Monday, June 1Malwa News
Shadow

ਸੜਕ ਸੁਧਾਰ ਕਾਰਜਾਂ ਵਿੱਚ ਤਾਲਮੇਲ ਨਾਲ ਕੰਮ ਕਰਨ ਸਾਰੇ ਵਿਭਾਗ- ਮੁੱਖ ਮੰਤਰੀ

ਚੰਡੀਗੜ੍ਹ, 01 ਜੂਨ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਧਿਕਾਰੀ ਜਨਤਕ ਸ਼ਿਕਾਇਤਾਂ ਦੇ ਹੱਲ ਵਿੱਚ ਕਿਸੇ ਵੀ ਪ੍ਰਕਾਰ ਦੀ ਲਾਪਰਵਾਹੀ ਨਾ ਵਰਤਣ। ਸਰਕਾਰ ਦੀ ਪ੍ਰਾਥਮਿਕਤਾ ਆਮ ਨਾਗਰਿਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨਾ ਹੈ, ਇਸ ਲਈ ਹਰੇਕ ਸ਼ਿਕਾਇਤ ਦੀ ਗੰਭੀਰਤਾ ਨਾਲ ਜਾਂਚ ਕਰਕੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਉਸ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀ ਜਨਤਾ ਨਾਲ ਸੰਵਾਦ ਬਣਾਈ ਰੱਖਣ ਅਤੇ ਸਮੱਸਿਆਵਾਂ ਦੇ ਹੱਲ ਲਈ ਸਕਾਰਾਤਮਕ ਅਤੇ ਜਵਾਬਦੇਹ ਪਹੁੰਚ ਅਪਣਾਉਣ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ ਅਤੇ ਪ੍ਰਸ਼ਾਸਨਿਕ ਵਿਵਸਥਾ ਵਧੇਰੇ ਪ੍ਰਭਾਵਸ਼ਾਲੀ ਅਤੇ ਜਨਹਿਤਕਾਰੀ ਬਣ ਸਕੇ।

ਮੁੱਖ ਮੰਤਰੀ ਸੋਮਵਾਰ ਨੂੰ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਦੀ ਵਿਧਾਇਕ ਸ੍ਰੀਮਤੀ ਬਿਮਲਾ ਚੌਧਰੀ, ਸੋਹਨਾ ਦੇ ਵਿਧਾਇਕ ਸ੍ਰੀ ਤੇਜਪਾਲ ਤੰਵਰ, ਗੁਰੂਗ੍ਰਾਮ ਦੇ ਵਿਧਾਇਕ ਸ੍ਰੀ ਮੁਕੇਸ਼ ਸ਼ਰਮਾ ਵੀ ਮੌਜ਼ੂਦ ਸਨ। ਮੀਟਿੰਗ ਵਿੱਚ ਕੁੱਲ 16 ਸ਼ਿਕਾਇਤਾਂ ਰੱਖੀਆਂ ਗਈਆਂ, ਜਿਨ੍ਹਾਂ ਵਿੱਚੋਂ ਮੁੱਖ ਮੰਤਰੀ ਨੇ 13 ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ, ਜਦੋਂ ਕਿ 03 ਮਾਮਲਿਆਂ ਨੂੰ ਅਗਲੀ ਮੀਟਿੰਗ ਤੱਕ ਲੰਬਿਤ (ਬਾਕੀ) ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਲੰਬਿਤ ਮਾਮਲਿਆਂ ਦੀ ਸਟੇਟਸ ਰਿਪੋਰਟ ਅਗਲੀ ਮੀਟਿੰਗ ਵਿੱਚ ਪੇਸ਼ ਕਰਨ।

