ਚੰਡੀਗੜ੍ਹ, 24 ਨਵੰਬਰ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾ ਵਿਚ ਹੋਈ ਜਿੱਤ ਲਈ ਪਾਰਟੀ ਦੇ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਜਿੱਤ ਪਾਰਟੀ ਵਰਕਰਾਂ ਦੀ ਲਗਨ ਅਤੇ ਮਿਹਨਤ ਦਾ ਹੀ ਸਿੱਟਾ ਹੈ।
ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਚਾਰ ਹਲਕਿਆਂ ਵਿਚੋਂ ਤਿੰਨ ਹਲਕਿਆਂ ਜਿੱਤ ਹਾਸਲ ਕਰਕੇ ਆਮ ਆਦਮੀ ਪਾਰਟੀ ਨੇ ਵਿਰੋਧੀਆਂ ਨੂੰ ਮਾਤ ਪਾਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਪ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਹਮਾਇਤ ਕਰਦੇ ਨੇ ਅਤੇ ਪੰਜਾਬ ਵਿਚ ਭਰਿਸ਼ਟਾਚਾਰ ਮੁਕਤ ਪ੍ਰਸਾਸ਼ਨ ਚਾਹੁੰਦੇ ਹਨ। ਉ੍ਹਨਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਨੂੰ ਸਵੀਕਾਰ ਕੀਤਾ ਹੈ ਅਤੇ ਸਰਕਾਰ ਦੀਆਂ ਨੀਤੀਆਂ ਦੀ ਪ੍ਰੋੜਤਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਟੀਮ ਪੂਰੀ ਇਕਜੁੱਟਤਾ ਨਾਲ ਲੋਕਾਂ ਦੀ ਸੇਵਾ ਕਰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਭਰਿਸ਼ਟਾਚਾਰ ਦੇ ਖਾਤਮੇ ਦੇ ਨਾਲ ਨਾਲ ਸਿੱਖਿਆ, ਸਿਹਤ ਸੰਭਾਲ ਅਤੇ ਰੋਜਗਾਰ ਦੇ ਮੌਕਿਆਂ ਦੀ ਉਪਲਭਤਾ ਹੀ ਆਮ ਆਦਮੀ ਪਾਰਟੀ ਦਾ ਮੁੱਖ ਟੀਚਾ ਹੈ। ਇਹ ਪਹਿਲੀ ਸਰਕਾਰ ਹੈ ਜਿਸ ਨੇ ਪਹਿਲੇ ਢਾਈ ਸਾਲਾਂ ਵਿਚ ਹੀ 48 ਹਜਾਰ ਨੌਕਰੀਆਂ ਦਿੱਤੀਆਂ ਹਨ।
ਅਮਨ ਅਰੋੜਾ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਆਪਣੇ ਹਲਕਿਆਂ ਵਿਚ ਹੋਈ ਉਨ੍ਹਾਂ ਦੀ ਹਾਰ ਦਰਸਾਉਂਦੀ ਹੈ ਕਿ ਲੋਕ ਕਾਂਗਰਸ ਦੀਆਂ ਗੁੰਮਰਾਹਕੁੰਨ ਨੀਤੀਆਂ ਨੂੰ ਚੰਗੀ ਤਰਾਂ ਸਮਝਣ ਲੱਗ ਪਏ ਹਨ।
ਇਸ ਮੌਕੇ ਅਮਨ ਅਰੋੜਾ ਦੇ ਨਾਲ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਅਤੇ ਹੋਰ ਆਗੂ ਵੀ ਹਾਜਰ ਸਨ।