ਚੰਡੀਗੜ੍ਹ, 11 ਦਸੰਬਰ : ਪੰਜਾਬ ਵਿਚ 21 ਦਸੰਬਰ ਨੂੰ ਹੋ ਰਹੀਆਂ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾ ਲਈ ਆਮ ਆਦਮੀ ਪਾਰਟੀ ਨੇ ਅੱਜ 784 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਕੁੱਲ 977 ਵਾਰਡਾਂ ਲਈ ਪੰਜ ਹਜਾਰ ਤੋਂ ਵੀ ਵੱਧ ਅਰਜੀਆਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ਵਿਚੋਂ 784 ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਜਾਰੀ ਕਰ ਦਿੱਤੀ ਗਈ ਹੈ ਅਤੇ ਬਾਕੀ ਉਮੀਦਵਾਰਾਂ ਦਾ ਵੀ ਜਲਦੀ ਐਲਾਨ ਕਰ ਦਿੱਤਾ ਜਾਵੇਗਾ।
ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪਿਛਲੇ ਢਾਈ ਸਾਲਾਂ ਦੌਰਾਨ ਸਰਕਾਰ ਵਲੋਂ ਰਿਕਾਰਡ ਤੋੜ ਵਿਕਾਸ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਵਿਚ ਨਵੇਂ ਸੁਧਾਰ ਕੀਤੇ ਗਏ ਹਨ। ਇਸ ਲਈ ਅੱਜਕੱਲ੍ਹ ਪੰਜਾਬ ਦੇ ਲੋਕਾਂ ਵਲੋਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨੂੰ ਹੀ ਮਜਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਉਮੀਦਵਾਰਾਂ ਦੀ ਚੋਣ ਕਰਨ ਲਈ ਇਕ ਬਹੁਤ ਹੀ ਪਾਰਦਰਸ਼ੀ ਅਤੇ ਨਿਰਪੱਖ ਪ੍ਰਕਿਰਿਆ ਅਪਣਾਈ ਜਾ ਰਹੀ ਹੈ। ਪਹਿਲੀ ਸੂਚੀ ਵਿਚ ਲੁਧਿਆਣਾ ਦੇ 94 ਵਾਰਡ, ਪਟਿਆਲਾ ਦੇ 56 ਵਾਰਡ ਅਤੇ ਅੰਮ੍ਰਿਤਸਰ 74 ਵਾਰਡਾਂ ਦੇ ਉਮੀਦਵਾਰ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਬਾਕੀ ਸਾਰੇ ਉਮੀਦਵਾਰਾਂ ਬਾਰੇ ਅੱਜ ਰਾਤ ਤੱਕ ਫੈਸਲਾ ਕੀਤੇ ਜਾਣ ਦੀ ਉਮੀਦ ਹੈ।