Wednesday, November 25Malwa News
Shadow

ਪਰਾਲੀ ਪ੍ਰਬੰਧਨ ਲੱਕੀ ਡਰਾਅ-2026 ਦਾ ਤੀਜਾ ਡਰਾਅ ਕੱਢਿਆ ਗਿਆ

ਬਰਨਾਲਾ, 25 ਨਵੰਬਰ

ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਆਈ ਏ ਐੱਸ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਇਸ ਦੀ ਸੰਭਾਲ ਲਈ ਪ੍ਰੇਰਿਤ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਲੱਕੀ ਡਰਾਅ (ਪਰਾਲੀ)-2026’ ਤਹਿਤ ਤੀਜਾ ਲੱਕੀ ਡਰਾਅ ਕੱਢਿਆ ਗਿਆ। ਇਹ ਡਰਾਅ ਸਹਾਇਕ ਕਮਿਸ਼ਨਰ ( ਜ) ਸ੍ਰੀਮਤੀ ਰਿੰਪੀ ਗਰਗ ਬਰਨਾਲਾ ਦੀ ਮੌਜੂਦਗੀ ਵਿਚ ਕੱਢਿਆ ਗਿਆ, ਜਿਸ ਵਿੱਚ ਕੁੱਲ 25 ਕਿਸਾਨਾਂ ਦੀ ਚੋਣ ਕੀਤੀ ਗਈ।

   ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲਗਾਏ ਬਿਨਾਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਕੁੱਲ 7 ਲੱਖ ਰੁਪਏ ਦੀ ਇਨਾਮੀ ਰਾਸ਼ੀ ਰੱਖੀ ਗਈ ਹੈ। ਇਸ ਤਹਿਤ ਹਰ ਹਫ਼ਤੇ 1 ਲੱਖ ਰੁਪਏ ਦੇ ਇਨਾਮ 25 ਕਿਸਾਨਾਂ ਵਿੱਚ ਵੰਡੇ ਜਾਂਦੇ ਹਨ। ਇਸ ਮੁਹਿੰਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਅਪਣਾਉਣ ਲਈ ਉਤਸ਼ਾਹਿਤ ਕਰਨਾ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਹੈ।

ਤੀਜੇ ਲੱਕੀ ਡਰਾਅ ਵਿੱਚ ਪਹਿਲਾ ਇਨਾਮ 20,000 ਰੁਪਏ ਪਿੰਡ ਹਮੀਦੀ ਦੀ ਕਿਸਾਨ ਗੁਰਮੀਤ ਕੌਰ ਨੂੰ, ਦੂਜਾ ਇਨਾਮ 15,000 ਰੁਪਏ ਪਿੰਡ ਮਹਿਲ ਕਲਾਂ ਦੇ ਕਿਸਾਨ ਸੁਦਾਗਰ ਸਿੰਘ ਨੂੰ ਅਤੇ ਤੀਜਾ ਇਨਾਮ 10,000 ਰੁਪਏ ਪਿੰਡ ਸੇਖਾ ਦੇ ਕਿਸਾਨ ਜਗਦੇਵ ਸਿੰਘ ਨੂੰ ਪ੍ਰਾਪਤ ਹੋਇਆ। ਇਸ ਤੋਂ ਇਲਾਵਾ 22 ਹੋਰ ਕਿਸਾਨਾਂ ਨੂੰ 2,500-2,500 ਰੁਪਏ ਦੇ ਇਨਾਮ ਦਿੱਤੇ ਗਏ।

ਡਿਪਟੀ ਕਮਿਸ਼ਨਰ ਨੇ ਜੇਤੂ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਰਾਲੀ ਦੀ ਸੰਭਾਲ ਕਰਕੇ ਇਹ ਕਿਸਾਨ ਵਾਤਾਵਰਨ ਦੇ ਰਖਵਾਲੇ ਬਣੇ ਹਨ। ਉਨ੍ਹਾਂ ਕਿਹਾ ਕਿ ਜੇਤੂ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਦੂਤ ਬਣ ਕੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ।

ਇਸ ਮੌਕੇ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਸਬੰਧੀ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਆਧੁਨਿਕ ਖੇਤੀ ਤਕਨੀਕਾਂ ਅਪਣਾ ਕੇ ਪਰਾਲੀ ਨੂੰ ਅੱਗ ਲਗਾਏ ਬਿਨਾਂ ਵੀ ਕਣਕ ਅਤੇ ਹੋਰ ਫ਼ਸਲਾਂ ਦੀ ਸਫ਼ਲ ਕਾਸ਼ਤ ਕੀਤੀ ਜਾ ਸਕਦੀ ਹੈ।