ਸੜਕ ਸੁਧਾਰ ਕਾਰਜਾਂ ਵਿੱਚ ਤਾਲਮੇਲ ਨਾਲ ਕੰਮ ਕਰਨ ਸਾਰੇ ਵਿਭਾਗ- ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੀਟਿੰਗ ਦੌਰਾਨ ਗੁਰੂਗ੍ਰਾਮ ਦੀ ਸੜਕ ਵਿਵਸਥਾ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਸ਼ਿਕਾਇਤਾਂ ਦੀ ਵਿਸਤਾਰ ਨਾਲ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਐਚਐਸਆਈਆਈਡੀਸੀ, ਪੀਡਬਲਯੂਡੀ, ਨਗਰ ਨਿਗਮ ਗੁਰੂਗ੍ਰਾਮ ਅਤੇ ਜੀਐਮਡੀਏ ਦੇ ਅਧਿਕਾਰੀਆਂ ਤੋਂ ਵਿਭਾਗਵਾਰ ਜਾਣਕਾਰੀ ਲੈਂਦਿਆਂ ਵੱਖ-ਵੱਖ ਖੇਤਰਾਂ ਵਿੱਚ ਸੜਕਾਂ ਦੀ ਸਥਿਤੀ ‘ਤੇ ਜਵਾਬ ਤਲਬ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਕੇਵਲ ਪ੍ਰਾਪਤ ਸ਼ਿਕਾਇਤਾਂ ਦੇ ਅਧਾਰ ‘ਤੇ ਹੀ ਨਹੀਂ, ਸਗੋਂ ਖੇਤਰ ਦਾ ਨਿਯਮਿਤ ਨਿਰੀਖਣ ਕਰਕੇ ਖ਼ੁਦ ਵੀ ਉਨ੍ਹਾਂ ਥਾਵਾਂ ਦੀ ਪਛਾਣ ਕਰਨੀ ਚਾਹੀਦੀ ਹੈ ਜਿੱਥੇ ਸੜਕ ਮੁਰੰਮਤ ਜਾਂ ਮੁੜ-ਨਿਰਮਾਣ ਦੀ ਲੋੜ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਦੀ ਸਹੂਲਤ ਨੂੰ ਸਰਵਉੱਚ ਤਰਜੀਹ ਦਿੰਦੇ ਹੋਏ ਸਾਰੇ ਲੋੜੀਂਦੇ ਸੜਕ ਸੁਧਾਰ ਕਾਰਜ ਸਮੇਂ ਸਿਰ ਪੂਰੇ ਕੀਤੇ ਜਾਣ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਰਾਜ ਸਰਕਾਰ ਦੀ ‘ਮ੍ਹਾਰੀ ਸੜਕ’ ਐਪ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੀ ਨਿਯਮਿਤ ਮਾਨੀਟਰਿੰਗ ਕੀਤੀ ਜਾਵੇ ਅਤੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਸੜਕ ਸਬੰਧੀ ਕਿਸੇ ਵੀ ਸਮੱਸਿਆ ਦਾ ਜਲਦੀ ਨਿਵਾਰਨ ਹੋ ਸਕੇ ਅਤੇ ਆਮ ਲੋਕਾਂ ਨੂੰ ਬਿਹਤਰ ਅਤੇ ਸੁਰੱਖਿਅਤ ਯਾਤਾਯਾਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ।

ਧੋਖਾਧੜੀ ਨਾਲ ਮਕਾਨ ਹੜੱਪਣ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਦੇ ਨਿਰਦੇਸ਼

ਮੀਟਿੰਗ ਵਿੱਚ ਲਕਸ਼ਮਣ ਵਿਹਾਰ ਦੀ ਰਹਿਣ ਵਾਲੀ ਇੱਕ ਮਹਿਲਾ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੇ ਸਾਹਮਣੇ ਆਪਣਾ ਦੁੱਖ ਰੱਖਦਿਆਂ ਦੱਸਿਆ ਕਿ ਇੱਕ ਫਾਈਨੈਂਸਰ ਨੇ ਕਰਜ਼ੇ ਦੇ ਲੈਣ-ਦੇਣ ਦੌਰਾਨ ਭਰੋਸੇ ਦੀ ਦੁਰਵਰਤੋਂ ਕਰਦਿਆਂ ਧੋਖਾਧੜੀ ਨਾਲ ਉਨ੍ਹਾਂ ਦੇ ਮਕਾਨ ਦੀ ਰਜਿਸਟਰੀ ਆਪਣੇ ਨਾਮ ਕਰਵਾ ਲਈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਹ ਬਾਕੀ ਰਹਿੰਦੀ ਰਕਮ ਮੋੜਨ ਲਈ ਤਿਆਰ ਹੈ, ਪਰ ਇਸ ਦੇ ਬਾਵਜੂਦ ਫਾਈਨੈਂਸਰ ਮਕਾਨ ‘ਤੇ ਕਬਜ਼ਾ ਬਣਾਈ ਬੈਠਾ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਜਾਂਚ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਰਜਿਸਟਰੀ ਪ੍ਰਕਿਰਿਆ ਦੌਰਾਨ ਤਾਇਨਾਤ ਰਹੇ ਸਬੰਧਤ ਤਹਿਸੀਲਦਾਰ ਦੀ ਭੂਮਿਕਾ ਦੀ ਵੀ ਜਾਂਚ ਕਰਕੇ ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਕਿਹਾ। ਨਾਲ ਹੀ ਮੁੱਖ ਮੰਤਰੀ ਨੇ ਫਾਈਨੈਂਸਰ ਖ਼ਿਲਾਫ਼ ਪੁਲਿਸ ਕਾਰਵਾਈ ਕਰਦਿਆਂ ਸ਼ਿਕਾਇਤਕਰਤਾ ਨੂੰ ਜਲਦੀ ਤੋਂ ਜਲਦੀ ਇਨਸਾਫ਼ ਦਿਵਾਉਣ ਅਤੇ ਮਕਾਨ ਨੂੰ ਕਬਜ਼ਾ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ।

