ਟ੍ਰੈਫਿਕ ਲਾਈਟਾਂ ਦੇ ਚਾਲੂ ਹੋਣ ਨਾਲ ਟ੍ਰੈਫਿਕ ਵਿਵਸਥਾ ‘ਚ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਟਰੱਸਟ ਦਾ ਮੁੱਖ ਉਦੇਸ਼ ਸ਼ਹਿਰ ਦੇ ਵਿਕਾਸ ਨੂੰ ਗਤੀ ਦੇਣਾ ਤੇ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਉਪਲਬਧ ਕਰਵਾਉਣਾ ਹੈ।

ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਜਾਰੀ ਰਹਿਣਗੇ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਹੇਮਰਾਜਪੁਰ, ਮਾਰਕੀਟ ਕਮੇਟੀ ਚੇਅਰਮੈਨ ਗਗਨਦੀਪ ਸਿੰਘ, ਰਣਜੀਤ ਸਿੰਘ ਪਾਹੜਾ ਜ਼ਿਲ੍ਹਾ ਵਾਈਸ ਪ੍ਰਧਾਨ, ਟਰੱਸਟੀ ਰਘੁਬੀਰ ਸਿੰਘ ਖਾਲਸਾ, ਟਰੱਸਟੀ ਹਿਤੇਸ਼ ਮਹਾਜਨ, ਪੀਟਰ ਮੱਟੂ, ਚੇਅਰਮੈਨ ਟਰੇਡਰ ਕਮਿਸ਼ਨ ਗੁਰਦਸਾਪੁਰ ਰਾਜਿੰਦਰ ਨੰਦਾ, ਸਵਿੰਦਰ ਸਿੰਘ ਚੇਅਰਮੈਨ ਸਪੋਰਟਸ ਵੈਲਫੇਅਰ, ਚੇਅਰਮੈਨ ਹਰਪਿੰਦਰ ਸਿੰਘ , ਜ਼ਿਲ੍ਹਾ ਸੈਕਟਰੀ ਜਗਜੀਤ ਸਿੰਘ ਪਿੰਟਾ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਲਡੀ, ਰਾਜਿੰਦਰ ਨੰਦਾ, ਰਾਜਿੰਦਰ ਨਈਅਰ, ਨੀਰਜ ਸਲਹੋਤਰਾ, ਆਸ਼ੂ ਰੰਧਾਵਾ, ਸੰਜੀਵ ਕੁਮਾਰ  ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।