ਪਿੰਡ ਹਮੀਦੀ ਦੀ ਕਿਸਾਨ ਗੁਰਮੀਤ ਕੌਰ ਨੇ ਦੱਸਿਆ ਕਿ ਉਹ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ। ਉਹ ਪਰਾਲੀ ਦੀਆਂ ਗੱਠਾਂ ਬਣਵਾਉਣ ਉਪਰੰਤ ਮਲਚਰ ਅਤੇ ਹਲਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਿਧੀ ਨਾਲ ਉਨ੍ਹਾਂ ਨੂੰ ਕਦੇ ਵੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ।

ਪਿੰਡ ਮਹਿਲ ਕਲਾਂ ਦੇ ਕਿਸਾਨ ਸੁਦਾਗਰ ਸਿੰਘ ਨੇ ਦੱਸਿਆ ਕਿ ਉਹ ਲਗਭਗ 10 ਸਾਲਾਂ ਤੋਂ ਆਪਣੇ 10 ਏਕੜ ਰਕਬੇ ਵਿੱਚ ਪਰਾਲੀ ਨੂੰ ਅੱਗ ਲਗਾਏ ਬਿਨਾਂ ਸੁਪਰ ਸੀਡਰ ਨਾਲ ਕਣਕ ਅਤੇ ਆਲੂਆਂ ਦੀ ਬਿਜਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਨਾਲ ਖੇਤੀ ਦੇ ਕੰਮਾਂ ਵਿੱਚ ਚੰਗੇ ਨਤੀਜੇ ਮਿਲ ਰਹੇ ਹਨ।

ਪਿੰਡ ਸੇਖਾ ਦੇ ਕਿਸਾਨ ਜਗਦੇਵ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਪੰਜ ਸਾਲਾਂ ਤੋਂ ਆਪਣੇ 35 ਏਕੜ ਰਕਬੇ ਵਿੱਚ ਪਰਾਲੀ ਨੂੰ ਅੱਗ ਲਗਾਏ ਬਿਨਾਂ ਆਲੂਆਂ ਦੀ ਬਿਜਾਈ ਕਰ ਰਹੇ ਹਨ। ਇਸ ਵਿਧੀ ਨਾਲ ਬਿਜਾਈ ਦਾ ਖਰਚਾ ਘੱਟ ਆਉਂਦਾ ਹੈ ਅਤੇ ਫ਼ਸਲ ਦਾ ਝਾੜ ਵੀ ਵਧੀਆ ਪ੍ਰਾਪਤ ਹੁੰਦਾ ਹੈ।

ਕਿਸਾਨਾਂ ਨੇ ਲੱਕੀ ਡਰਾਅ (ਪਰਾਲੀ) ਵਰਗੀ ਸ਼ਲਾਘਾਯੋਗ ਪਹਿਲਕਦਮੀ ਸ਼ੁਰੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਨਵੀਆਂ ਤਕਨੀਕਾਂ ਅਪਣਾਉਣ ਲਈ ਉਤਸ਼ਾਹਿਤ ਕਰਦੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਨੇ ਲੱਕੀ ਡਰਾਅ ਸਬੰਧੀ ਆਪਣੀ ਫਾਲੋ-ਅੱਪ ਪ੍ਰਕਿਰਿਆ ਪੂਰੀ ਨਹੀਂ ਕੀਤੀ, ਉਹ ਚੌਥਾ ਡਰਾਅ ਕੱਢਣ ਤੋਂ ਪਹਿਲਾਂ ਆਪਣੇ ਲੋੜੀਂਦੇ ਦਸਤਾਵੇਜ਼ ਅਤੇ ਤਸਵੀਰਾਂ ਸਮੇਤ ਫਾਲੋ-ਅੱਪ ਮੁਕੰਮਲ ਕਰਨ ਅਤੇ ਸਬੰਧਤ ਨੋਡਲ ਅਫ਼ਸਰ ਤੋਂ ਆਪਣੀ ਵੈਰੀਫਿਕੇਸ਼ਨ ਜ਼ਰੂਰ ਕਰਵਾਉਣ, ਤਾਂ ਜੋ ਕੋਈ ਵੀ ਯੋਗ ਕਿਸਾਨ ਇਸ ਮੁਹਿੰਮ ਦੇ ਲਾਭ ਤੋਂ ਵਾਂਝਾ ਨਾ ਰਹੇ।