Sunday, February 8Malwa News
Shadow

ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਹੋਇਆ ਵਾਧਾ; ਹੋਰ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕ 

ਸੰਗਰੂਰ 8 ਫਰਵਰੀ:- ਆਮ ਆਦਮੀ ਪਾਰਟੀ ਦੀ ਲੋਕ-ਪੱਖੀ, ਇਮਾਨਦਾਰ ਅਤੇ ਵਿਕਾਸ ਅਧਾਰਤ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਧੂਰੀ ਵਿਖੇ ਹੋਰ ਪਾਰਟੀਆਂ ਨੂੰ ਛੱਡ ਕੇ ਅੱਜ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਇਨ੍ਹਾਂ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਬਲਾਕ ਸੰਮਤੀ ਮੈਂਬਰ ਗੁਰਮੀਤ ਕੌਰ, ਪਰਮਜੀਤ ਸਿੰਘ, ਸੰਦੀਪ ਬਾਂਸਲ, ਡਿੱਕੀ ਗੋਇਲ, ਰਾਜੂ ਅਤੇ ਗੌਤਮ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।

ਇਸ ਮੌਕੇ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਕੰਮਾਂ ਨੇ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਫੈਸਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਸਿਹਤ ਖੇਤਰ ਵਿੱਚ ਕ੍ਰਾਂਤੀ ਲਿਆਉਂਦਿਆਂ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕਦਿਆਂ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨਸ ਅਤੇ ਸਕੂਲ ਆਫ਼ ਬਰੀਲੀਐਂਸ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦੀ ਸੂਰਤ ਬਦਲੀ ਹੈ।

ਰੋਜ਼ਗਾਰ ਦੇ ਖੇਤਰ ਵਿੱਚ ਸਰਕਾਰ ਵੱਲੋਂ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਪ੍ਰਦਾਨ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਗਿਆ ਹੈ। ਇਸ ਤੋਂ ਇਲਾਵਾ 600 ਯੂਨਿਟ ਮੁਫ਼ਤ ਬਿਜਲੀ, ਪਿੰਡਾਂ ਵਿੱਚ ਖੇਡ ਮੈਦਾਨਾਂ ਅਤੇ ਲਾਇਬਰੇਰੀਆਂ ਦੀ ਸਥਾਪਨਾ ਕਰਕੇ ਸੂਬਾ ਵਾਸੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਅਹਿਮ ਕਦਮ ਚੁੱਕੇ ਗਏ ਹਨ।

ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ’ਤੇ ਭਰੋਸਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਪਾਰਟੀ ਹੀ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸੱਚੀ ਨੀਅਤ ਨਾਲ ਕੰਮ ਕਰ ਰਹੀ ਹੈ। ਅੰਤ ਵਿੱਚ ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਅਹਿਦ ਲਿਆ।

ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਪੁਸ਼ਪਿੰਦਰ ਸ਼ਰਮਾ ਸਮੇਤ ਵੱਡੀ ਗਿਣਤੀ ਆਗੂ ਮੌਜੂਦ ਸਨ।