ਚੰਡੀਗੜ੍ਹ, 10 ਦਸੰਬਰ : ਪੰਜਾਬ ਵਿਚ ਕਰਵਾਈਆਂ ਜਾ ਰਹੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾ ਲਈ ਆਮ ਆਦਮੀ ਪਾਰਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਅੱਜ ਇਕ ਵਿਸ਼ੇਸ਼ ਮੀਟਿੰਗ ਕੀਤੀ ਜਿਸ ਵਿਚ ਪਾਰਟੀ ਦੇ ਜਿਲਾ ਪ੍ਰਧਾਨਾਂ ਤੋਂ ਇਲਾਵਾ ਸਟੇਟ ਦੇ ਆਹੁਦੇਦਾਰ, ਵਿਧਾਇਕ, ਮੰਤਰੀ ਅਤੇ ਸੀਨੀਅਰ ਆਗੂ ਸ਼ਾਮਲ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਚੋਣਾ ਲਈ ਉਮੀਦਵਾਰਾਂ ਦੀ ਚੋਣ ਬਹੁਤ ਹੀ ਮੈਰਿਟ ਦੇ ਆਧਾਰ ‘ਤੇ ਪੂਰੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਆਗੂਆਂ ਵਲੋਂ ਚੋਣਾ ਲੜਨ ਲਈ ਦਿਖਾਇਆ ਜਾ ਰਿਹਾ ਉਤਸ਼ਾਹ ਦੱਸ ਰਿਹਾ ਹੈ ਕਿ ਇਨ੍ਹਾਂ ਚੋਣਾ ਵਿਚ ਪਾਰਟੀ ਦੀ ਜਿੱਤ ਯਕੀਨੀ ਹੈ।
ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿਚ ਜਿੱਤ ਲਈ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਜਨਰਲ ਸਕੱਤਰ ਡਾ. ਸੰਦੀਪ ਪਾਠਕ ਦੀ ਅਗਵਾਈ ਹੇਠ ਪੰਜਾਬ ਨੂੰ 10 ਜੋਨਾਂ ਵਿਚ ਵੰਡਿਆ ਗਿਆ ਹੈ। ਉਮੀਦਵਾਰਾਂ ਦੀ ਚੋਣ ਲਈ ਇਸ ਪ੍ਰਕਿਰਿਆ ਦੀ ਨਿਗਰਾਨੀ ਹਰੇਕ ਜ਼ੋਨ ਵਿਚ 9 ਮੈਂਬਰੀ ਕਮੇਟੀ ਕਰੇਗੀ।
ਇਹ ਪਹਿਲੀ ਵਾਰ ਹੋਇਆ ਹੈ ਕਿ ਪਾਰਟੀ ਦੇ 350 ਆਹੁਦੇਦਾਰਾਂ ਨੇ ਸਕਰੀਨਿੰਗ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲਿਆ। ਸੰਭਾਵੀ ਉਮੀਦਵਾਰਾਂ ਵਲੋਂ ਦਿੱਤੀਆਂ ਗਈਆਂ ਵੱਡੀ ਗਿਣਤੀ ਵਿਚ ਅਰਜੀਆਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ ਕਿ ਪਾਰਟੀ ਬਹੁਤ ਮਜਬੂਤੀ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਹਰ ਵਾਰਡ ਵਿਚੋਂ ਲਗਭਗ 12 ਤੋਂ 15 ਅਰਜੀਆਂ ਪ੍ਰਾਪਤ ਹੋਈਆਂ ਹਨ।