Thursday, November 6Malwa News
Shadow

ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਸਬੰਧੀ ਮੁਆਵਜ਼ਾ ਰਾਸ਼ੀ ਦੇ ਸੌਂਪੇ ਮਨਜ਼ੂਰੀ ਪੱਤਰ

ਮਾਨਸਾ, 23 ਅਕਤੂਬਰ:-             ਪੰਜਾਬ ਸਰਕਾਰ ਵੱਲੋਂ ਭਾਰੀ ਮੀਂਹ ਅਤੇ ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਅੱਜ ਸਥਾਨਕ ਬੱਚਤ ਭਵਨ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡੀ.ਸੀ. ਨਵਜੋਤ ਕੌਰ ਵੱਲੋਂ ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਸਬੰਧੀ 40 ਲੱਖ 34 ਹਜ਼ਾਰ 375 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਗਏ।

            ਇਸ ਮੌਕੇ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੈ ਅਤੇ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਸੀ ਕਿ ਜਿਨ੍ਹਾਂ ਕਿਸਾਨਾਂ ਦਾ ਭਾਰੀ ਬਰਸਾਤ ਜਾਂ ਹੜ੍ਹਾਂ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ, ਉਸਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਇਸੇ ਵਚਨਬੱਧਤਾ ਨੂੰ ਪੂਰਾ ਕਰਦਿਆਂ ਅੱਜ ਹਲਕਾ ਸਰਦੂਲਗੜ੍ਹ ਦੇ 05 ਪਿੰਡਾਂ ਫੱਤਾ ਮਾਲੋਕਾ, ਲੋਹਗੜ੍ਹ, ਆਲੀਕੇ, ਉਲਕ ਤੇ ਜਟਾਣਾ ਕਲਾਂ ਦੇ 120 ਕਿਸਾਨਾਂ ਨੂੰ 40 ਲੱਖ 34 ਹਜ਼ਾਰ 375 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਦਿੱਤੇ ਗਏ ਹਨ।

            ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਕਿਹਾ ਕਿ ਹੜ੍ਹਾਂ ਜਾਂ ਭਾਰੀ ਬਰਸਾਤਾਂ ਕਾਰਨ ਜ਼ਿਲ੍ਹੇ ਅੰਦਰ ਫਸਲਾਂ ਦੇ ਖਰਾਬੇ ਸਬੰਧੀ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਸੀ ਕਿ ਉਹ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਜਲਦ ਭੇਜਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਫਸਲਾਂ ਦੇ ਖਰਾਬੇ ਦਾ ਮੁਲਾਂਕਣ ਕਰਕੇ ਸੰਕਲਿਤ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਗਈ ਸੀ ਜਿਸ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਅੱਜ ਕਿਸਾਨਾਂ ਨੂੰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਿੱਧੀ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਪਾਈ ਜਾਵੇਗੀ।

            ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਡਾ. ਅਜੀਤ ਪਾਲ ਸਿੰਘ ਚਹਿਲ, ਨਾਇਬ ਤਹਿਸੀਲਦਾਰ ਜਗਪਾਲ ਸਿੰਘ ਅਤੇ ਡਾਇਰੈਕਟਰ ਕੋਆਪਰੇਟਿਵ ਬੈਂਕ ਗੁਰਸੇਵਕ ਸਿੰਘ ਝੁਨੀਰ ਤੋਂ ਇਲਾਵਾ ਪਿੰਡਾਂ ਦੇ ਕਿਸਾਨ ਮੌਜੂਦ ਸਨ।