
ਮੂਨਕ/ ਸੰਗਰੂਰ, 13 ਜੁਲਾਈ ਪ੍ਰਸ਼ਾਸਨ ਵੱਲੋਂ ਘੱਗਰ ਸਬੰਧੀ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਿਲਸਿਲੇ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਸਮੇਤ ਵੱਖ ਵੱਖ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਘੱਗਰ ਦਰਿਆ ਦੇ ਬੰਨ੍ਹਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ।
ਮਕਰੌੜ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਘੱਗਰ ਦਰਿਆ ਦੇ ਜ਼ਿਲ੍ਹੇ ਦੇ ਅੰਦਰ ਪੈਂਦੇ ਬੰਨ੍ਹਾਂ ਦਾ ਦੌਰਾ ਕੀਤਾ ਗਿਆ ਹੈ ਤੇ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਤੇ ਲੋਕਾਂ ਨੂੰ ਫ਼ਿਕਰ ਕਰਨ ਦੀ ਕੋਈ ਲੋੜ ਨਹੀਂ ਹੈ। ਪ੍ਰਸ਼ਾਸਨ ਵੱਲੋਂ ਮਿੱਟੀ ਦੇ ਥੈਲਿਆਂ, ਜਾਲਾਂ ਸਮੇਤ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿੱਟੀ ਪਾ ਕੇ ਬੰਨ੍ਹਾਂ ਨੂੰ ਮਜ਼ਬੂਤ ਅਤੇ ਪਹਿਲਾਂ ਨਾਲੋਂ ਲਗਭਗ
ਦੋ-ਦੋ ਫੁੱਟ ਉੱਚਾ ਕਰ ਦਿੱਤਾ ਗਿਆ ਹੈ ਤਾਂ ਜੋ ਪਾਣੀ ਦਾ ਪੱਧਰ ਵਧਣ ‘ਤੇ ਵੀ ਆਸ-ਪਾਸ ਦੇ ਇਲਾਕਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿੱਥੇ-ਜਿੱਥੇ ਵੀ ਬੰਨ੍ਹ ਕਮਜ਼ੋਰ ਸਨ ਭਾਵ ਵਾਰ-ਵਾਰ ਟੁੱਟਣ ਦੀ ਸੰਭਾਵਨਾ ਵਾਲੇ ਪੁਆਇੰਟ ਸਨ, ਉਨ੍ਹਾਂ ਸਾਰੇ ਹਿੱਸਿਆਂ ‘ਤੇ ਵਿਸ਼ੇਸ਼ ਤੌਰ ‘ਤੇ ਕੰਮ ਕਰ ਕੇ ਉਨ੍ਹਾਂ ਨੂੰ ਮਜ਼ਬੂਤ ਬਣਾ ਦਿੱਤਾ ਗਿਆ ਹੈ।
ਇਸ ਦੌਰੇ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਿੰਨੇ ਵੀ ਕਿਲੋਮੀਟਰ ਦਾ ਇਹਨਾਂ ਬੰਨ੍ਹਾਂ ਦਾ ਖੇਤਰ ਪੈਂਦਾ ਹੈ, ਉਸ ਪੂਰੇ ਸਟ੍ਰੈਚ ਦਾ ਮੁਕੰਮਲ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ ਤਾਂ ਜੋ ਭਵਿੱਖ ਵਿੱਚ ਆਉਣ ਵਾਲੀ ਕਿਸੇ ਵੀ ਮੁਸ਼ਕਿਲ ਦਾ ਪਹਿਲਾਂ ਹੀ ਅੰਦਾਜ਼ਾ ਲਗਾ ਕੇ ਉਸ ਦਾ ਹੱਲ ਕੀਤਾ ਜਾ ਸਕੇ।
ਸਥਾਨਕ ਕਿਸਾਨਾਂ ਵੱਲੋਂ ਘੱਗਰ ਸਬੰਧੀ ਵੱਖ ਵੱਖ ਮੁੱਦੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੇ ਗਏ, ਜਿਨ੍ਹਾਂ ਦੇ ਹੱਲ ਦਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਭਰੋਸਾ ਦਿੱਤਾ ਗਿਆ।
ਪ੍ਰਸ਼ਾਸਨ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਸਥਿਤੀ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਾਰੇ ਸੁਰੱਖਿਆ ਪ੍ਰਬੰਧ ਮੁਕੰਮਲ ਹਨ।
ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ ਵੱਖ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਸਮੇਤ ਵੱਡੀ ਗਿਣਤੀ ਸਥਾਨਕ ਲੋਕ ਹਾਜ਼ਰ ਸਨ।