ਚੰਡੀਗੜ੍ਹ, 2 ਦਸੰਬਰ : ਆਮ ਆਦਮੀ ਪਾਰਟੀ ਨੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਕਰਵਾਈਆਂ ਜਾ ਰਹੀਆਂ ਨਗਰ ਪ੍ਰੀਸ਼ਦਾਂ ਅਤੇ ਨਗਰ ਨਿਗਮਾਂ ਦੀਆਂ ਚੋਣਾ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਤੋਂ ਬਾਅਦ ਕਰਵਾਈਆਂ ਜਾਣ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਆਮ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਚੋਣ ਕਮਿਸ਼ਨ ਨੂੰ ਚਾਹੀਦਾ ਹੈ ਕਿ ਚੋਣਾ ਦੀਆਂ ਤਰੀਕਾਂ ਦਾ ਐਲਾਨ ਕਰਨ ਤੋਂ ਪਹਿਲਾਂ ਇਸ ਮਾਮਲੇ ਨੂੰ ਧਿਆਨ ਵਿਚ ਰੱਖਿਆ ਜਾਵੇ। ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਵੀ ਇਹ ਮੁੱਦਾ ਉਠਾਇਆ ਜਾ ਰਿਹਾ ਹੈ। ਇਸ ਲਈ ਚੋਣ ਕਮਿਸ਼ਨ ਨੂੰ ਚਾਹੀਦਾ ਹੈ ਕਿ ਸ਼ਹੀਦੀ ਦਿਹਾੜੇ ਦੌਰਾਨ ਦੀਆਂ ਤਰੀਕਾਂ ਦਾ ਐਲਾਨ ਨਾ ਕੀਤਾ ਜਾਵੇ। ਕਿਉਂਕਿ ਇਸ ਪੂਰੇ ਹਫਤੇ ਦੌਰਾਨ ਪੰਜਾਬ ਵਿਚ ਸ਼ੋਕ ਦਾ ਮਹੌਲ ਰਹਿੰਦਾ ਹੈ। ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕਰਕੇ ਪੰਜਾਬ ਦੇ ਲੋਕ ਉਦਾਸ ਰਹਿੰਦੇ ਹਨ। ਇਸ ਲਈ ਇਸ ਹਫਤੇ ਦੌਰਾਨ ਨਾ ਤਾਂ ਕੋਈ ਤਿਉਹਾਰ ਹੀ ਮਨਾਇਆ ਜਾਂਦਾ ਹੈ ਅਤੇ ਨਾ ਹੀ ਕੋਈ ਖੁਸ਼ੀ ਦਾ ਸਮਾਗਮ ਹੁੰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਨਗਰ ਨਿਗਮ ਚੋਣਾ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵੀ ਕੁੱਝ ਸਖਤ ਹੁਕਮ ਹਨ। ਇਸ ਲਈ ਚੋਣ ਕਮਿਸ਼ਨ ਨੇ ਇਨ੍ਹਾਂ ਹੁਕਮਾਂ ਨੂੰ ਵੀ ਧਿਆਨ ਵਿਚ ਰੱਖਣਾ ਹੈ।