ਬੁਢਲਾਡਾ, 15 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬੁਢਲਾਡਾ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਅਤੇ ਮਰੀਜਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਇਹ ਦੌਰੇ ਕਮੀਆਂ ਲੱਭਣ ਲਈ ਨਹੀਂ ਸਗੋਂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਨ। ਮੁੱਖ ਮੰਤਰੀ ਨੇ ਮਰੀਜਾਂ ਦਾ ਹਾਲਚਾਲ ਵੀ ਪੁੱਛਿਆ ਅਤੇ ਹਸਪਤਾਲ ਦੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮਰੀਜਾਂ ਦੇ ਨਾਲ ਨਾਲ ਹਸਪਤਾਲ ਦੇ ਸਟਾਫ ਨਾਲ ਵੀ ਗੱਲਬਾਤ ਕੀਤੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਲੋਕਾਂ ਨੇ ਚੰਗੀਆਂ ਸਿੱਖਿਆ ਤੇ ਸਿਹਤ ਸਹੂਲਤਾਂ ਮੁਹਈਆ ਕਰਵਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਚੰਗੀਆਂ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਹਸਪਤਾਲਾਂ ਵਿਚ ਬਹੁਤ ਹੀ ਅਧੁਨਿਕ ਮਸ਼ੀਨਰੀ ਮੁਹਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਅਤੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਅਦਾਰਿਆਂ ਦੇ ਪੱਧਰ ਤੋਂ ਵੀ ਉੱਚੇ ਪੱਧਰ ‘ਤੇ ਲਿਜਾਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਆਉਣ ਵਾਲੇ ਸਾਲਾਂ ਦੌਰਾਨ ਪੰਜਾਬ ਦੇ ਸਰਕਾਰੀ ਹਸਪਤਾਲ ਅਤੇ ਸਰਕਾਰੀ ਸਕੂਲ ਪ੍ਰਾਈਵੇਟ ਹਸਪਤਾਲਾਂ ਤੇ ਪ੍ਰਾਈਵੇਟ ਸਕੂਲਾਂ ਤੋਂ ਚੰਗੀਆਂ ਸੇਵਾਵਾਂ ਦੇਣ ਦੇ ਸਮਰੱਥ ਹੋਣਗੇ। ਸਾਡਾ ਟੀਚਾ ਹੈ ਕਿ ਲੋਕ ਪ੍ਰਾਈਵੇਟ ਸਕੂਲਾਂ ਤੇ ਹਸਪਤਾਲਾਂ ਦੀ ਥਾਂ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਵਿਚ ਜਾਣ। ਤਾਂ ਹੀ ਮੇਰਾ ਰੰਗਲੇ ਪੰਜਾਬ ਦਾ ਸੁਪਨਾ ਪੂਰਾ ਹੋ ਸਕੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਵੀ ਅਪੀਲ ਕੀਤੀ ਕਿ ਸਰਕਾਰ ਦੀਆਂ ਨੀਤੀਆਂ ਤੁਹਾਡੇ ਸਹਿਯੋਗ ਨਾਲ ਹੀ ਲਾਗੂ ਹੋ ਸਕਦੀਆਂ ਹਨ। ਮੁਲਾਜ਼ਮਾਂ ਤੇ ਅਧਿਕਾਰੀਆਂ ਦੇ ਸਹਿਯੋਗ ਨਾਲ ਸਰਕਾਰ ਦੇ ਯਤਨ ਕਮਾਯਾਬ ਹੋ ਸਕਦੇ ਹਨ।
ਮੁੱਖ ਮੰਤਰੀ ਦੇ ਦੌਰੇ ਦੌਰਾਨ ਮਰੀਜਾਂ ਨੇ ਵੀ ਸਰਕਾਰੀ ਸਿਹਤ ਸਹੂਲਤਾਂ ‘ਤੇ ਤਸੱਲੀ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਇਹ ਪਹਿਲੀ ਵਾਰ ਹੈ ਜਦੋਂ ਆਮ ਲੋਕ ਸਰਕਾਰੀ ਸੰਸਥਾਵਾਂ ਦੀ ਕਾਰਗੁਜਾਰੀ ਦੀ ਪ੍ਰਸੰਸਾ ਕਰ ਰਹੇ ਹਨ। ਲੋਕ ਇਹ ਵੀ ਦੱਸ ਰਹੇ ਹਨ ਕਿ ਪਿਛਲੀਆਂ ਸਰਕਾਰਾਂ ਦੌਰਾਨ ਕਿਸੇ ਮੁੱਖ ਮੰਤਰੀ ਨੇ ਆਮ ਲੋਕਾਂ ਦੀ ਬਾਤ ਨਹੀਂ ਪੁੱਛੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਨੂੰ ਲੋਕਾਂ ਨੇ ਜੋ ਜੁੰਮੇਵਾਰੀ ਸੌਂਪੀ ਹੈ, ਉਹ ਜੁੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਾ ਮੇਰਾ ਮੁਢਲਾ ਫਰਜ਼ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਹਿਯੋਗ ਦਿੰਦੇ ਰਹਿਣ।