
ਜਲੰਧਰ, 26 ਜਨਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਜਲੰਧਰ ਵਿਖੇ ਕਰਵਾਏ ਗਏ ਗਣਤੰਤਰ ਦਿਸਵ ਸਮਾਗਮ ਦੌਰਾਨ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸ੍ਰੀ ਅਰੋੜਾ ਨੇ ਜਨਤਾ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਸਾਥ ਦਿੱਤਾ ਜਾਵੇ ਤਾਂ ਜੋ ਪੰਜਾਬ ਦੇਸ਼ ਦਾ ਅਗਾਂਹਵਧੂ ਤੇ ਮੋਹਰੀ ਸੂਬਾ ਬਣ ਸਕੇ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਰਕਾਰ ਵਲੋਂ ਲੋਕਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਬਕ ਲੈਣ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ ਜਾ ਰਹੀ ਹੈ। ਮੋਹਾਲੀ ਦੇ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਣਾ ਅਤੇ ਸਾਰੇ ਸਰਕਾਰੀ ਦਫਤਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ.ਅੰਬੇਦਕਰ ਦੀਆਂ ਤਸਵੀਰਾਂ ਲਾਉਣਾ ਇਸਦਾ ਪ੍ਰਤੱਖ ਪ੍ਰਮਾਣ ਹੈ। ਸ੍ਰੀ ਅਰੋੜਾ ਨੇ ਇਸ ਮੌਕੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਵਾਅਦਾ ਕੀਤਾ ਕਿ ਸਰਕਾਰ ਵਲੋਂ ਪੰਜਾਬ ਦੇ ਹਰ ਵਿਅਕਤੀ ਨੂੰ ਸਹੂਲਤਾਂ ਦਾ ਲਾਭ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।