Tuesday, September 23Malwa News
Shadow

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

ਚੰਡੀਗੜ੍ਹ, 23 ਸਤੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੇ 3 ਕਰੋੜ ਨਿਵਾਸੀਆਂ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਮਿਲੇਗਾ।

ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ ਉਦਘਾਟਨ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦਫ਼ਤਰ ਤੋਂ ਕੀਤਾ ਗਿਆ। ਇਹ ਪ੍ਰਾਜੈਕਟ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਬਰਨਾਲਾ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਸੀਈਓ ਐਸ.ਐਚ.ਏ. ਸੰਯਮ ਅਗਰਵਾਲ ਵੀ ਸਨ, ਨੇ ਦੱਸਿਆ ਕਿ ਜਨਤਾ ਲਈ ਇੱਕ ਸੁਚਾਰੂ ਅਤੇ ਪਹੁੰਚਯੋਗ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ ਹਨ। ਪਹਿਲੇ ਦਿਨ ਹੀ ਇਸ ਯੋਜਨਾ ਲਈ 1480 ਪਰਿਵਾਰਾਂ ਨੇ ਨਾਮ ਦਰਜ ਕਰਵਾਇਆ ਹੈ।

ਪੰਜਾਬ ਲਈ ਇਸ ਨੂੰ ਇਤਿਹਾਸਕ ਦਿਨ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜੋ ਹਰੇਕ ਨਾਗਰਿਕ ਨੂੰ ਬਿਨਾਂ ਕਿਸੇ ਆਮਦਨ ਸ਼ਰਤ ਦੇ 10 ਲੱਖ ਰੁਪਏ ਦਾ ਵਿਆਪਕ ਸਿਹਤ ਬੀਮਾ ਕਵਰ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਜ਼ਿਲ੍ਹਿਆਂ ਦੇ ਤਜਰਬੇ ਦੇ ਆਧਾਰ ‘ਤੇ, ਰਜਿਸਟ੍ਰੇਸ਼ਨ ਮੁਹਿੰਮ ਨੂੰ ਤੇਜ਼ੀ ਨਾਲ ਸਮੁੱਚੇ ਸੂਬੇ ਵਿੱਚ ਲਾਗੂ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਯੋਜਨਾ ਸਿਹਤ ਸੰਭਾਲ ਲਈ ਆਮ ਲੋਕਾਂ ‘ਤੇ ਪੈਣ ਵਾਲੇ ਇਲਾਜ ਸੇਵਾਵਾਂ ਦੇ ਬੋਝ ਨੂੰ ਘਟਾਉਣ ਲਈ ਤਿਆਰ ਕੀਤੀ ਗਈ ਹੈ। ਇਸ ਯੋਜਨਾ ਤਹਿਤ ਲਾਭਪਾਤਰੀ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ 500 ਤੋਂ ਵੱਧ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਸਕਦੇ ਹਨ।

ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਯੋਗਤਾ ਮਾਪਦੰਡ ਸਰਲ ਅਤੇ ਨਿਰਪੱਖ ਹਨ। ਰਜਿਸਟ੍ਰੇਸ਼ਨ ਕਰਵਾਉਣ ਲਈ ਸਿਰਫ਼ ਵੋਟਰ ਆਈ.ਡੀ. ਕਾਰਡ ਅਤੇ ਆਧਾਰ ਕਾਰਡ ਲੋੜੀਂਦਾ ਹੈ ਅਤੇ ਇਸ ਯੋਜਨਾ ਦਾ ਲਾਭ ਲੈਣ ਲਈ ਆਮਦਨ ਦੀ ਵੀ ਕੋਈ ਸ਼ਰਤ ਨਹੀਂ ਹੋਵੇਗੀ।

ਉਨ੍ਹਾਂ ਵਿਸਥਾਰ ਵਿੱਚ ਦੱਸਿਆ ਕਿ ਇਸ ਯੋਜਨਾ ਅਧੀਨ ਡਾਕਟਰੀ ਇਲਾਜਾਂ ਦੀ ਵਿਸ਼ਾਲ ਸੂਚੀ ਸ਼ਾਮਲ ਹੈ, ਜਿਸ ਤਹਿਤ 2300 ਤੋਂ ਵੱਧ ਸਿਹਤ ਪੈਕੇਜਾਂ ਵਿਚ ਹਰ ਤਰ੍ਹਾਂ ਦੀਆਂ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਦੇ ਨਾਲ-ਨਾਲ ਦੁਰਘਟਨਾਤਮਕ ਸਰਜਰੀਆਂ ਨੂੰ ਵੀ ਕਵਰ ਕੀਤਾ ਜਾਂਦਾ ਹੈ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਇਹ ਯਕੀਨੀ ਬਣਾਇਆ ਗਿਆ ਹੈ ਕਿ ਪੰਜਾਬ ਦੇ ਲੋਕਾਂ ਲਈ ਹਰ ਡਾਕਟਰੀ ਸਹੂਲਤ ਨੂੰ ਇਸ ਵਿਆਪਕ ਸਿਹਤ ਬੀਮਾ ਹੇਠ ਕਵਰ ਕੀਤਾ ਜਾਵੇ।