Saturday, November 28Malwa News
Shadow

ਅਕਾਲੀ ਦਲ-ਭਾਜਪਾ ਗੱਠਜੋੜ ਮੀਟਿੰਗ: ਸੀਟਾਂ ਦੀ ਵੰਡ ‘ਤੇ ਅਜੇ ਕੋਈ ਚਰਚਾ ਨਹੀਂ, 8 ਦਸੰਬਰ ਦੀ ਰੈਲੀ ਦੀਆਂ ਤਿਆਰੀਆਂ ‘ਤੇ ਹੋਈ ਮੀਟਿੰਗ

ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਹੋਣ ਤੋਂ ਬਾਅਦ ਦੋਵਾਂ ਪਾਰਟੀਆਂ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਚੰਡੀਗੜ੍ਹ ਵਿੱਚ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਆਗੂਆਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ।

ਇਸ ਦੌਰਾਨ ਮੁੱਖ ਤੌਰ ‘ਤੇ 8 ਦਸੰਬਰ ਨੂੰ ਪੰਜਾਬ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੀਆਂ ਤਿਆਰੀਆਂ, ਪੰਜਾਬ ਦੀ ਸਿਆਸੀ ਸਥਿਤੀ, ਮਹਿਲਾ ਰਾਖਵਾਂਕਰਨ ਅਤੇ ਹਲਕਿਆਂ ਦੀ ਹੱਦਬੰਦੀ ਵਰਗੇ ਮੁੱਦਿਆਂ ‘ਤੇ ਗੱਲਬਾਤ ਹੋਈ। ਹਾਲਾਂਕਿ ਦੋਵਾਂ ਪਾਰਟੀਆਂ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਸੀਟਾਂ ਦੀ ਵੰਡ ਨੂੰ ਲੈ ਕੇ ਕੋਈ ਚਰਚਾ ਨਹੀਂ ਹੋਈ ਹੈ।


8 ਦਸੰਬਰ ਦੀ ਰੈਲੀ ਦੀਆਂ ਤਿਆਰੀਆਂ ‘ਤੇ ਹੋਈ ਚਰਚਾ

ਪ੍ਰੈੱਸ ਕਾਨਫਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ “ਭਾਜਪਾ ਦੇ ਸੂਬਾ ਪ੍ਰਧਾਨ ਨੂੰ ਮੀਟਿੰਗ ਲਈ ਸੱਦਿਆ ਗਿਆ ਸੀ। ਇਸ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਦੋਵਾਂ ਪਾਰਟੀਆਂ ਦੀਆਂ ਸਿਆਸੀ ਸਰਗਰਮੀਆਂ ਅਤੇ ਪ੍ਰਚਾਰ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। 8 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆ ਰਹੇ ਹਨ। ਇਸ ਰੈਲੀ ਨੂੰ ਲੈ ਕੇ ਵੀ ਮੀਟਿੰਗ ਵਿੱਚ ਵਿਸਥਾਰ ਨਾਲ ਚਰਚਾ ਹੋਈ।”



ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ “ਮੀਟਿੰਗ ਵਿੱਚ ਪੰਜਾਬ ਦੀ ਖੁਸ਼ਹਾਲੀ ਅਤੇ ਸੂਬੇ ਦੇ ਭਵਿੱਖ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ ਕੀਤਾ ਗਿਆ ਹੈ। 8 ਦਸੰਬਰ ਨੂੰ ਹੋਣ ਵਾਲੀ ਰੈਲੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮਦਿਨ ਮੌਕੇ ਹੋ ਰਹੀ ਹੈ ਅਤੇ ਇਸ ਦੀਆਂ ਤਿਆਰੀਆਂ ਨੂੰ ਲੈ ਕੇ ਵੀ ਚਰਚਾ ਕੀਤੀ ਗਈ।”


