ਚੰਡੀਗੜ੍ਹ, 22 ਦਸੰਬਰ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦਾ ਸ਼ਹਿਰੀ ਖੇਤਰਾਂ ਵਿਚ ਆਧਾਰ ਦਾ ਭਰਮ ਟੁੱਟ ਗਿਆ ਹੈ ਅਤੇ ਇਹ ਸਾਬਤ ਹੋ ਗਿਆ ਹੈ ਕਿ ਸ਼ਹਿਰਾਂ ਦੇ ਲੋਕ ਵੀ ਆਪ ਸਰਕਾਰ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹਨ।
ਪੰਜਾਬ ਵਿੱਚ ਹੋਈਆਂ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਲਈ ਵਰਕਰਾਂ ਅਤੇ ਆਗੂਆਂ ਦਾ ਧੰਨਵਾਦ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਲੋਕਾਂ ਨੇ ਆਪ ਉਮੀਦਵਾਰ ਨੂੰ ਜਿਤਾ ਕੇ ਸਾਬਤ ਕਰ ਦਿੱਤਾ ਹੈ ਕਿ ਲੋਕ ਭਾਜਪਾ ਅਤੇ ਕਾਂਗਰਸ ਦੀਆਂ ਗੁੰਮਰਾਹਕੁੰਨ ਚਾਲਾਂ ਨੂੰ ਪੂਰੀ ਤਰ੍ਹਾਂ ਸਮਝ ਚੁੱਕੇ ਹਨ। ਉਨ੍ਹਾਂ ਨੇ ਦੱਸਿਆ ਕਿ ਚੋਣਾ ਦੌਰਾਨ ਆਮ ਆਦਮੀ ਪਾਰਟੀ ਨੇ 55 ਪ੍ਰਤੀਸ਼ਤ ਸੀਟਾਂ ਤੇ ਜਿੱਤ ਪ੍ਰਾਪਤ ਕੀਤੀ ਹੈ। ਐਲਾਨੇ ਗਏ ਨਤੀਜਿਆਂ ਮੁਤਾਬਕ 961 ਵਾਰਡਾਂ ਵਿਚੋਂ 522 ਵਾਰਡਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ।
ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਅਕਾਲੀ ਦਲ ਅਤੇ ਭਾਜਪਾ ਦਾ ਸਫਾਇਆ ਹੋ ਗਿਆ ਹੈ। ਦੋਵਾਂ ਪਾਰਟੀਆਂ ਨੂੰ ਕੇਵਲ 7 ਪ੍ਰਤੀਸ਼ਤ ਸੀਟਾਂ ਹੀ ਮਿਲੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਕਿਤੇ ਵੀ ਆਪ ਦਾ ਮੇਅਰ ਜਾਂ ਨਗਰ ਕੌਂਸਲ ਪ੍ਰਧਾਨ ਨਹੀਂ ਸੀ। ਹੁਣ ਆਮ ਆਦਮੀ ਪਾਰਟੀ ਦੇ ਤਿੰਨ ਮੇਅਰ ਅਤੇ 31 ਨਗਰ ਕੌਂਸਲ ਪ੍ਰਧਾਨ ਬਣ ਗਏ ਹਨ।
ਉਨ੍ਹਾਂ ਨੇ ਕਿਹਾ ਕਿ ਇਸ ਜਿੱਤ ਦਾ ਸਿਹਰਾ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਹੁਣ ਤਕ ਦੀ ਕਾਰਗੁਜ਼ਾਰੀ ਨੂੰ ਜਾਂਦਾ ਹੈ।