Thursday, July 16Malwa News
Shadow

ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ : ਦੀਪਸ਼ਿਖਾ ਸ਼ਰਮਾ

ਫ਼ਿਰੋਜ਼ਪੁਰ, 16 ਜੁਲਾਈ 2026: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਕਾਰਨ ਦਰਿਆਵਾਂ ਵਿੱਚ ਵਧਦੇ ਪਾਣੀ ਦੇ ਪੱਧਰ ਕਾਰਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਬਾਰੇ ਹੋਈ ਅਹਿਮ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗਾਊਂ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦਾ ਸਾਹਮਣਾ ਕਰਨ ਲਈ ਪੂਰੀ ਜ਼ਿੰਮੇਵਾਰੀ ਅਤੇ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸ.ਡੀ.ਐਮ. ਜ਼ੀਰਾ ਸੂਰਜ, ਐਸ.ਡੀ.ਐਮ. ਗੁਰੂਹਰਸਹਾਏ ਹਰਦੀਪ ਸਿੰਘ ਹਾਜ਼ਰ ਸਨ।

ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰੁਕਨੇ ਵਾਲਾ, ਗੱਟਾ ਬਾਦਸ਼ਾਹ ਅਤੇ  ਨਾਜ਼ੁਕ ਸਥਿਤੀ ਵਾਲੇ ਹੋਰ ਪਿੰਡਾਂ ਦਾ ਪਹਿਲਾਂ ਤੋਂ ਹੀ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈ ਲਿਆ ਜਾਵੇ ਅਤੇ ਬੰਨ੍ਹਾਂ, ਨੋਚਾਂ, ਪੁਲਾਂ, ਰਸਤਿਆਂ ਆਦਿ ਨੂੰ ਪਹਿਲਾਂ ਤੋਂ ਹੀ ਮਜ਼ਬੂਤ ਕਰ ਲਿਆ ਜਾਵੇ ਤਾਂ ਜੋ ਭਾਰੀ ਮੀਂਹ ਅਤੇ ਸਤਲੁਜ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਕੋਈ ਨੁਕਸਾਨ ਨਾ ਹੋਵੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰੇਤਾ ਦੇ ਗੱਟੇ, ਕਿਸ਼ਤੀਆਂ, ਬੇੜੀਆਂ, ਲਾਈਫ਼ ਜੈਕਟਾਂ, ਫਲੱਡ ਲਾਈਟਾਂ, ਸਰਚ ਲਾਈਟਾਂ, ਮੈਡੀਕਲ ਜ਼ਰੂਰਤਾਂ ਆਦਿ ਸਮਾਨ ਦੀ ਪਹਿਲਾਂ ਤੋਂ ਹੀ ਜਾਂਚ ਕਰ ਲਈ ਜਾਵੇ ਅਤੇ ਜੇਕਰ ਕਿਸੇ ਸਮਾਨ ਨੂੰ ਰਿਪੇਅਰ ਦੀ ਲੋੜ ਹੈ, ਤਾਂ ਤੁਰੰਤ ਠੀਕ ਕਰਵਾਇਆ ਜਾਵੇ। ਇਸ ਤੋਂ ਇਲਾਵਾ ਡਰੇਨਜ਼ ਅਤੇ ਸੀਵਰੇਜ਼ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇ।

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਗੇ ਕਿਹਾ ਕਿ ਆਗਾਮੀ ਮਾਨਸੂਨ ਦੌਰਾਨ ਭਾਰੀ ਮੀਂਹ ਕਾਰਨ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 01632-244017 ਹੈ। ਇਸ ਤੋਂ ਇਲਾਵਾ ਸਬੰਧਤ ਵਿਭਾਗਾਂ ਕੇ ਅਧਿਕਾਰੀਆਂ ਨੂੰ ਰਾਹਤ ਕੈਂਪਾਂ ਲਈ ਨਿਸ਼ਚਿਤ ਕੀਤੇ ਸਥਾਨਾਂ ਦਾ ਪਹਿਲਾਂ ਤੋਂ ਦੌਰਾ ਕਰਕੇ ਪ੍ਰਬੰਧ ਯਕੀਨੀ ਬਣਾਏ ਜਾਣ ਲਈ ਹਦਾਇਤ ਵੀ ਕੀਤੀ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਬਚਾਅ ਕਾਰਜਾਂ ਲਈ ਕਿਸ਼ਤੀਆਂ/ਬੇੜੀਆਂ, ਵਹੀਕਲਾਂ, ਬੱਸਾਂ, ਟਰੈਕਟਰਾਂ, ਅਤੇ ਹੋਰ ਮਸ਼ੀਨਰੀ ਪਹਿਲਾਂ ਤੋਂ ਹੀ ਮੈਪ ਕਰ ਕੇ ਰੱਖਣ ਲਈ ਕਿਹਾ ਤਾਂ ਜੋ ਲੋੜ ਪੈਣ ’ਤੇ ਬਚਾਅ ਕਾਰਜਾਂ ਦੌਰਾਨ ਇਨ੍ਹਾਂ ਦੀ ਉਪਲੱਬਧਤਾ ਸੁਖਾਲੀ ਹੋ ਸਕੇ।
ਉਨ੍ਹਾਂ ਸਿਹਤ ਵਿਭਾਗ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪਸ਼ੂ ਪਾਲਣ ਵਿਭਾਗ, ਪੀ.ਡਬਲਿਊ.ਡੀ., ਮੰਡੀ ਬੋਰਡ, ਮਾਰਕਫੈੱਡ, ਪੀ.ਐਸ.ਪੀ.ਸੀ.ਐਲ. ਅਤੇ ਖੇਤੀਬਾੜੀ ਆਦਿ ਵਿਭਾਗਾਂ ਨੂੰ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਸਬੰਧੀ ਤਿਆਰੀਆਂ ਮੁਕੰਮਲ ਰੱਖਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੰਭਾਵੀ ਹੜ੍ਹਾਂ ਸਬੰਧੀ ਪੂਰੀ ਗੰਭੀਰਤਾ ਨਾਲ ਅਗੇਤੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਜੇਕਰ ਹੜ੍ਹਾਂ ਵਰਗੇ ਹਾਲਾਤ ਬਣਨ ਤਾਂ ਸਮੇਂ ਸਿਰ ਨਜਿੱਠਿਆ ਜਾ ਸਕੇ।

ਮੀਟਿੰਗ ਵਿੱਚ ਬੀ.ਐਸ.ਐਫ਼. ਅਤੇ ਆਰਮੀ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਧਿਕਾਰੀ/ਕਰਮਚਾਰੀ ਆਦਿ ਵੀ ਹਾਜ਼ਰ ਸਨ।