ਸੀਟਾਂ ਦੀ ਵੰਡ ‘ਤੇ ਅਜੇ ਗੱਲਬਾਤ ਨਹੀਂ, 117 ਹਲਕਿਆਂ ‘ਚ ਵਰਕਰ ਕਰ ਰਹੇ ਤਿਆਰੀ

ਗੱਠਜੋੜ ਤੋਂ ਬਾਅਦ ਸਭ ਤੋਂ ਵੱਡਾ ਸਵਾਲ ਦੋਵਾਂ ਪਾਰਟੀਆਂ ਵਿਚਾਲੇ ਵਿਧਾਨ ਸਭਾ ਦੀਆਂ 117 ਸੀਟਾਂ ਦੀ ਵੰਡ ਨੂੰ ਲੈ ਕੇ ਹੈ। ਦੋਵਾਂ ਪਾਰਟੀਆਂ ਦੇ ਵਰਕਰ ਆਪਣੇ-ਆਪਣੇ ਪੱਧਰ ‘ਤੇ ਸਾਰੇ ਹਲਕਿਆਂ ਵਿੱਚ ਤਿਆਰੀਆਂ ਕਰ ਰਹੇ ਹਨ। ਅਜਿਹੇ ਵਿੱਚ ਇਹ ਸਵਾਲ ਵੀ ਉੱਠ ਰਿਹਾ ਹੈ ਕਿ ਆਖ਼ਰ ਕਿਹੜੀ ਪਾਰਟੀ ਕਿੰਨੀਆਂ ਸੀਟਾਂ ‘ਤੇ ਚੋਣ ਲੜੇਗੀ ਅਤੇ ਟਿਕਟਾਂ ਦੀ ਵੰਡ ਕਿਵੇਂ ਹੋਵੇਗੀ?


ਇਸ ਸਵਾਲ ਦਾ ਜਵਾਬ ਦਿੰਦਿਆਂ ਸੁਨੀਲ ਜਾਖੜ ਨੇ ਕਿਹਾ ਕਿ “ਮੀਟਿੰਗ ਵਿੱਚ ਸੀਟਾਂ ਦੀ ਵੰਡ ਨੂੰ ਲੈ ਕੇ ਕੋਈ ਚਰਚਾ ਨਹੀਂ ਹੋਈ। ਫਿਲਹਾਲ ਧਿਆਨ 8 ਦਸੰਬਰ ਦੀ ਰੈਲੀ ਦੀਆਂ ਤਿਆਰੀਆਂ ‘ਤੇ ਹੈ।” ਜਦੋਂ ਉਨ੍ਹਾਂ ਨੂੰ ਦੋਵਾਂ ਪਾਰਟੀਆਂ ਦੇ ਵਰਕਰਾਂ ਵੱਲੋਂ ਸਾਰੇ 117 ਹਲਕਿਆਂ ਵਿੱਚ ਤਿਆਰੀਆਂ ਕੀਤੇ ਜਾਣ ਅਤੇ ਭਵਿੱਖ ਵਿੱਚ ਟਿਕਟਾਂ ਨੂੰ ਲੈ ਕੇ ਸੰਭਾਵਿਤ ਨਾਰਾਜ਼ਗੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ “ਕਿਸੇ ਤਰ੍ਹਾਂ ਦੀ ਨਾਰਾਜ਼ਗੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਤੇ ਢੁੱਕਵੇਂ ਢੰਗ ਨਾਲ ਐਡਜਸਟ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।”


ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਵੀ ਦੋਵਾਂ ਪਾਰਟੀਆਂ ਦੀ ਸਹਿਮਤੀ

ਪ੍ਰੈੱਸ ਕਾਨਫਰੰਸ ਦੌਰਾਨ ਮਹਿਲਾ ਰਾਖਵਾਂਕਰਨ ਅਤੇ ਲੋਕ ਸਭਾ ਤੇ ਵਿਧਾਨ ਸਭਾ ਹਲਕਿਆਂ ਦੀ ਹੱਦਬੰਦੀ ਦਾ ਮੁੱਦਾ ਵੀ ਉੱਠਿਆ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਇਨ੍ਹਾਂ ਮੁੱਦਿਆਂ ‘ਤੇ ਗੱਠਜੋੜ ਦੇ ਨਾਲ ਖੜ੍ਹਾ ਹੈ। ਇਸ ‘ਤੇ ਸੁਨੀਲ ਜਾਖੜ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਨਗਣਨਾ ਦੇ ਨਤੀਜਿਆਂ ਦੇ ਅਧਾਰ ‘ਤੇ ਹੱਦਬੰਦੀ ਦੀ ਪ੍ਰਕਿਰਿਆ ਅੱਗੇ ਵਧਣੀ ਹੈ। ਇਸ ਲਈ ਪਹਿਲਾਂ ਤੋਂ ਤਿਆਰੀ ਕਰਨੀ ਜ਼ਰੂਰੀ ਹੈ।


ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜਿਆਂ ਦੇ ਅਧਾਰ ‘ਤੇ ਹੋਣ ਵਾਲੀ ਪ੍ਰਕਿਰਿਆ ਵਿੱਚ ਕਿਸੇ ਤਰ੍ਹਾਂ ਦੀ ਗੜਬੜ ਜਾਂ ਗਿਣਤੀ ਸਬੰਧੀ ਅਸਪੱਸ਼ਟਤਾ ਨਹੀਂ ਹੋਣੀ ਚਾਹੀਦੀ। ਇਸ ਲਈ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।



ਹਰ ਪੀੜ੍ਹੀ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਣ ਦੀ ਗੱਲ

ਸੁਨੀਲ ਜਾਖੜ ਨੇ ਨਵੀਂ ਪੀੜ੍ਹੀ ਅਤੇ ਵੱਖ-ਵੱਖ ਉਮਰ ਵਰਗਾਂ ਦੀਆਂ ਲੋੜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਹਰ ਪੀੜ੍ਹੀ ਨੂੰ ਧਿਆਨ ਵਿੱਚ ਰੱਖ ਕੇ ਨੀਤੀਆਂ ਬਣਾਈਆਂ ਜਾਣ। ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਜਾਣ ਵਾਲੇ ਵਾਅਦਿਆਂ ਅਤੇ ਉਨ੍ਹਾਂ ਤੱਕ ਪਹੁੰਚਾਏ ਜਾਣ ਵਾਲੇ ਸੁਨੇਹੇ ਵਿੱਚ ਵੀ ਹਰ ਪੀੜ੍ਹੀ ਦੀਆਂ ਲੋੜਾਂ ਨੂੰ ਜਗ੍ਹਾ ਮਿਲਣੀ ਚਾਹੀਦੀ ਹੈ। ਉਨ੍ਹਾਂ ਮੁਤਾਬਕ ਨੌਜਵਾਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰਨ ਦੀ ਲੋੜ ਹੈ।


ਪੰਜਾਬ ਦੇ ਲੋਕ ਚੋਣਾਂ ਦੀ ਉਡੀਕ ਕਰ ਰਹੇ ਹਨ – ਸੁਨੀਲ ਜਾਖੜ

ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਸੁਨੀਲ ਜਾਖੜ ਨੇ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਮੌਜੂਦਾ ਹਲਾਤ ਤੋਂ ਪ੍ਰੇਸ਼ਾਨ ਹਨ ਅਤੇ ਚੋਣਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਚੋਣਾਂ ਦੌਰਾਨ ਆਪਣਾ ਫੈਸਲਾ ਸੁਣਾਉਣਗੇ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੀਆਂ ਚੋਣਾਂ ਵਿੱਚ ਗੱਠਜੋੜ ਨੂੰ ਲੋਕਾਂ ਦਾ ਵੱਡਾ ਸਮਰਥਨ ਮਿਲੇਗਾ।