ਅੰਮ੍ਰਿਤਸਰ, 15 ਦਸੰਬਰ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਅੰਮ੍ਰਿਤਸਰ ਦੇ ਲੋਕਾਂ ਲਈ ਪੰਜ ਗਰੰਟੀਆਂ ਦਾ ਐਲਾਨ ਕੀਤਾ। ਅੱਜ ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ 100 ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ। ਇਸ ਤੋਂ ਇਲਾਵਾ ਸ਼ਹਿਰ ਵਿਚ 100 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਸੀਵਰੇਜ਼ ਲਈ ਐਸ ਟੀ ਪੀ ਪਲਾਂਟ ਲਗਾਇਆ ਜਾਵੇਗਾ। ਪੂਰੇ ਸ਼ਹਿਰ ਵਿਚ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਗਰੀਬ ਲੋਕਾਂ ਨੂੰ ਸਸਤੇ ਘਰ ਮੁਹਈਆ ਕਰਵਾਏ ਜਾਣਗੇ।
ਨਗਰ ਨਿਗਮ ਚੋਣਾ ਲਈ ਆਮ ਆਦਮੀ ਪਾਰਟੀ ਵਲੋਂ ਵਿੱਢੀ ਗਈ ਮੁਹਿੰਮ ਤੋਂ ਆਸਵੰਦ ਅਮਨ ਅਰੋੜਾ ਨੇ ਯਕੀਨ ਪ੍ਰਗਟ ਕੀਤਾ ਕਿ ਅੰਮ੍ਰਿਤਸਰ ਵਿਚ ਸਾਰੇ ਵਾਰਡਾਂ ਤੋਂ ਹੀ ਆਪ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਆਮ ਲੋਕ ਪੂਰੇ ਖੁਸ਼ ਹਨ। ਹੁਣ ਤੱਕ ਕਿਸੇ ਵੀ ਸਰਕਾਰ ਨੇ ਇਨੇਂ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਨਹੀਂ ਕਰਵਾਏ। ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤਸਰ 977 ਵਾਰਡ ਹਨ। ਇਨ੍ਹਾਂ ਵਾਰਡਾਂ ਤੋਂ ਉਮੀਦਵਾਰਾਂ ਦੀ ਚੋਣ ਲਈ ਮੰਗੀਆਂ ਅਰਜੀਆਂ ਦੌਰਾਨ ਪੰਜ ਹਜਾਰ ਤੋਂ ਵੀ ਵੱਧ ਅਰਜੀਆਂ ਪ੍ਰਾਪਤ ਹੋਈਆਂ ਸਨ। ਇਸ ਤੋਂ ਸਾਬਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਹੈ।
ਅਮਨ ਅਰੋੜਾ ਨੇ ਕਿਹਾ ਕਿ ਇਹ ਚੋਣ ਵਾਅਦੇ ਹੀ ਨਹੀਂ ਸਗੋਂ ਅੰਮ੍ਰਿਤਸਰ ਦੇ ਲੋਕਾਂ ਨਾਲ ਸਾਡੀ ਪੱਕੀ ਵਚਨਬੱਧਤਾ ਹੈ। ਚੋਣਾ ਤੋਂ ਬਾਅਦ ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦਾ ਮੇਅਰ ਬਨਣ ਦੇ ਨਾਲ ਹੀ ਸਾਰੇ ਕੰਮ ਸ਼ੁਰੂ ਹੋ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਹ ਸਾਰੀਆਂ ਗਰੰਟੀਆਂ ਮਾਹਿਰਾਂ ਨਾਲ ਪੂਰੀ ਤਰਾਂ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਹੀ ਐਲਾਨੀਆਂ ਗਈਆਂ ਗਈਆਂ ਹਨ।