ਚੰਡੀਗੜ੍ਹ, 10 ਜਨਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿਚ ਪਾਰਟੀ ਦਾ ਇਕ ਵਫਦ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ ਅਤੇ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀਆਂ ਕੋਸ਼ਿਸ਼ਾਂ ਖਿਲਾਫ ਰੋਸ ਪ੍ਰਗਟ ਕੀਤਾ। ਇਸ ਵਫਦ ਨੇ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਦੇ ਸਲਾਹਕਾਰ ਦੇ ਆਹੁਦੇ ਦੀ ਥਾਂ ਮੁੱਖ ਸਕੱਤਰ ਦੀ ਨਿਯੁਕਤੀ ਕਰਨ ਦਾ ਵਿਰੋਧ ਕੀਤਾ।
ਰਾਜਪਾਲ ਨਾਲ ਮੁਲਾਕਾਤ ਤੋਂ ਪਿਛੋਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਹੀ ਚੰਡੀਗੜ੍ਹ ਦੇ ਰਾਜਪਾਲ ਦੇ ਸਲਾਹਕਾਰ ਦਾ ਆਹੁਦਾ ਖਤਮ ਕਰਕੇ ਮੁੱਖ ਸਕੱਤਰ ਦੇ ਆਹੁਦੇ ‘ਤੇ ਨਿਯੁਕਤੀ ਕਰ ਦਿੱਤੀ ਹੈ। ਇਹ ਨਿਯੁਕਤੀ ਚੰਡੀਗੜ੍ਹ ‘ਤੇ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਪੰਜਾਬ ਅਤੇ ਹਰਿਆਣਾ ਦੀ ਵੰਡ ਹੋਈ ਤਾਂ ਚੰਡੀਗੜ੍ਹ ਨੂੰ ਟੈਂਪਰੇਰੀ ਤੌਰ ‘ਤੇ ਕੇਂਦਰੀ ਸਾਸ਼ਤ ਪ੍ਰਦੇਸ਼ ਦਾ ਦਰਜਾ ਦਿੱਤਾ ਗਿਆ ਸੀ ਅਤੇ ਪੰਜ ਸਾਲ ਬਾਅਦ ਹਰਿਆਣਾ ਦੀ ਵੱਖਰੀ ਰਾਜਧਾਨੀ ਬਣਾ ਕੇ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਗੱਲ ਕਹੀ ਗਈ ਸੀ। ਪਰ ਬਾਅਦ ਵਿਚ ਸਾਰੀਆਂ ਹੀ ਸਰਕਾਰਾਂ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਿਆਂ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹੀਆਂ ਹਨ। ਭਾਵੇਂ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਹੋਵੇ ਭਾਵੇਂ ਭਾਜਪਾ ਦੀ। ਸਾਰੀਆਂ ਸਰਕਾਰਾਂ ਨੇ ਹੀ ਪੰਜਾਬ ਨਾਲ ਬੇਇਨਸਾਫੀ ਦੀ ਕੋਸ਼ਿਸ਼ ਕੀਤੀ ਹੈ। ਹੁਣ ਫੇਰ ਭਾਜਪਾ ਵਲੋਂ ਪੰਜਾਬ ਦੇ ਚੰਡੀਗੜ੍ਹ ‘ਤੇ ਅਧਿਕਾਰਾਂ ਨੂੰ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਆਮ ਆਦਮੀ ਪਾਰਟੀ ਵਲੋਂ ਇਹ ਕੋਸ਼ਿਸ਼ਾਂ ਕਦੇ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ 27 ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਬਣਾਇਆ ਗਿਆ ਸੀ। ਇਸ ਲਈ ਇਤਿਹਾਸਕ ਪੱਖੋਂ, ਸਿਆਸੀ ਪੱਖੋਂ ਅਤੇ ਸਮਾਜਿਕ ਪੱਖੋਂ ਪੰਜਾਬ ਦਾ ਚੰਡੀਗੜ੍ਹ ‘ਤੇ ਹੱਕ ਹੈ। ਚੰਡੀਗੜ੍ਹ ਨੂੰ ਕੇਂਦਰੀ ਸਾਸ਼ਤ ਪ੍ਰਦੇਸ਼ ਦਾ ਦਰਜਾ ਅਸਥਾਈ ਤੌਰ ‘ਤੇ ਹੀ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਰਾਜੀਵ ਗਾਂਧੀ ਪੀਪਲਜ਼ ਵਾਲ ਐਗਰੀਮੈਂਟ ਵਿਚ ਵੀ ਕਿਹਾ ਗਿਆ ਸੀ ਕਿ ਚੰਡੀਗੜ੍ਹ ਨੂੰ ਪੰਜ ਸਾਲਾਂ ਵਿਚ ਪੰਜਾਬ ਨੂੰ ਸੌਂਪ ਦਿੱਤਾ ਜਾਵੇਗਾ, ਪਰ ਅਜੇ ਤੱਕ ਸੌਂਪਿਆ ਨਹੀਂ ਗਿਆ।
ਅੱਜ ਇਸ ਮਾਮਲੇ ਵਿਚ ਰਾਜਪਾਲ ਨਾਲ ਮੁਲਾਕਾਤ ਕਰਨ ਵਾਲੇ ਆਗੂਆਂ ਵਿਚ ਸ੍ਰੀ ਅਰੋੜਾ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਗੋਇਲ, ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ, ਡਾ. ਸੰਨੀ ਆਹਲੂਵਾਲੀਆ, ਦੀਪਕ ਬਾਲੀ, ਪਰਮਿੰਦਰ ਗੋਲਡੀ ਅਤੇ ਫੈਰੀ ਸੋਫਤ ਵੀ ਸ਼ਾਮਲ ਸਨ।