
ਅੰਮ੍ਰਿਤਸਰ, 14 ਜਨਵਰੀ : ਅੱਜ ਆਮ ਆਦਮੀ ਪਾਰਟੀ ਨੂੰ ਅੰਮ੍ਰਿਤਸਰ ਵਿਚ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਦੋ ਆਜਾਦ ਕੌਂਸਲਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਨਗਰ ਨਿਗਮ ਅੰਮ੍ਰਿਤਸਰ ਦੇ ਵਾਰਡ ਨੰਬਰ 67 ਤੋਂ ਆਜ਼ਾਦ ਕੌਂਸਲਰ ਅਨੀਤਾ ਰਾਣੀ ਅਤੇ ਵਾਰਡ ਨੰਬਰ 63 ਤੋਂ ਊਸ਼ਾ ਰਾਣੀ ਨੇ ਅੱਜ ਆਮ ਆਦਮੀ ਪਾਰਟੀ ਜੁਆਇਨ ਕਰ ਲਈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੋਵਾਂ ਕੌਂਸਲਰਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਦੇ ਸਾਫ ਸੁਥਰੇ ਤੇ ਪਾਰਦਰਸ਼ੀ ਪ੍ਰਸਾਸਨ ਤੋਂ ਲੋਕ ਬਹੁਤ ਖੁਸ਼ ਹਨ। ਇਸ ਲਈ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇ ਰਹੇ ਹਨ। ਉਨ੍ਹਾਂ ਨੇ ਨਵੇਂ ਸ਼ਾਮਲ ਹੋਏ ਦੋਵੇਂ ਕੌਂਸਲਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਾਰਟੀ ਵਿਚ ਪੂਰਾ ਮਾਨ ਸਤਿਕਾਰ ਕੀਤਾ ਜਾਵੇਗਾ।
ਇਸੇ ਦੌਰਾਨ ਹੀ ਨਵੀਂ ਚੁਣੀ ਗਈ ਨਗਰ ਪੰਚਾਇਤ ਦਿੜ੍ਹਬਾ ਦੇ ਆਹੁਦੇਦਾਰਾਂ ਦੀ ਸਰਵ ਸੰਮਤੀ ਨਾਲ ਚੋਣ ਕੀਤੀ ਗਈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿਚ ਮਨਜਿੰਦਰ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਅਤੇ ਜਸਪ੍ਰੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਚੁਣੇ ਗਏ ਆਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਦਿੜ੍ਹਬਾ ਦੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਲਈ ਉਨ੍ਹਾਂ ਨੇ ਨਵੇਂ ਚੁਣੇ ਗਏ ਆਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਵਿਕਾਸ ਕਾਰਜ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹੇ ਜਾਣ ਅਤੇ ਫੰਡਾਂ ਵਿਚ ਕਿਸੇ ਵੀ ਕਿਸਮ ਦੀ ਹੇਰਾਫੇਰੀ ਦਾ ਕੋਈ ਮੌਕਾ ਨਾ ਦਿੱਤਾ ਜਾਵੇ।