
ਹੁਸ਼ਿਆਰਪੁਰ, 28 ਨਵੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਵੱਲੋਂ ਹੁਸ਼ਿਆਰਪੁਰ ਮੈਡੀਕਲ ਕਾਲਜ ਦੇ ਭੂਮੀ ਪੂਜਨ ਨੂੰ ਲੈ ਕੇ ਉਠਾਏ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਾਬਕਾ ਮੰਤਰੀ ਤੱਥਾਂ ਦੀ ਪੂਰੀ ਜਾਣਕਾਰੀ ਤੋਂ ਬਿਨਾਂ ਬਿਆਨਬਾਜ਼ੀ ਕਰ ਰਹੇ ਹਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦਾ ਪ੍ਰੋਜੈਕਟ ਪਹਿਲਾਂ ਲਗਭਗ 550 ਕਰੋੜ ਰੁਪਏ ਦਾ ਸੀ, ਜਿਸ ਨੂੰ ਹੁਣ ਕਰੀਬ 274.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ। ਇਸ ਦਾ ਮੁੱਖ ਕਾਰਨ ਮੈਡੀਕਲ ਕਾਲਜ ਅਤੇ ਹਸਪਤਾਲ ਨੂੰ ਵੱਖ-ਵੱਖ ਥਾਵਾਂ ’ਤੇ ਬਣਾਉਣ ਦੀ ਬਜਾਏ ਇੱਕੋ ਕੈਂਪਸ ਵਿੱਚ ਸਥਾਪਿਤ ਕਰਨ ਦਾ ਫੈਸਲਾ ਹੈ।
ਵਿਧਾਇਕ ਜਿੰਪਾ ਨੇ ਸਪੱਸ਼ਟ ਕੀਤਾ ਕਿ ਪਹਿਲਾਂ ਮੈਡੀਕਲ ਕਾਲਜ ਅਤੇ ਹਸਪਤਾਲ ਲਈ ਵੱਖ-ਵੱਖ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿਚਕਾਰ ਕਰੀਬ 10 ਕਿਲੋਮੀਟਰ ਦੀ ਦੂਰੀ ਸੀ। ਹੁਣ ਦੋਵਾਂ ਸੰਸਥਾਵਾਂ ਨੂੰ ਇੱਕੋ ਕੈਂਪਸ ਵਿੱਚ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਨਾਲ ਨਾ ਸਿਰਫ਼ ਪ੍ਰੋਜੈਕਟ ਦੀ ਲਾਗਤ ਵਿੱਚ ਵੱਡੀ ਕਮੀ ਆਈ ਹੈ, ਸਗੋਂ ਵਿਦਿਆਰਥੀਆਂ, ਮਰੀਜ਼ਾਂ ਅਤੇ ਮੈਡੀਕਲ ਸਟਾਫ਼ ਨੂੰ ਵੀ ਵੱਡੀ ਸਹੂਲਤ ਮਿਲੇਗੀ। ਮੈਡੀਕਲ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਹਸਪਤਾਲ ਵਿੱਚ ਪ੍ਰੈਕਟੀਕਲ ਸਿਖਲਾਈ ਲਈ ਵੱਖ-ਵੱਖ ਥਾਵਾਂ ’ਤੇ ਜਾਣ ਦੀ ਪਰੇਸ਼ਾਨੀ ਨਹੀਂ ਝੱਲਣੀ ਪਵੇਗੀ।
ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਪ੍ਰੋਜੈਕਟ ਲਈ ਪਹਿਲੇ ਪੜਾਅ ਵਿੱਚ ਕਰੀਬ 41 ਕਰੋੜ 66 ਲੱਖ 66 ਹਜਾਰ 666 ਰੁਪਏ ਜਾਰੀ ਕੀਤੇ ਗਏ ਹਨ। ਇਸ ਵਿੱਚ ਪੰਜਾਬ ਸਰਕਾਰ ਵੱਲੋਂ ਆਪਣੇ ਹਿੱਸੇ ਦੇ 16 ਕਰੋੜ 66 ਲੱਖ 66 ਹਜ਼ਾਰ 666 ਰੁਪਏ ਵੀ ਜਾਰੀ ਕੀਤੇ ਜਾ ਚੁੱਕੇ ਹਨ। ਅਜਿਹੇ ਵਿੱਚ ਇਹ ਕਹਿਣਾ ਕਿ ਇਸ ਪ੍ਰੋਜੈਕਟ ਵਿੱਚ ਪੰਜਾਬ ਸਰਕਾਰ ਦਾ ਕੋਈ ਯੋਗਦਾਨ ਨਹੀਂ ਹੈ, ਪੂਰੀ ਤਰ੍ਹਾਂ ਤੱਥਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਬਾਰੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਪਹਿਲਾਂ ਸਿਆਸੀ ਆਗੂਆਂ ਨੂੱ ਪ੍ਰੋਜੈਕਟ ਨਾਲ ਸਬੰਧਤ ਤੱਥਾਂ ਅਤੇ ਸਰਕਾਰੀ ਰਿਕਾਰਡ ਦੀ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ।
