
ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭਰਿਸ਼ਟਾਚਾਰ ਖਤਮ ਕਰਨ ਲਈ ਸਾਰੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਜਾਇਦਾਦਾਂ ਦੀਆਂ ਰਜਿਸਟਰੀਆਂ ਕਰਵਾਉਣ ਵੇਲੇ ਹੁੰਦੀ ਖੱਜਲ ਖੁਆਰੀ ਦੀਆਂ ਸ਼ਿਕਾਇਤਾਂ ਪਿਛੋਂ ਸਰਕਾਰ ਨੇ ਹਦਾਇਤ ਕੀਤੀ ਹੈ ਕਿ ਜ਼ਮੀਨਾਂ ਦੀਆਂ ਰਜਿਸਟਰੀਆਂ ਵਿਚ ਕਿਸੇ ਕਿਸਮ ਦੀ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਅੱਜ ਪੰਜਾਬ ਦੇ ਵਧੀਕ ਮੁੱਖ ਸਕੱਤਰ (ਮਾਲ) ਵਲੋਂ ਪੰਜਾਬ ਦੇ ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਲਈ ਰਿਸ਼ਵਤਖੋਰੀ ਬਿੱਲਕੁੱਲ ਬੰਦ ਕੀਤੀ ਜਾਵੇ। ਪੱਤਰ ਵਿਚ ਕਿਹਾ ਗਿਆ ਹੈ ਕਿ ਤਹਿਸੀਲਦਾਰ ਦਫਤਰਾਂ ਵਿਚ ਸੀ ਸੀ ਟੀ ਵੀ ਕੈਮਰੇ ਚਾਲੂ ਹਾਲਤ ਵਿਚ ਰੱਖੇ ਜਾਣ ਅਤੇ ਜੇਕਰ ਕਿਸੇ ਵੀ ਕਿਸਮ ਦੀ ਰਿਸ਼ਵਤਖੋਰੀ ਦੀ ਸ਼ਿਕਾਇਤ ਆਉਂਦੀ ਹੈ ਤਾਂ ਤੁਰੰਤ ਸਬੰਧਿਤ ਅਧਿਕਾਰੀ ਜਾਂ ਮੁਲਾਜ਼ਮ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਪੱਤਰ ਵਿਚ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਾਇਦਾਦਾਂ ਦੀਆਂ ਰਜਿਸਟਰੀਆਂ ਦੇ ਕੰਮ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ। ਪੱਤਰ ਵਿਚ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਨੂੰ ਰਜਿਸਟਰੀਆਂ ਕਰਵਾਉਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।