ਚੰਡੀਗੜ੍ਹ, 4 ਜਨਵਰੀ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਕੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਜਾਣ।
ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਅੱਜ ਵੱਖ ਵੱਖ ਰਾਜਾਂ ਦੇ ਖੇਤੀ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦਾ ਮਾਮਲਾ ਉਠਾਇਆ। ਸ੍ਰ ਖੁੱਡੀਆਂ ਨੇ ਜੋਰ ਦੇ ਕੇ ਕਿਹਾ ਕਿ ਕਿਸਾਨ ਆਗੂ ਡੱਲੇਵਾਲਾ ਨੂੰ ਭੁੱਖ ਹੜਤਾਲ ‘ਤੇ ਬੈਠਿਆਂ ਡੇਢ ਮਹੀਨਾ ਹੋ ਚੱਲਿਆ ਹੈ, ਕੇਂਦਰ ਸਰਕਾਰ ਵਲੋਂ ਕਿਸਾਨਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਜਾਣ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕੀਤਾ ਜਾਵੇ। ਖੇਤੀ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਸਮਰੱਥਨ ਕਰਦੀ ਹੈ ਅਤੇ ਕੇਂਦਰ ਸਰਕਾਰ ਨਾਲ ਮਿਲ ਕੇ ਖੁਸ਼ਹਾਲ ਖੇਤੀ ਦਾ ਟੀਚਾ ਹਾਸਲ ਕਰਨਾ ਚਾਹੁੰਦੀ ਹੈ। ਸ੍ਰ ਖੁੱਡੀਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਵੱਲ ਉਤਸ਼ਾਹਿਤ ਕਰਨ ਲਈ 15 ਹਜਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਗੈਪ ਫੰਡਿੰਗ ਵਜੋਂ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕਿਸਾਨ ਝੋਨੇ ਦੀ ਪਰਾਲੀ ਨੂੰ ਆਪਣੇ ਖੇਤ ਵਿਚ ਵਾਹੁੰਦਾ ਹੈ ਤਾਂ ਉਸ ਨੂੰ ਤਿੰਨ ਤੋਂ ਚਾਰ ਹਜਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵੱਧ ਖਰਚਾ ਕਰਨਾ ਪੈਂਦਾ ਹੈ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀ ਸਹਾਇਤਾ ਕੀਤੀ ਜਾਵੇ।