ਵਿਧਾਇਕ ਜਿੰਪਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮੈਡੀਕਲ ਕਾਲਜ ਦੇ ਨਾਂ ’ਤੇ ਸਿਰਫ਼ ਦਾਅਵੇ ਕੀਤੇ ਅਤੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਦਾ ਕੰਮ ਕੀਤਾ, ਪਰ ਜ਼ਮੀਨੀ ਪੱਧਰ ’ਤੇ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਰੀਆਂ ਰੁਕਾਵਟਾਂ ਦੂਰ ਕੀਤੀਆਂ ਅਤੇ ਹੁਣ ਭੂਮੀ ਪੂਜਨ ਕਰਕੇ ਇਸ ਦੇ ਉਸਾਰੀ ਕਾਰਜ ਦੀ ਸ਼ੁਰੂਆਤ ਕਰਵਾਈ ਹੈ। ਉਨ੍ਹਾਂ ਨੇ ਸਾਬਕਾ ਮੰਤਰੀ ਨੂੰ ਉਨ੍ਹਾਂ ਦੇ ਸਿਆਸੀ ਕਾਰਜਕਾਲ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਉਹ ਸਾਲ 2007 ਤੋਂ 2011 ਤੱਕ ਪੰਜਾਬ ਸਰਕਾਰ ਵਿੱਚ ਮੈਡੀਕਲ ਸਿੱਖਿਆ ਮੰਤਰੀ ਰਹੇ ਹਨ। ਇਸ ਤੋਂ ਇਲਾਵਾ ਸਾਲ 2012 ਤੋਂ 2017 ਤੱਕ ਵੀ ਉਨ੍ਹਾਂ ਦਾ ਸਰਕਾਰ ਵਿੱਚ ਅਹਿਮ ਸਿਆਸੀ ਪ੍ਰਭਾਵ ਰਿਹਾ। ਵਿਧਾਇਕ ਨੇ ਸਵਾਲ ਕੀਤਾ ਕਿ ਆਪਣੇ ਇਨ੍ਹਾਂ ਕਾਰਜਕਾਲਾਂ ਦੌਰਾਨ ਉਹ ਹੁਸ਼ਿਆਰਪੁਰ ਵਿੱਚ ਮੈਡੀਕਲ ਕਾਲਜ ਨਹੀਂ ਬਣਵਾ ਸਕੇ। ਉਨ੍ਹਾ ਕਿਹਾ ਕਿ ਪਿਛਲੀਆਂ ਸਰਕਾਰਾਂ ਇਸ ਦਿਸ਼ਾ ਵਿੱਚ ਕੋਈ ਠੋਸ ਪ੍ਰਾਪਤੀ ਨਹੀਂ ਕਰ ਸਕੀਆਂ ਤਾਂ ਹੁਣ ਮੌਜੂਦਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ’ਤੇ ਸਵਾਲ ਉਠਾਉਣਾ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਭਾਜਪਾ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜ ਚੋਣਾਂ ਦੇ ਮੱਦੇਨਜ਼ਰ ਹਜ਼ਮ ਨਹੀਂ ਹੋ ਰਹੇ। ਹੁਸ਼ਿਆਰਪੁਰ ਵਿੱਚ ਮੈਡੀਕਲ ਕਾਲਜ ਦੀ ਉਸਾਰੀ ਇਲਾਕੇ ਦੇ ਲੋਕਾਂ ਲਈ ਇੱਕ ਵੱਡੀ ਪ੍ਰਾਪਤੀ ਹੈ। ਇਸ ਨਾਲ ਨਾ ਸਿਰਫ਼ ਸਿਹਤ ਸਹੂਲਤਾਂ ਵਿੱਚ ਸੁਧਾਰ ਹੋਵੇਗਾ, ਸਗੋਂ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਵੀ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੇ ਨਾਲ-ਨਾਲ ਕਈ ਅਜਿਹੀਆਂ ਲੋਕ-ਪੱਖੀ ਯੋਜਨਾਵਾਂ ਵੀ ਲਾਗੂ ਕੀਤੀਆਂ ਹਨ, ਜੋ ਚੋਣ ਮਨੋਰਥ ਪੱਤਰ ਦਾ ਹਿੱਸਾ ਤੱਕ ਨਹੀਂ ਸਨ। ਸਰਕਾਰ ਨੇ ਸਿੱਖਿਆ, ਸਿਹਤ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਅਜਿਹੇ ਕੰਮ ਕੀਤੇ ਹਨ, ਜੋ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਵਿਰੋਧੀ ਪਾਰਟੀਆਂ ਬੌਖਲਾਈਆਂ ਹੋਈਆਂ ਹਨ। ਪੰਜਾਬ ਦੇ ਲੋਕ ਸਰਕਾਰ ਦੇ ਕੰਮਕਾਜ ਨੂੰ ਦੇਖ ਰਹੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਵੀ ਵੱਡੇ ਬਹੁਮਤ ਨਾਲ ਮੁੜ ਸਰਕਾਰ ਬਣਾਏਗੀ।