
ਸੁਨਾਮ, 18 ਜਨਵਰੀ : ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਿਲਾ ਸੰਗਰੂਰ ਦੀਆਂ 30 ਪੰਚਾਇਤਾਂ ਨੂੰ ਪਿੰਡਾਂ ਵਿਚ ਵੱਖ ਵੱਖ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਚੈੱਕ ਵੰਡੇ। ਇਸ ਮੌਕੇ ਜਿਲੇ ਦੀਆਂ 30 ਪੰਜਾਇਤਾਂ ਦੇ ਪੰਚ, ਸਰਪੰਚ ਅਤੇ ਹੋਰ ਮੋਹਤਬਰ ਆਗੂ ਵੀ ਹਾਜਰ ਸਨ।
ਇਸ ਮੌਕੇ ਪੰਚਾਂ ਸਰਪੰਚਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਪੰਚਾਂ ਸਰਪੰਚਾਂ ਨੂੰ ਜੋਰ ਦੇ ਕੇ ਕਿਹਾ ਕਿ ਵਿਕਾਸ ਕਾਰਜ ਪੂਰੇ ਪਾਰਦਰਸ਼ੀ ਢੰਗ ਨਾਲ ਮਿਥੇ ਸਮੇਂ ਵਿਚ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਪੰਚਾਂ ਸਰਪੰਚਾਂ ਨੂੰ ਕਿਹਾ ਕਿ ਲੋਕਾਂ ਨੇ ਤੁਹਾਨੂੰ ਬਹੁਤ ਵੱਡੀਆਂ ਆਸਾਂ ਨਾਲ ਚੁਣਿਆ ਹੈ, ਇਸ ਲਈ ਤੁਹਾਡਾ ਵੀ ਫਰਜ਼ ਬਣਦਾ ਹੈ ਕਿ ਲੋਕਾਂ ਦੀਆਂ ਇੱਛਾਵਾਂ ‘ਤੇ ਪੂਰੇ ਉੱਤਰੋ।
ਉਨ੍ਹਾਂ ਨੇ ਯਕੀਨ ਦਿਵਾਇਆ ਕਿ ਲੋਕਾਂ ਦੇ ਕੰਮ ਕਰਵਾਉਣ ਲਈ ਕੋਈ ਮੁਸ਼ਕਲ ਦੀ ਗੁੰਜਾਇਸ਼ ਨਹੀਂ ਛੱਡੀ ਜਾ ਰਹੀ। ਸਾਰੇ ਪੰਚ ਸਰਪੰਚ ਅਤੇ ਪਿੰਡਾਂ ਦੇ ਨੁਮਾਇੰਦੇ ਆਮ ਲੋਕਾਂ ਦੇ ਹਰ ਤਰਾਂ ਦੇ ਕੰਮ ਆਪਣੇ ਪੱਧਰ ‘ਤੇ ਜਲਦੀ ਬਿਨਾਂ ਕਿਸੇ ਪੱਖ ਪਾਤ ਦੇ ਕਰਵਾਉਣ। ਜੇਕਰ ਕੋਈ ਕੰਮ ਪੰਚ ਸਰਪੰਚ ਦੇ ਪੱਧਰ ਦਾ ਨਹੀਂ ਤਾਂ ਸਰਕਾਰ ਦੇ ਹੋਰ ਨੁਮਾਇੰਦਿਆਂ ਜਾਂ ਅਫਸਰਾਂ ਦੇ ਧਿਆਨ ਵਿਚ ਲਿਆਂਦਾ ਜਾਵੇ, ਤਾਂ ਜੋ ਲੋਕਾਂ ਨੂੰ ਰੋਜ਼ਾਨਾਂ ਦੀ ਜ਼ਿੰਦਗੀ ਦੇ ਕੰਮਾਂ ਕਾਰਾਂ ਲਈ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਨੇ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੁੰ 205 ਕਰੋੜ ਰੁਪਏ ਦੇ ਚੈੱਕ ਵੰਡੇ ਗਏ ਹਨ, ਜਿਸ ਨਾਲ ਵੱਖ ਵੱਖ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣਗੇ। ਉਨ੍ਹਾਂ ਨੇ ਪੰਚਾਂ ਸਰਪੰਚਾਂ ਨੂੰ ਕਿਹਾ ਕਿ ਜਿੰਨੀ ਜਲਦੀ ਇਹ ਵਿਕਾਸ ਪੂਰੇ ਹਣਗੇ, ਉਨੀਂ ਜਲਦੀ ਹੀ ਅਗਲੀ ਗਰਾਂਟ ਜਾਰੀ ਕਰ ਦਿੱਤੀ ਜਾਵੇਗੀ।