ਸੈਕਟਰ 4 ਦੀਆਂ ਸਮੱਸਿਆਵਾਂ ਦੀ ਵਿਸਤ੍ਰਿਤ ਰਿਪੋਰਟ ਬਣਾਉਣ ਦੇ ਦਿੱਤੇ ਨਿਰਦੇਸ਼

ਮੀਟਿੰਗ ਵਿੱਚ ਸੈਕਟਰ-4 ਦੇ ਰਹਿਣ ਵਾਲੇ ਇੱਕ ਸ਼ਿਕਾਇਤਕਰਤਾ ਨੇ ਖੇਤਰ ਵਿੱਚ ਪਾਣੀ ਭਰਨ, ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਮੁੱਦਾ ਮੁੱਖ ਮੰਤਰੀ ਦੇ ਸਾਹਮਣੇ ਉਠਾਇਆ। ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੈਕਟਰ-4 ਵਿੱਚ ਮੌਜੂਦ ਸਾਰੀਆਂ ਮੁੱਖ ਸਮੱਸਿਆਵਾਂ ਦਾ ਵਿਆਪਕ ਸਰਵੇਖਣ ਕਰਕੇ ਵਿਸਤ੍ਰਿਤ ਰਿਪੋਰਟ ਤਿਆਰ ਕੀਤੀ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਸ਼ਿਕਾਇਤਾਂ ਦੇ ਹੱਲ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਬਹੁਤ ਜ਼ਰੂਰੀ ਹੈ। ਉਨ੍ਹਾਂ ਸੀਐਮ ਵਿੰਡੋ ਦੇ ਪ੍ਰਮੁੱਖ ਵਿਅਕਤੀ ਨੂੰ ਵੀ ਨਿਰਦੇਸ਼ ਦਿੱਤੇ ਕਿ ਕਿਸੇ ਵੀ ਸ਼ਿਕਾਇਤ ਨੂੰ ਬੰਦ ਕਰਨ ਤੋਂ ਪਹਿਲਾਂ ਸ਼ਿਕਾਇਤਕਰਤਾ ਨਾਲ ਨਿੱਜੀ ਤੌਰ ‘ਤੇ ਸੰਪਰਕ ਕਰਕੇ ਉਸ ਦੀ ਸੰਤੁਸ਼ਟੀ ਯਕੀਨੀ ਬਣਾਈ ਜਾਵੇ। ਸ਼ਿਕਾਇਤਕਰਤਾ ਦੀ ਸਹਿਮਤੀ ਅਤੇ ਸੰਤੁਸ਼ਟੀ ਪ੍ਰਾਪਤ ਹੋਣ ਤੋਂ ਬਾਅਦ ਹੀ ਸ਼ਿਕਾਇਤ ਦੇ ਹੱਲ ਨੂੰ ਅੰਤਿਮ ਰੂਪ ਦਿੱਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਅਸਲ ਰਾਹਤ ਮਿਲ ਸਕੇ ਅਤੇ ਸ਼ਿਕਾਇਤ ਨਿਵਾਰਨ ਪ੍ਰਣਾਲੀ ’ਤੇ ਉਨ੍ਹਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਵੇ।

ਇਸ ਮੌਕੇ ‘ਤੇ ਗੁਰੂਗ੍ਰਾਮ ਦੀ ਮੇਅਰ ਰਾਜਰਾਣੀ ਮਲਹੋਤਰਾ, ਮਾਨੇਸਰ ਦੀ ਮੇਅਰ ਡਾ. ਇੰਦਰਜੀਤ ਕੌਰ, ਜੀਐਮਡੀਏ ਦੇ ਸੀਈਓ ਪੀ.ਸੀ ਮੀਨਾ, ਮੁੱਖ ਮੰਤਰੀ ਦੇ ਓਐਸਡੀ ਅਤੇ ਸੂਚਨਾ, ਲੋਕ ਸੰਪਰਕ ਤੇ ਭਾਸ਼ਾ ਵਿਭਾਗ ਦੇ ਵਧੀਕ ਨਿਰਦੇਸ਼ਕ ਵਿਵੇਕ ਕਾਲੀਆ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।