Sunday, November 29Malwa News
Shadow

ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ), ਸੁਨਾਮ ਵਿਖੇ ਕਰਵਾਏ ਗਏ ਵਿਦਿਆਰਥੀ ਸਨਮਾਨ ਸਮਾਰੋਹ ਦੌਰਾਨ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਕਾਰੀ ਹਾਈ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਕਰੀਬ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਉਨ੍ਹਾਂ ਦੇ ਪਰਿਵਾਰ ਵੱਲੋਂ ਸਮਾਜ ਭਲਾਈ ਲਈ ਨਿਭਾਈ ਜਾ ਰਹੀ ਵਚਨਬੱਧਤਾ ਦਾ ਹਿੱਸਾ ਹੈ ਅਤੇ ਇਸ ਨੂੰ ਕਿਸੇ ਸਿਆਸੀ ਸਮਾਗਮ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਦਦ ਕਰਨਾ ਅਤੇ ਉਨ੍ਹਾਂ ਦੀ ਵਿੱਦਿਅਕ ਯਾਤਰਾ ਨੂੰ ਸੁਖਾਲਾ ਬਣਾਉਣਾ ਸਾਡੀ ਸਮਾਜਿਕ ਅਤੇ ਪਰਿਵਾਰਕ ਜ਼ਿੰਮੇਵਾਰੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲੀ ਬੈਗ ਵੰਡਣ ਦੀ ਇਸ ਮੁਹਿੰਮ ਦੀ ਸ਼ੁਰੂਆਤ 11 ਅਗਸਤ ਨੂੰ ਉਨ੍ਹਾਂ ਦੀ ਬੇਟੀ ਦੇ ਜਨਮ ਦਿਨ ਮੌਕੇ ਲੌਂਗੋਵਾਲ ਤੋਂ ਕੀਤੀ ਗਈ ਸੀ। ਮੁਹਿੰਮ ਦੇ ਪਹਿਲੇ ਪੜਾਅ ਤਹਿਤ ਸਰਕਾਰੀ ਹਾਈ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੀਆਂ ਕਰੀਬ 5,800 ਤੋਂ 6,000 ਵਿਦਿਆਰਥਣਾਂ ਨੂੰ ਸਕੂਲੀ ਬੈਗ ਦਿੱਤੇ ਗਏ ਸਨ। ਇਸ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਹੁਣ ਕਰੀਬ 5,600 ਵਿਦਿਆਰਥੀਆਂ ਨੂੰ ਇਸ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ।

ਇਸ ਉਪਰਾਲੇ ਦੀ ਵਿਆਪਕਤਾ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਵਿਧਾਨ ਸਭਾ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 20,000 ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਰਜੀਹ ਦੇਣ ਦਾ ਮੁੱਖ ਮੰਤਵ ਸੀਮਤ ਵਿੱਤੀ ਸਾਧਨਾਂ ਵਾਲੇ ਪਰਿਵਾਰਾਂ ਦੇ ਬੱਚਿਆਂ ਦੀ ਸਹਾਇਤਾ ਕਰਨਾ ਹੈ। ਆਮ ਤੌਰ ’ਤੇ ਨਿੱਜੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਪੜ੍ਹਾਉਣ ਵਾਲੇ ਮਾਪੇ ਅਜਿਹੀਆਂ ਵਿੱਦਿਅਕ ਲੋੜਾਂ ਪੂਰੀਆਂ ਕਰਨ ਦੀ ਮੁਕਾਬਲਤਨ ਵੱਧ ਸਮਰੱਥਾ ਰੱਖਦੇ ਹਨ।

ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਕਈ ਸਾਲਾਂ ਤੋਂ ਲੋਕ ਭਲਾਈ ਦੇ ਵੱਖ-ਵੱਖ ਕਾਰਜ ਕੀਤੇ ਜਾ ਰਹੇ ਹਨ। ਵਿਦਿਆਰਥੀਆਂ ਦੀ ਸਹਾਇਤਾ ਤੋਂ ਇਲਾਵਾ ਮੈਡੀਕਲ ਅਤੇ ਦੰਦਾਂ ਦੀ ਜਾਂਚ ਸਬੰਧੀ ਕੈਂਪ ਲਗਾਉਣ ਦੇ ਨਾਲ-ਨਾਲ ਸਿਲਾਈ-ਕਢਾਈ ਕੇਂਦਰਾਂ ਅਤੇ ਹੋਰ ਸਮਾਜ ਸੇਵੀ ਤੇ ਹੁਨਰ ਵਿਕਾਸ ਪਹਿਲਕਦਮੀਆਂ ਰਾਹੀਂ ਲੋਕਾਂ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਭਲਾਈ ਕਾਰਜਾਂ ਨੂੰ ਭਵਿੱਖ ਵਿੱਚ ਹੋਰ ਵਿਸਥਾਰ ਦਿੱਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਸਕੇ।

ਸੂਬਾ ਸਰਕਾਰ ਵੱਲੋਂ ਸਿੱਖਿਆ ਖੇਤਰ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਹਰੇਕ ਬੱਚੇ ਨੂੰ ਮਿਆਰੀ ਸਿੱਖਿਆ ਅਤੇ ਪੜ੍ਹਾਈ ਲਈ ਢੁਕਵਾਂ ਮਾਹੌਲ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਰਪਣ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨਾਲ ਪੜ੍ਹਾਈ ਕਰਨ ਦੇ ਨਾਲ-ਨਾਲ ਆਪਣੇ ਸਰਬਪੱਖੀ ਵਿਕਾਸ ਲਈ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਨਾ ਤਾਂ ਚੋਣਾਂ ਸਮੇਂ ਦਿੱਤੇ ਜਾਣ ਵਾਲੇ ਨਾਅਰੇ ਤੱਕ ਸੀਮਤ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਇਸ ਨੂੰ ਕਿਸੇ ਮਨਮਰਜ਼ੀ ਦੀ ਸਮਾਂ-ਸੀਮਾ ਨਾਲ ਜੋੜਿਆ ਜਾ ਸਕਦਾ ਹੈ। ਇਸ ਸਮੱਸਿਆ ਦੇ ਮੁਕੰਮਲ ਖ਼ਾਤਮੇ ਲਈ ਸਰਕਾਰ, ਪੁਲਿਸ, ਪਰਿਵਾਰਾਂ, ਵਿੱਦਿਅਕ ਸੰਸਥਾਵਾਂ ਅਤੇ ਸਮੁੱਚੇ ਸਮਾਜ ਦੀ ਸੁਹਿਰਦ ਅਤੇ ਤਾਲਮੇਲ ਵਾਲੀ ਭਾਗੀਦਾਰੀ ਜ਼ਰੂਰੀ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਵਿਰੋਧੀ ਰਣਨੀਤੀ ਦੇ ਦੋ ਬਰਾਬਰ ਮਹੱਤਵਪੂਰਨ ਥੰਮ੍ਹ—ਨਸ਼ਿਆਂ ਦੀ ਸਪਲਾਈ ਨੂੰ ਰੋਕਣਾ ਅਤੇ ਇਨ੍ਹਾਂ ਦੀ ਮੰਗ ਨੂੰ ਘਟਾਉਣਾ—ਹੋਣੇ ਚਾਹੀਦੇ ਹਨ। ਨਸ਼ਾ ਤਸਕਰੀ ਦੀਆਂ ਸਪਲਾਈ ਲੜੀਆਂ ਤੋੜਨ ਅਤੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਜ਼ਿੰਮੇਵਾਰੀ ਸਰਕਾਰ ਅਤੇ ਪੁਲਿਸ ਦੀ ਹੈ, ਜਦਕਿ ਜਾਗਰੂਕਤਾ, ਚੌਕਸੀ, ਕਾਊਂਸਲਿੰਗ ਅਤੇ ਸਮੇਂ ਸਿਰ ਦਖ਼ਲ ਰਾਹੀਂ ਨਸ਼ਿਆਂ ਦੀ ਮੰਗ ਘਟਾਉਣ ਵਿੱਚ ਪਰਿਵਾਰਾਂ ਅਤੇ ਸਮਾਜ ਦੀ ਵੀ ਅਹਿਮ ਭੂਮਿਕਾ ਹੈ।

