Sunday, September 21Malwa News
Shadow

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 28 ਜੂਨ, 2024 –

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬੰਗਾ ਸ਼ਹਿਰ ਦੀ ਰਹਿਣ ਵਾਲੀ ਰੇਖਾ ਦੇਵੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਬੰਗਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਅਦਾਲਤ ਵਿੱਚ ਚਲਾਣ ਪੇਸ਼ ਕਰਨ ਮੌਕੇ ਉਸਦੇ ਲੜਕੇ ਦਾ ਪੱਖ ਲੈਣ ਅਤੇ ਅਦਾਲਤ ਵਿਚੋਂ ਉਸ ਨੂੰ ਇਸ ਕੇਸ ਵਿੱਚੋਂ ਬਰੀ ਕਰਵਾਉਣ  ਬਦਲੇ 10,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਕੋਲੋਂ ਪਹਿਲਾਂ ਹੀ ਰਿਸ਼ਵਤ ਵਜੋਂ ਕਿਸ਼ਤਾਂ ਵਿੱਚ 5500 ਰੁਪਏ ਲੈ ਚੁੱਕਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।