Friday, November 7Malwa News
Shadow

ਆਮ ਆਦਮੀ ਪਾਰਟੀ ਦਾ ਕੁਨਬਾ ਹੋਇਆ ਹੋਰ ਵੀ ਮਜ਼ਬੂਤ

ਲੁਧਿਆਣਾ14 ਜੂਨ : ਲੁਧਿਆਣਾ ਪੱਛਮੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਸ਼ਨੀਵਾਰ ਨੂੰ ਲੁਧਿਆਣਾ ਦੇ ਮਸ਼ਹੂਰ ਉਦਯੋਗਪਤੀ ਅਤੇ ਐਮ.ਐਸ.ਐਮ.ਈ ਇੰਡਸਟਰੀਜ਼ ਦੇ ਪ੍ਰਧਾਨ ਬਦੀਸ਼ ਜਿੰਦਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਤਰੂਣਪ੍ਰੀਤ ਸੌਂਧ ਦੀ ਮੌਜੂਦਗੀ ਵਿੱਚ ਰਸਮੀ ਤੌਰ ‘ਤੇ ਬਦੀਸ਼ ਜਿੰਦਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ‘ਆਪ’ ਪਰਿਵਾਰ ਵਿੱਚ ਸਵਾਗਤ ਕੀਤਾ।
ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਜਿੰਦਲ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਉਦਯੋਗ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ,ਆਪ ਸਰਕਾਰ ਸਿਰਫ਼ ਵਾਅਦੇ ਹੀ ਨਹੀਂ ਕਰਦੀ, ਸਗੋਂ ਉਦਯੋਗਾਂ ਅਤੇ ਛੋਟੇ-ਮੱਧਮ ਕਾਰੋਬਾਰਾਂ ਦੇ ਵਿਕਾਸ ਲਈ ਵੀ ਠੋਸ ਕਦਮ ਚੁੱਕ ਰਹੀ ਹੈ। ਫਾਸਟ ਟ੍ਰੈਕ ਪੰਜਾਬ ਪੋਰਟਲ ਜਿਸ ਦੀ ਸਭ ਤੋਂ ਵੱਡੀ ਉਦਾਹਰਨ ਹੈ। ਉਨ੍ਹਾਂ ਇੰਡਸਟਰੀ ਦੀ ਦਹਾਕਿਆਂ ਪੁਰਾਣੀ ਕਈ ਮੰਗਾਂ ਨੂੰ ਪੂਰਾ ਕਰਨ ਲਈ ਆਪ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦਾ ਵਾਅਦਾ ਕੀਤਾ।
ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਜਿੰਦਲ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਉਦਯੋਗ ਜਗਤ ਵਿੱਚ ਪਾਰਟੀ ਦੀ ਪਹੁੰਚ ਨੂੰ ਨਵੀਂ ਊਰਜਾ ਮਿਲੇਗੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਉਦਯੋਗਿਕ ਵਿਕਾਸ ਲਈ ਪ੍ਰਤੀਬੱਧ ਹਾਂ ਅਤੇ ਇਸ ਦਿਸ਼ਾ ਵਿੱਚ ਹੋਰ ਵੀ ਮਜ਼ਬੂਤ ਯੋਜਨਾਵਾਂ ‘ਤੇ ਕੰਮ ਕਰ ਰਹੇ ਹਾਂ।