ਨਵੀਂ ਦਿੱਲੀ, 12 ਦਸੰਬਰ : ਭਾਰਤ ਵਿਚ ਰੋਜ਼ਾਨਾਂ ਸੜਕ ਹਾਦਸਿਆਂ ਵਿਚ 400 ਵਿਅਕਤੀਆਂ ਦੀ ਜਾਨ ਜਾਂਦੀ ਹੈ ਅਤੇ ਸਾਲ ਵਿਚ ਸਵਾ ਦੋ ਲੱਖ ਤੋਂ ਵੀ ਵੱਧ ਵਿਅਕਤੀ ਮਾਰੇ ਜਾਂਦੇ ਹਨ। ਇਨ੍ਹਾਂ ਅੰਕੜ੍ਹਿਆਂ ‘ਤੇ ਦੁੱਖ ਪ੍ਰਗਟ ਕਰਦਿਆਂ ਲੋਕ ਸਭਾ ਹਲਕਾ ਸੰਗਰੂਰ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਲੋਕ ਸਭਾ ਵਿਚ ਮੰਗ ਕੀਤੀ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਸਰਕਾਰ ਵਲੋਂ ਸਖਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਅੱਜ ਲੋਕ ਸਭਾ ਵਿਚ ਮੀਤ ਹੇਅਰ ਨੇ ਸਵਾਲ ਕੀਤਾ ਕਿ ਦੇਸ਼ ਵਿਚ ਸੜਕ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਫਿਰ ਵੀ ਸਰਕਾਰ ਵਲੋਂ ਸਖਤ ਕਦਮ ਕਿਉਂ ਨਹੀਂ ਚੁੱਕੇ ਜਾ ਰਹੇ। ਕੇਂਦਰ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦੀ ਪ੍ਰਸੰਸਾ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਦੇਸ਼ ਵਿਚ ਨਵੇਂ ਹਾਈਵੇਅ ਬਣਾਉਣ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਪਰ ਇਸ ਦੇ ਨਾਲ ਹੀ ਸੜਕ ਹਾਦਸਿਆਂ ਦੀ ਗਿਣਤੀ ਵੀ ਲਗਾਤਾਰ ਵਧਦੀ ਜਾ ਰਹੀ ਹੈ। ਮੀਤ ਹੇਅਰ ਨੇ ਦੱਸਿਆ ਕਿ ਪਿਛਲੇ 10 ਸਾਲਾਂ ਦੌਰਾਨ ਸੜਕ ਹਾਦਸਿਆਂ ਵਿਚ 15 ਲੱਖ ਲੋਕਾਂ ਦੀਆਂ ਜ਼ਿੰਦਗੀਆਂ ਜਾ ਚੁੱਕੀਆਂ ਹਨ।
ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਵਿਚ ਸੜਕ ਸੁਰੱਖਿਆ ਫੋਰਸ ਬਣਾਏ ਜਾਣ ਪਿਛੋਂ ਸੜਕ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਵਿਚ 47 ਪ੍ਰਤੀਸ਼ਤ ਦੀ ਕਮੀ ਆਈ ਹੈ। ਇਸ ਲਈ ਬਾਕੀ ਰਾਜਾਂ ਵਿਚ ਵੀ ਅਜਿਹੇ ਕਦਮ ਚੁੱਕਣੇ ਚਾਹੀਦੇ ਹਨ। ਇਸ ਸਬੰਧੀ ਕੇਂਦਰ ਸਰਕਾਰ ਨੂੰ ਵੀ ਨੀਤੀ ਬਣਾਉਣੀ ਚਾਹੀਦੀ ਹੈ।
ਮੀਤ ਹੇਅਰ ਦੇ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਜਿਸ ਤਰਾਂ ਪੰਜਾਬ ਸਰਕਾਰ ਨੇ ਅਪਣੇ ਪੱਧਰ ‘ਤੇ ਸੜਕ ਸੁਰੱਖਿਆ ਫੋਰਸ ਬਣਾਈ ਹੈ, ਇਸੇ ਤਰਾਂ ਬਾਕੀ ਰਾਜ ਵੀ ਆਪਣੇ ਪੱਧਰ ‘ਤੇ ਅਜਿਹੇ ਕਦਮ ਚੁੱਕ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਵਿਚ ਸਭ ਤੋਂ ਵੱਧ ਸੜਕ ਹਾਦਸਿਆਂ ਬਾਰੇ ਉਥੋਂ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨਾਲ ਮੁਲਾਕਾਤ ਵੀ ਕੀਤੀ ਸੀ ਅਤੇ ਇਸ ਸਬੰਧੀ ਕਦਮ ਚੁੱਕਣ ਲਈ ਕਿਹਾ ਸੀ।