ਚੰਡੀਗੜ੍ਹ, 13 ਦਸੰਬਰ : ਸੰਘਰਸ਼ ਕਰ ਰਹੇ ਕਿਸਾਨਾਂ ਬਾਰੇ ਭਾਰਤੀ ਜਨਤਾ ਪਾਰਟੀ ਦੇ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜ ਵਲੋਂ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਸਖਤ ਨੋਟਿਸ ਲੈਂਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਇਹ ਬਿਆਨ ਭਾਜਪਾ ਦੀ ਮਾੜੀ ਮਾਨਸਿਕਤਾ ਦੀ ਨਿਸ਼ਾਨੀ ਹਨ।
ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਆਗੂ ਵਲੋਂ ਕਿਸਾਨ ਅੰਦੋਲਨ ਦੌਰਾਨ 700 ਕੁੜੀਆਂ ਦੇ ਲਾਪਤਾ ਹੋਣ ਅਤੇ ਪੰਜਾਬੀਆਂ ‘ਤੇ ਨਸ਼ੇ ਫੈਲਾਉਣ ਦੇ ਲਾਏ ਗਏ ਦੋਸ਼ ਬਹੁਤ ਹੀ ਨਿੰਦਣਯੋਗ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਆਗੂਆਂ ਵਲੋਂ ਲਗਾਤਾਰ ਕਿਸਾਨਾਂ ਦਾ ਅਕਸ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਨੀਲ ਗਰਗ ਨੇ ਕਿਹਾ ਕਿ ਕਿਸਾਨ ਅੰਦੋਲਨ ਇਕ ਇਤਿਹਾਸਕ ਸੰਘਰਸ਼ ਸੀ, ਜਿਸ ਨੇ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਲੋਕਾਂ ਦਾ ਧਿਆਨ ਖਿੱਚਿਆ। ਉਨ੍ਹਾਂ ਨੇ ਕਿਹਾ ਕਿ ਹੁਣ ਵੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਤਾਂ ਕਿਸਾਨਾਂ ਨਾਲ ਗੱਲਬਾਤ ਵੀ ਨਹੀਂ ਕੀਤੀ ਜਾ ਰਹੀ।