
ਚੰਡੀਗੜ੍ਹ, 25 ਫਰਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਵਰ੍ਹਦਿਆਂ ਕਿਹਾ ਕਿ ਉਹ ਭਰਿਸ਼ਟਾਚਾਰ ਦੇ ਮੁੱਦੇ ‘ਤੇ ਦੂਜਿਆਂ ‘ਤੇ ਚਿੱਕੜ ਸੁੱਟਣ ਦੀ ਥਾਂ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰਣ।
ਕੈਬਨਿਟ ਮੰਤਰੀ ਨੇ ਅੱਜ ਇਕ ਅਖਬਾਰ ਵਿਚ ਛਪੀ ਖਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਕ ਸੇਵਾ ਮੁਕਤ ਅਧਿਕਾਰੀ ਨੇ ਕੇਂਦਰੀ ਵਿੱਤ ਮੰਤਰੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਦੋਸ਼ ਲਾਇਆ ਹੈ ਕਿ ਤਰਨਤਾਰਨ ਇਲਾਕੇ ਵਿਚ ਘਟੀਆ ਸ਼ਰਾਬ ਨਾਲ 130 ਵਿਅਕਤੀਆਂ ਦੇ ਮਾਰੇ ਜਾਣ ਦੇ ਮਾਮਲੇ ਵਿਚ ਇਕ ਕਾਂਗਰਸ ਦਾ ਮੰਤਰੀ, 10 ਕਾਂਗਰਸੀ ਵਿਧਾਇਕਾਂ ਅਤੇ ਤੱਤਕਾਲੀ ਮੁੱਖ ਮੰਤਰੀ ਖਿਲਾਫ ਕੇਸ ਦਰਜ ਕੀਤਾ ਜਾਣਾ ਸੀ, ਪਰ ਸਰਕਾਰੀ ਦਬਾਅ ਕਾਰਨ ਇਹ ਮਾਮਲਾ ਠੱਪ ਕਰਵਾ ਦਿੱਤਾ ਗਿਆ। ਸ੍ਰੀ ਅਰੋੜਾ ਨੇ ਕਿਹਾ ਕਿ ਸਾਡੀ ਸਰਕਾਰ ਦੀ ਨੀਅਤ ਸਾਫ ਹੈ ਅਤੇ ਅਸੀਂ ਕੋਈ ਵੀ ਅਣਗਹਿਲੀ ਜਾਂ ਭਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਨੇ ਸਰਕਾਰ ਵਲੋਂ ਹਰ ਮਾਮਲੇ ਵਿਚ ਕੀਤੀ ਜਾਂਦੀ ਜਾਂਚ ਦੀ ਉਦਾਹਰਨ ਦਿੱਤੀ ਅਤੇ ਕਿਹਾ ਕਿ ਜੋ ਵੀ ਦੋਸ਼ੀ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਂਦਾ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਿਤ ਹੋਵੇ।