ਉਨ੍ਹਾਂ ਕਿਹਾ, “ਸਭ ਤੋਂ ਸਖ਼ਤ ਕਾਨੂੰਨੀ ਅਤੇ ਪੁਲਿਸ ਕਾਰਵਾਈ ਵੀ ਉਦੋਂ ਤੱਕ ਸਥਾਈ ਨਤੀਜੇ ਨਹੀਂ ਦੇ ਸਕਦੀ, ਜਦੋਂ ਤੱਕ ਪਰਿਵਾਰ ਅਤੇ ਸਮਾਜ ਨਸ਼ਿਆਂ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਹੀਂ ਨਿਭਾਉਂਦੇ। ਪੰਜਾਬ ਨੂੰ ਇਸ ਲੜਾਈ ਵਿੱਚ ਜਿੱਤ ਦਿਵਾਉਣ ਲਈ ਹਰੇਕ ਧਿਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।”

ਸੁਨਾਮ ਦੇ ਸਥਾਨਕ ਬੁਨਿਆਦੀ ਢਾਂਚੇ ਸਬੰਧੀ ਮੁੱਦਿਆਂ ’ਤੇ ਅਮਨ ਅਰੋੜਾ ਨੇ ਕਿਹਾ ਕਿ ਬਿਜਲੀ ਬੋਰਡ ਦੀਆਂ ਪੁਰਾਣੀਆਂ ਇਮਾਰਤਾਂ, 33 ਕੇ.ਵੀ. ਬਿਜਲੀ ਢਾਂਚੇ ਅਤੇ ਕਲੈਰੀਕਲ ਸਟਾਫ਼ ਲਈ ਦਫ਼ਤਰੀ ਥਾਂ ਦੀ ਘਾਟ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸੁਨਾਮ ਅਤੇ ਇਲਵਾਲ ਵਿਖੇ ਬਿਜਲੀ ਗਰਿੱਡ ਸਥਾਪਤ ਕਰਨ ਅਤੇ ਬਿਜਲੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਦਮ ਚੁੱਕੇ ਗਏ ਹਨ।

ਨਵੇਂ ਬਣੇ ਸਬ-ਡਵੀਜ਼ਨਲ ਕੰਪਲੈਕਸ ਦੀ ਸ਼ਲਾਘਾ ਕਰਨ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਆਧੁਨਿਕ ਬੁਨਿਆਦੀ ਢਾਂਚਾ ਤਿਆਰ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਦਾ ਇੱਕ ਹਿੱਸਾ ਹੈ, ਜਦਕਿ ਇਸ ਦੀ ਸਹੀ ਸਾਂਭ-ਸੰਭਾਲ ਵੀ ਓਨੀ ਹੀ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਜਨਤਕ ਜਾਇਦਾਦ ਪ੍ਰਤੀ ਜ਼ਿੰਮੇਵਾਰ ਰਵੱਈਆ ਅਪਣਾਉਣ ਅਤੇ ਲੋਕਾਂ ਦੀ ਸਹੂਲਤ ਲਈ ਤਿਆਰ ਕੀਤੇ ਗਏ ਬੁਨਿਆਦੀ ਢਾਂਚੇ ਦੀ ਸੰਭਾਲ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਵੱਖ ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਸਥਾਨਕ ਲੋਕ ਅਤੇ ਵਿਦਿਆਰਥੀ ਤੇ ਉਹਨਾਂ ਦੇ ਮਾਪੇ ਹਾਜ਼ਰ ਸਨ।